ਪੰਜਾਬੀ ਯੂਨੀਵਰਸਿਟੀ ਕੰਟਰੈਕਟ ਅਧਿਆਪਕਾਂ ਵੱਲੋਂ ਰੋਸ ਰੈਲੀ ਪ੍ਰਸ਼ਾਸਨ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਪਟਿਆਲਾ:- ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰ ਅਸੋਸੀਏਸ਼ਨ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਯੂਨੀਵਰਸਿਟੀ ਕੈਂਪਸ ਵਿੱਚ ਰੋਸ ਰੈਲੀ ਕੱਢੀ ਗਈ। ਰੈਲੀ ਦੀ ਸ਼ੁਰੂਆਤ ਵਾਈਸ ਚਾਂਸਲਰ ਦਫ਼ਤਰ ਤੋਂ ਹੋਈ, ਜੋ ਰਜਿਸਟਰਾਰ ਦਫ਼ਤਰ ਅਤੇ ਲਾਇਬ੍ਰੇਰੀ ਤੋਂ ਹੁੰਦੀ ਹੋਈ ਯੂਨੀਵਰਸਿਟੀ ਦੇ ਮੁੱਖ ਗੇਟ ਤੱਕ ਪਹੁੰਚੀ ਅਤੇ ਉਥੋਂ ਵਾਪਸ ਵਾਈਸ ਚਾਂਸਲਰ ਦਫ਼ਤਰ ਵਿਖੇ ਸਮਾਪਤ ਹੋਈ। ਇਸ ਦੌਰਾਨ ਯੂਨੀਅਨ ਵੱਲੋਂ ਯੂਨੀਵਰਸਿਟੀ ਦਾ ਮੁੱਖ ਗੇਟ ਵੀ ਕੁਝ ਸਮੇਂ ਲਈ ਬੰਦ ਰੱਖਿਆ ਗਿਆ।
ਰੈਲੀ ਦੌਰਾਨ ਕੰਟਰੈਕਟ ਅਧਿਆਪਕਾਂ ਨੇ ਯੂਨੀਵਰਸਿਟੀ ਪ੍ਰਸ਼ਾਸਨ ਦੀਆਂ ਨੀਤੀਆਂ ਅਤੇ ਮੰਗਾਂ ਪ੍ਰਤੀ ਅਣਗਹਿਲੀ ਦੇ ਵਿਰੋਧ ਵਿੱਚ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਅਧਿਆਪਕ ਸਾਥੀ ਜਸਪ੍ਰੀਤ ਸਿੰਘ ਜੱਸੀ ਨੇ ਵੀ ਰੈਲੀ ਦੌਰਾਨ ਨਾਅਰੇਬਾਜ਼ੀ ਕਰਦਿਆਂ ਅਧਿਆਪਕਾਂ ਦੀਆਂ ਮੰਗਾਂ ਨੂੰ ਬੁਲੰਦ ਆਵਾਜ਼ ਵਿੱਚ ਉਠਾਇਆ।
ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਉਪ-ਪ੍ਰਧਾਨ ਰਾਜ ਮਹਿੰਦਰ ਕੌਰ, ਡਾ. ਦਲਵੀਰ ਸਿੰਘ, ਅਸਿਸਟੈਂਟ ਪ੍ਰੋਫੈਸਰ ਸੁਰਿੰਦਰ ਸਿੰਘ ਅਤੇ ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰ ਅਸੋਸੀਏਸ਼ਨ ਜਨਰਲ ਸਕੱਤਰ ਰਮਨ ਪ੍ਰੀਤ ਸਿੰਘ ਨੇ ਕਿਹਾ ਕਿ ਕੰਟਰੈਕਟ ਅਧਿਆਪਕ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਇਨ੍ਹਾਂ ਮੰਗਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ।
ਅਧਿਆਪਕਾਂ ਦੀਆਂ ਮੁੱਖ ਮੰਗਾਂ ਵਿੱਚ UGC ਰੈਗੂਲੇਸ਼ਨ 2010 ਅਤੇ 2018 ਨੂੰ ਲਾਗੂ ਕਰਨਾ ਅਤੇ ਮਾਨਯੋਗ ਹਾਈਕੋਰਟ ਵੱਲੋਂ ਅਧਿਆਪਕਾਂ ਦੇ ਹੱਕ ਵਿੱਚ ਦਿੱਤੇ ਗਏ ਫੈਸਲੇ ਨੂੰ ਲਾਗੂ ਕਰਨਾ ਸ਼ਾਮਲ ਹੈ। ਅਧਿਆਪਕਾਂ ਨੇ ਮੰਗ ਕੀਤੀ ਕਿ ਹਾਈਕੋਰਟ ਦੇ ਫੈਸਲੇ ਨੂੰ ਲਾਗੂ ਕਰਨ ਵਿੱਚ ਹੋਰ ਦੇਰੀ ਨਾ ਕੀਤੀ ਜਾਵੇ ਅਤੇ ਕੰਟਰੈਕਟ ਅਧਿਆਪਕਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਦਿੱਤੇ ਜਾਣ।
ਰੈਲੀ ਦੌਰਾਨ ਅਧਿਆਪਕਾਂ ਵੱਲੋਂ “ਆਪਣੀਆਂ ਮਨਮਰਜ਼ੀਆਂ ਬੰਦ ਕਰੋ”, “UGC ਰੈਗੂਲੇਸ਼ਨ ਲਾਗੂ ਕਰੋ”, “ਹਾਈਕੋਰਟ ਦਾ ਫੈਸਲਾ ਲਾਗੂ ਕਰੋ”, “ਕੰਟਰੈਕਟ ਅਧਿਆਪਕਾਂ ਨਾਲ ਇਨਸਾਫ਼ ਕਰੋ” ਅਤੇ “ਕੰਟਰੈਕਟ ਅਧਿਆਪਕ ਏਕਤਾ ਜ਼ਿੰਦਾਬਾਦ” ਵਰਗੇ ਨਾਅਰੇ ਲਗਾਏ ਗਏ।
ਇਸ ਰੈਲੀ ਨੂੰ ਅਧਿਆਪਕ ਜੱਥੇਬੰਦੀ ਅਤੇ ਪੰਜਾਬੀ ਯੂਨੀਵਰਸਿਟੀ ਟੀਚਰ ਅਸੋਸੀਏਸ਼ਨ ਵੱਲੋਂ ਵੀ ਸਹਿਯੋਗ ਦਿੱਤਾ ਗਿਆ। ਵਿਦਿਆਰਥੀ ਜੱਥੇਬੰਦੀਆਂ ਅਤੇ ਪੀਐਸਯੂ ਲੱਲਕਾਰ ਵਲੋਂ ਵੀ ਰੈਲੀ ਵਿੱਚ ਸ਼ਾਮਿਲ ਹੋ ਕੇ ਯੂਨੀਵਰਸਿਟੀ ਪ੍ਰਸ਼ਾਸਨ ਦਾ ਵਿਰੋਧ ਕੀਤਾ ਗਿਆ ।ਟੀਚਰ ਅਸੋਸੀਏਸ਼ਨ ਪੂਟਾ ਵੱਲੋਂ ਡਾ. ਸੁਖਜਿੰਦਰ ਸਿੰਘ ਬੁੱਟਰ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕੰਟਰੈਕਟ ਅਧਿਆਪਕਾਂ ਦੀਆਂ ਮੰਗਾਂ ਨਾਲ ਇਕਜੁੱਟਤਾ ਪ੍ਰਗਟਾਈ।
ਰੈਲੀ ਦੇ ਅੰਤ ਵਿੱਚ ਕੰਟਰੈਕਟ ਅਧਿਆਪਕਾਂ ਨੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਉਹ ਟਕਰਾਅ ਦੀ ਥਾਂ ਗੱਲਬਾਤ ਰਾਹੀਂ ਮਸਲੇ ਦਾ ਹੱਲ ਕਰੇ ਅਤੇ UGC ਰੈਗੂਲੇਸ਼ਨ ਅਤੇ ਮਾਨਯੋਗ ਹਾਈਕੋਰਟ ਦੇ ਫੈਸਲੇ ਨੂੰ ਤੁਰੰਤ ਲਾਗੂ ਕਰਕੇ ਅਧਿਆਪਕਾਂ ਨੂੰ ਇਨਸਾਫ਼ ਪ੍ਰਦਾਨ ਕਰੇ।
ਪੰਜਾਬੀ ਯੂਨੀਵਰਸਿਟੀ ਟੀਚਰ ਐਸੋਸੀਏਸ਼ਨ ਨੇ ਐਲਾਨ ਕੀਤਾ ਕਿ ਜਦੋਂ ਤੱਕ ਪੰਜਾਬੀ ਯੂਨੀਵਰਸਿਟੀ ਵੱਲੋਂ ਮਾਨਯੋਗ ਹਾਈਕੋਰਟ ਦੇ ਫੈਸਲੇ ਨੂੰ ਲਾਗੂ ਨਹੀਂ ਕੀਤਾ ਜਾਂਦਾ ਅਤੇ ਕੰਟਰੈਕਟ ਅਧਿਆਪਕਾਂ ਨੂੰ UGC ਨਿਯਮਾਂ ਅਨੁਸਾਰ ਬਣਦੀ ਤਨਖਾਹ ਨਹੀਂ ਦਿੱਤੀ ਜਾਂਦੀ, ਉਦੋਂ ਤੱਕ ਯੂਨੀਵਰਸਿਟੀ ਕੈਂਪਸ ਵਿੱਚ ਧਰਨਾ ਜਾਰੀ ਰਹੇਗਾ। ਇਸ ਦੇ ਨਾਲ ਹੀ ਵਾਈਸ ਚਾਂਸਲਰ ਦਫ਼ਤਰ ਦਾ ਘਿਰਾਓ ਕਰਕੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦੀ ਚੇਤਾਵਨੀ ਵੀ ਦਿੱਤੀ ਗਈ।