ਮੀਂਹ ਆਮ ਲੋਕਾਂ ਲਈ ਰਾਹਤ ਕਿਸਾਨਾਂ ਲਈ ਆਫ਼ਤ
ਚੰਡੀਗੜ੍ਹ- ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ ਸੋਮਵਾਰ ਸਵੇਰ ਤੋਂ ਰੁਕ ਰੁਕ ਕੇ ਮੀਂਹ ਜਾਰੀ ਹੈ। ਮੀਂਹ ਨਾਲ ਆਮ ਲੋਕਾਂ ਨੂੰ ਜਿੱਥੇ ਗਰਮੀ ਤੇ ਹੁਮਸ ਭਰੇ ਮੌਸਮ ਤੋਂ ਰਾਹਤ ਮਿਲੀ ਹੈ, ਉਥੇ ਮੀਂਹ ਕਿਸਾਨਾਂ ਲਈ ਆਫ਼ਤ ਬਣ ਗਿਆ ਹੈ। ਕਿਸਾਨਾਂ ਨੂੰ ਮੀਂਹ ਨਾਲ ਦੋਹਰੀ ਮਾਰ ਪਈ ਹੈ। ਪਹਿਲਾਂ ਹੜ੍ਹਾਂ ਨੇ ਖੇਤਾਂ ਵਿਚ ਖੜੀ ਝੋਨੇ ਦੀ ਫ਼ਸਲ ਤਬਾਹ ਕਰ ਦਿੱਤੀ ਹੈ, ਹੁਣ ਝੋਨੇ ਦੀ ਵਾਢੀ ਤੇ ਮੰਡੀਆਂ ਵਿਚ ਲੱਗੇ ਝੋਨੇ ਦੇ ਢੇਰ ਨੇ ਕਿਸਾਨਾਂ ਨੂੰ ਫ਼ਿਕਰਾਂ ਵਿਚ ਪਾਇਆ ਹੋਇਆ ਹੈ।
ਪੰਜਾਬ ਦੇ ਇੱਕ ਦਰਜਨ ਤੋਂ ਵੱਧ ਸ਼ਹਿਰਾਂ ਵਿੱਚ ਅੱਜ ਸਵੇਰ ਤੋਂ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਦਾ ਕਹਿਰ ਜਾਰੀ ਹੈ। ਮੀਂਹ ਅਤੇ ਤੇਜ਼ ਹਵਾਵਾਂ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਇਸ ਦੌਰਾਨ ਜ਼ਿਆਦਾਤਰ ਕਿਸਾਨਾਂ ਨੂੰ ਝੋਨੇ ਦੀ ਵਾਢੀ ਨੂੰ ਲੈ ਕੇ ਫ਼ਿਕਰ ਸਤਾਉਣ ਲੱਗਾ ਹੈ। ਉਪਰੋਂ ਮੰਡੀਆਂ ਵਿੱਚ ਝੋਨਾ ਨਾ ਵਿਕਣ ਕਰਕੇ ਮੁਸ਼ਕਲਾਂ ਦਾ ਸਾਹਮਣਾ ਵੱਖਰਾ ਕਰਨਾ ਪੈ ਰਿਹਾ ਹੈ।
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰ ਤੋਂ ਅੰਮ੍ਰਿਤਸਰ, ਤਰਨ ਤਾਰਨ, ਮੋਗਾ, ਪਠਾਨਕੋਟ, ਫਿਰੋਜ਼ਪੁਰ, ਫਾਜ਼ਿਲਕਾ, ਮੁਹਾਲੀ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਸਣੇ ਹੋਰਨਾਂ ਕਈ ਸ਼ਹਿਰਾਂ ਵਿੱਚ ਮੀਂਹ ਪੈ ਰਿਹਾ ਹੈ। ਮੀਂਹ ਦੇ ਨਾਲ ਹੀ ਚੱਲ ਰਹੀਆਂ ਤੇਜ਼ ਹਵਾਵਾਂ ਕਰਕੇ ਖੇਤਾਂ ਵਿੱਚ ਝੋਨੇ ਦੀ ਫਸਲ ਵਿਛ ਗਈ ਹੈ। ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਣੇ ਉੱਤਰ ਭਾਰਤ ਵਿੱਚ ਅਗਲੇ 48 ਘੰਟੇ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਹੈ।
