ਰਾਜਨੀਤਿਕ ਪਾਰਟੀਆਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੁਹਿੰਮ ਚ ਸਰਗਰਮ ਸਹਿਯੋਗ ਦੇਣ ਨਿਧੀ ਕੁਮੁਦ ਬੰਬਾਹ

ਹੁਸ਼ਿਆਰਪੁਰ- ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਿਧੀ ਕੁਮੁਦ ਬੰਬਾਹ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) ਸਬੰਧੀ ਸੋਧੇ ਹੋਏ ਪ੍ਰੋਗਰਾਮ ਦੀ ਜਾਣਕਾਰੀ ਦਿੱਤੀ। ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਇਸ ਮਹੱਤਵਪੂਰਨ ਕੰਮ ਨੂੰ ਪਾਰਦਰਸ਼ੀ, ਨਿਰਪੱਖ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਚੋਣ ਵਿਭਾਗ ਦਾ ਪੂਰਾ ਸਹਿਯੋਗ ਦਿੱਤਾ ਜਾਵੇ।
   ਮੀਟਿੰਗ ਦੌਰਾਨ ਨਿਧੀ ਕੁਮੁਦ ਬੰਬਾਹ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਲਈ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) ਦਾ ਸੋਧਿਆ ਹੋਇਆ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਅਨੁਸਾਰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦਾ ਡਰਾਫਟ ਹੁਣ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ ਅਤੇ ਦਾਅਵੇ ਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ 2026 ਤੱਕ ਪ੍ਰਾਪਤ ਕੀਤੇ ਜਾਣਗੇ।
   ਇਸੇ ਤਰ੍ਹਾਂ ਨੋਟਿਸ ਪੜਾਅ/ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਦੀ ਪ੍ਰਕਿਰਿਆ 3 ਅਗਸਤ ਤੋਂ 28 ਸਤੰਬਰ 2026 ਤੱਕ ਚੱਲੇਗੀ। ਅੰਤਿਮ ਵੋਟਰ ਸੂਚੀ ਦਾ ਪ੍ਰਕਾਸ਼ਨ 1 ਅਕਤੂਬਰ 2026 ਨੂੰ ਕੀਤਾ ਜਾਵੇਗਾ।
        ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ 18 ਮਈ 2026 ਨੂੰ ਹੋਈ ਮੀਟਿੰਗ ਵਿੱਚ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਆਪਣੇ-ਆਪਣੇ ਬੂਥ ਲੈਵਲ ਏਜੰਟ (ਬੀ.ਐਲ.ਏ.) ਨਿਯੁਕਤ ਕਰਨ ਦੀ ਬੇਨਤੀ ਕੀਤੀ ਗਈ ਸੀ। ਉਨ੍ਹਾਂ ਦੁਬਾਰਾ ਅਪੀਲ ਕੀਤੀ ਕਿ ਸਾਰੀਆਂ ਰਾਜਨੀਤਿਕ ਪਾਰਟੀਆਂ ਜਲਦ ਤੋਂ ਜਲਦ ਆਪਣੇ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਕਰਕੇ ਸਬੰਧਤ ਬੂਥਾਂ ਦੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓ.) ਨੂੰ ਇਸ ਦੀ ਜਾਣਕਾਰੀ ਦੇਣ ਅਤੇ ਇਸ ਦੀ ਇੱਕ ਕਾਪੀ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ ਅਤੇ ਜ਼ਿਲ੍ਹਾ ਚੋਣ ਦਫ਼ਤਰ ਨੂੰ ਵੀ ਭੇਜਣ। ਉਨ੍ਹਾਂ ਕਿਹਾ ਕਿ ਬੀ.ਐਲ.ਏ. ਦੀ ਸਰਗਰਮ ਭਾਗੀਦਾਰੀ ਨਾਲ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਕੰਮ ਹੋਰ ਵੱਧ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਸਮੇਂ ਸਿਰ ਪੂਰਾ ਕੀਤਾ ਜਾ ਸਕੇਗਾ।
          ਨਿਧੀ ਕੁਮੁਦ ਬੰਬਾਹ ਨੇ ਦੱਸਿਆ ਕਿ ਇਸ ਵੇਲੇ ਜ਼ਿਲ੍ਹੇ ਵਿੱਚ ਪ੍ਰੀ-ਐੱਸ.ਆਈ.ਆਰ. ਮੈਪਿੰਗ ਦਾ ਕੰਮ ਚੱਲ ਰਿਹਾ ਹੈ, ਜਿਸ ਤਹਿਤ ਸਾਲ 2025 ਦੀ ਵੋਟਰ ਸੂਚੀ ਵਿੱਚ ਦਰਜ ਵੋਟਰਾਂ ਦਾ ਮਿਲਾਨ ਸਾਲ 2003 ਦੀ ਵੋਟਰ ਸੂਚੀ ਨਾਲ ਕੀਤਾ ਜਾ ਰਿਹਾ ਹੈ। ਇਸ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਲਈ ਮੁੱਖ ਚੋਣ ਅਫ਼ਸਰ, ਪੰਜਾਬ ਦੇ ਨਿਰਦੇਸ਼ਾਂ ਅਨੁਸਾਰ 7 ਜੂਨ 2026 ਨੂੰ ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਸ ਦੌਰਾਨ ਬੂਥ ਲੈਵਲ ਅਫ਼ਸਰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਪੋਲਿੰਗ ਸਟੇਸ਼ਨਾਂ ‘ਤੇ ਮੌਜੂਦ ਰਹਿ ਕੇ ਵੋਟਰ ਮੈਪਿੰਗ ਦਾ ਕੰਮ ਕਰਨਗੇ।
       ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਵੋਟਰਾਂ ਦੀ ਪ੍ਰੀ-ਐੱਸ.ਆਈ.ਆਰ. ਮੈਪਿੰਗ ਅਜੇ ਤੱਕ ਨਹੀਂ ਹੋ ਸਕੀ, ਉਨ੍ਹਾਂ ਨੂੰ ਵਿਸ਼ੇਸ਼ ਕੈਂਪਾਂ ਵਿੱਚ ਪਹੁੰਚਣ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਬੂਥ ਲੈਵਲ ਅਫ਼ਸਰਾਂ ਨੂੰ ਲੋੜੀਂਦਾ ਸਹਿਯੋਗ ਦਿੱਤਾ ਜਾਵੇ।
           ਮੀਟਿੰਗ ਦੌਰਾਨ ਉਨ੍ਹਾਂ ਜਾਣਕਾਰੀ ਦਿੱਤੀ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਕੁੱਲ 12,68,739 ਰਜਿਸਟਰਡ ਵੋਟਰਾਂ ਵਿੱਚੋਂ ਹੁਣ ਤੱਕ 11,21,711 ਵੋਟਰਾਂ ਦੀ ਪ੍ਰੀ-ਐੱਸ.ਆਈ.ਆਰ. ਮੈਪਿੰਗ ਪੂਰੀ ਕੀਤੀ ਜਾ ਚੁੱਕੀ ਹੈ, ਜੋ ਕਿ ਕੁੱਲ ਵੋਟਰਾਂ ਦਾ 88.41 ਫੀਸਦੀ ਬਣਦਾ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਰਾਜਨੀਤਿਕ ਪਾਰਟੀਆਂ ਅਤੇ ਆਮ ਨਾਗਰਿਕਾਂ ਦੇ ਸਹਿਯੋਗ ਨਾਲ ਬਾਕੀ ਰਹਿੰਦੇ ਵੋਟਰਾਂ ਦੀ ਮੈਪਿੰਗ ਵੀ ਜਲਦੀ ਪੂਰੀ ਕਰ ਲਈ ਜਾਵੇਗੀ।
      ਇਸ ਮੌਕੇ ਚੋਣ ਕਾਨੂੰਨਗੋ ਦੀਪਕ ਕੁਮਾਰ, ਲਖਬੀਰ ਸਿੰਘ, ਆਮ ਆਦਮੀ ਪਾਰਟੀ ਤੋਂ ਜਸਪਾਲ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਰਜਨੀਸ਼ ਟੰਡਨ, ਭਾਜਪਾ ਤੋਂ ਭੂਸ਼ਣ ਕੁਮਾਰ ਸ਼ਰਮਾ, ਸ਼੍ਰੋਮਣੀ ਅਕਾਲੀ ਦਲ ਤੋਂ ਗੁਰਿੰਦਰ ਸਿੰਘ ਗੋਲਡੀ ਅਤੇ ਜਗਤਾਰ ਸਿੰਘ ਵੀ ਹਾਜ਼ਰ ਸਨ।