ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫ਼ਰੰਸ ਰਾਹੀਂ ਮੀਟਿੰਗ
ਨਵੀਂ ਦਿੱਲੀ:- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੱਧ ਪੂਰਬ ਵਿਚ ਜੰਗ ਕਾਰਨ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਅੱਜ ਮੁੱਖ ਮੰਤਰੀਆਂ ਨਾਲ ਵਰਚੁਅਲ ਮੀਟਿੰਗ ਕੀਤੀ। ਉਨ੍ਹਾਂ ਰਾਜਾਂ ਵਿਚ ਪੈਦਾ ਹੋ ਰਹੇ ਵੱਖ ਵੱਖ ਵਸਤਾਂ ਦੇ ਸੰਕਟ ਨਾਲ ਨਜਿੱਠਣ ਦੀਆਂ ਤਿਆਰੀਆਂ ਅਤੇ ਯੋਜਨਾਵਾਂ ਦੀ ਸਮੀਖਿਆ ਕੀਤੀ। ਇਸ ਮੀਟਿੰਗ ਵਿਚ ਹੋਰਨਾਂ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੀ ਸ਼ਾਮਲ ਹੋਏ।
ਇਸ ਮੀਟਿੰਗ ਵਿੱਚ ਜ਼ਰੂਰੀ ਵਸਤਾਂ, ਮੁੱਖ ਤੌਰ 'ਤੇ ਕੱਚਾ ਤੇਲ, ਕੁਦਰਤੀ ਗੈਸ ਅਤੇ ਖਾਦਾਂ ਦੀ ਮੌਜੂਦਾ ਉਪਲਬਧਤਾ ਦਾ ਜਾਇਜ਼ਾ ਲਿਆ ਗਿਆ ਅਤੇ ਕਿਸੇ ਵੀ ਤਰ੍ਹਾਂ ਦੀ ਕਮੀ ਨੂੰ ਦੂਰ ਕਰਨ ਲਈ ਕਦਮ ਚੁੱਕਣ ਵਾਲੇ ਗੱਲਬਾਤ ਕੀਤੀ ਗਈ। ਸ੍ਰੀ ਮੋਦੀ ਨੇ ਕਿਹਾ ਕਿ ਭਾਰਤ ਕੋਲ ਤੇਲ ਦੀ ਲੋੜੀਂਦੀ ਸਪਲਾਈ ਹੈ ਅਤੇ ਕਿਤੇ ਵੀ ਸਟਾਕ ਖ਼ਤਮ ਹੋਣ ਵਰਗੀ ਸਥਿਤੀ ਨਹੀਂ ਹੈ।
ਉਨ੍ਹਾਂ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਅਪੀਲ ਕੀਤੀ ਕਿ ਉਹ ਜਮ੍ਹਾਂਖੋਰੀ (ਕਾਲਾਬਜ਼ਾਰੀ) ਦੀ ਜਾਂਚ ਕਰਨ ਅਤੇ ਗਲਤ ਜਾਣਕਾਰੀ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ। ਪ੍ਰਧਾਨ ਮੰਤਰੀ ਨੇ ਇਸ ਤੋਂ ਪਹਿਲਾਂ ਸੰਸਦ ਵਿੱਚ ਆਪਣੇ ਸੰਬੋਧਨ ਦੌਰਾਨ ਕੋਵਿਡ-19 ਬਾਰੇ ਗੱਲ ਕਰਦਿਆਂ ਕਿਹਾ ਸੀ ਕਿ ਰਾਜਾਂ ਅਤੇ ਕੇਂਦਰ ਨੂੰ ਮੌਜੂਦਾ ਸੰਕਟ 'ਤੇ ਕਾਬੂ ਪਾਉਣ ਲਈ 'ਟੀਮ ਇੰਡੀਆ' ਵਜੋਂ ਕੰਮ ਕਰਨਾ ਹੋਵੇਗਾ।
