ਖ਼ਾਲਸਾ ਕਾਲਜ ਵਿਖੇ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਲਈ ਗਈ
ਗੜ੍ਹਸ਼ੰਕਰ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਨੈਤਿਕ ਅਤੇ ਧਾਰਮਿਕ ਕਦਰਾਂ-ਕੀਮਤਾਂ ਦੇ ਪ੍ਰਚਾਰ ਪ੍ਰਸਾਰ ਦੇ ਮੰਤਵ ਨਾਲ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਆਯੋਜਿਤ ਕੀਤੀ ਗਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਹਰ ਸਾਲ ਵਿਦਿਆਰਥੀਆਂ ਦੇ ਨੈਤਿਕ, ਅਧਿਆਤਮਕ ਅਤੇ ਬੌਧਿਕ ਵਿਕਾਸ ਦੇ ਉਦੇਸ਼ ਨਾਲ ਲਈ ਗਈ ਪ੍ਰੀਖਿਆ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।
ਕਾਲਜ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨਾਲ ਜੋੜ ਕੇ ਹੀ ਉਨ੍ਹਾਂ ਅੰਦਰ ਕਦਰਾਂ ਕੀਮਤਾਂ ਦੇ ਨਾਲ ਨਾਲ ਸਮਾਜਿਕ ਚੇਤਨਾ ਦਾ ਵਿਕਾਸ ਕੀਤਾ ਜਾ ਸਕਦਾ ਹੈ। ਸਿੱਖ ਬਾਣੀ ਅਤੇ ਇਤਿਹਾਸ ਨਾਲ ਸੰਬੰਧਿਤ ਇਹੋ ਜਿਹੇ ਇਮਤਿਹਾਨ ਵਿਦਿਆਰਥੀਆਂ ਵਿਚ ਧਾਰਮਿਕ ਜਾਗਰੂਕਤਾ ਅਤੇ ਉਚੇਰੇ ਮੁੱਲਾਂ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਧਾਰਮਿਕ ਪ੍ਰੀਖਿਆ ਦੀ ਤਿਆਰੀ ਅਤੇ ਆਯੋਜਨ ਵਿਚ ਧਾਰਮਿਕ ਅਧਿਆਪਕ ਅੰਮ੍ਰਿਤਪਾਲ ਸਿੰਘ ਅਤੇ ਪ੍ਰੋ. ਸੌਰਵ ਦਾਦਰੀ ਵਲੋਂ ਜ਼ਿੰਮੇਵਾਰੀ ਨਿਭਾਈ ਗਈ। ਧਾਰਮਿਕ ਪ੍ਰੀਖਿਆ ਨੂੰ ਨਿਰਪੱਖ ਅਤੇ ਵਿਵਸਥਿਤ ਢੰਗ ਨਾਲ ਕਰਵਾਉਣ ਲਈ ਸੈਂਟਰ ਸੁਪਰਡੈਂਟ ਵਲੋਂ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਤੋਂ ਧਾਰਮਿਕ ਅਧਿਆਪਕਾਂ ਕਮਲਜੀਤ ਕੌਰ ਵਲੋਂ ਜ਼ਿੰਮੇਵਾਰੀ ਨਿਭਾਈ ਗਈ।
