ਮਨੁੱਖਤਾ ਦੀ ਸੇਵਾ ਲਈ ਰੈੱਡ ਕਰਾਸ ਹਮੇਸ਼ਾ ਤਤਪਰ ਅੰਕਿਤਾ ਕਾਂਸਲ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਜੁਲਾਈ:- ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਸ੍ਰੀਮਤੀ ਕੋਮਲ ਮਿੱਤਲ, ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਲੋੜਵੰਦ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਦੀ ਸਹਾਇਤਾ ਲਈ ਸਮੇਂ-ਸਮੇਂ 'ਤੇ ਲੋਕ ਭਲਾਈ ਦੀਆਂ ਗਤੀਵਿਧੀਆਂ ਚਲਾਈਆਂ ਜਾਂਦੀਆਂ ਹਨ।
ਇਸੇ ਕੜੀ ਤਹਿਤ ਪਿੰਡ ਤਿਊੜ, ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਵਸਨੀਕ ਸ੍ਰੀ ਹਰਮਿੰਦਰ ਸਿੰਘ ਪੁੱਤਰ ਸ੍ਰੀ ਜਰਨੈਲ ਸਿੰਘ, ਜੋ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦੇ ਹਨ, ਇੱਕ ਹਾਦਸੇ ਦੌਰਾਨ ਕੰਮ ਕਰਦੇ ਸਮੇਂ ਉਨ੍ਹਾਂ ਉੱਪਰ ਕੰਧ ਡਿੱਗ ਜਾਣ ਕਾਰਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਸਨ। ਇਸ ਵੇਲੇ ਉਨ੍ਹਾਂ ਦਾ ਇਲਾਜ ਪੀ.ਜੀ.ਆਈ., ਚੰਡੀਗੜ੍ਹ ਵਿਖੇ ਚੱਲ ਰਿਹਾ ਹੈ। ਪਰਿਵਾਰ ਵਿੱਚ ਹੋਰ ਕੋਈ ਕਮਾਉਣ ਵਾਲਾ ਨਾ ਹੋਣ ਕਰਕੇ ਉਨ੍ਹਾਂ ਨੂੰ ਆਰਥਿਕ ਅਤੇ ਰੋਜ਼ਾਨਾ ਲੋੜਾਂ ਸਬੰਧੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਮਾਨਵਤਾ ਦੀ ਸੇਵਾ ਦੇ ਆਪਣੇ ਉਦੇਸ਼ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਪਰਿਵਾਰ ਨੂੰ ਇੱਕ ਮੁਫ਼ਤ ਰਾਸ਼ਨ ਕਿੱਟ ਮੁਹੱਈਆ ਕਰਵਾਈ ਗਈ।
ਇਸ ਮੌਕੇ ਡਾ. ਅੰਕਿਤਾ ਕਾਸ਼ਲ, ਪੀ.ਸੀ.ਐਸ., ਸਹਾਇਕ ਕਮਿਸ਼ਨਰ-ਕਮ-ਅਵੇਤਨ ਸਕੱਤਰ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਐਸ.ਏ.ਐਸ. ਨਗਰ ਨੇ ਦੱਸਿਆ ਕਿ ਰੈੱਡ ਕਰਾਸ ਸੁਸਾਇਟੀ ਸੰਕਟ ਅਤੇ ਮੁਸੀਬਤ ਦੀ ਘੜੀ ਵਿੱਚ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਹਮੇਸ਼ਾ ਵਚਨਬੱਧ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਪ੍ਰਦਾਨ ਕੀਤੀ ਗਈ ਰਾਸ਼ਨ ਕਿੱਟ ਵਿੱਚ ਆਟਾ, ਦਾਲਾਂ, ਖੰਡ, ਖਾਣ ਵਾਲਾ ਤੇਲ, ਚਾਵਲ ਅਤੇ ਹੋਰ ਰੋਜ਼ਾਨਾ ਵਰਤੋਂ ਦੀਆਂ ਜ਼ਰੂਰੀ ਵਸਤਾਂ ਸ਼ਾਮਲ ਹਨ, ਤਾਂ ਜੋ ਪਰਿਵਾਰ ਦੀਆਂ ਮੁੱਢਲੀਆਂ ਲੋੜਾਂ ਨੂੰ ਕੁਝ ਹੱਦ ਤੱਕ ਪੂਰਾ ਕੀਤਾ ਜਾ ਸਕੇ।
ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਜਨਰਲ ਸਕੱਤਰ ਸ੍ਰੀ ਹਰਬੰਸ ਸਿੰਘ ਨੇ ਕਿਹਾ ਕਿ ਰੈੱਡ ਕਰਾਸ ਦਾ ਮੁੱਖ ਉਦੇਸ਼ ਮਨੁੱਖਤਾ ਦੀ ਨਿਰਸਵਾਰਥ ਸੇਵਾ ਕਰਨਾ ਹੈ ਅਤੇ ਸੁਸਾਇਟੀ ਭਵਿੱਖ ਵਿੱਚ ਵੀ ਲੋੜਵੰਦਾਂ ਦੀ ਹਰ ਸੰਭਵ ਸਹਾਇਤਾ ਲਈ ਯਤਨਸ਼ੀਲ ਰਹੇਗੀ।
