ਸੰਤੋਸ਼ਗੜ੍ਹ ਪੁਲਿਸ ਵੱਲੋਂ ਟਿੱਪਰ ਚਾਲਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਈ ਵਾਹਨਾਂ ਦੇ ਕੀਤੇ ਚਲਾਨ
ਸੰਤੋਸ਼ਗੜ੍ਹ/ਊਨਾ, 7 ਜੂਨ (ਰਾਜਵੀਰ ਚੋਪੜਾ):- ਸੜਕ ਸੁਰੱਖਿਆ ਅਤੇ ਆਵਾਜਾਈ ਪ੍ਰਬੰਧ ਨੂੰ ਸੁਚਾਰੂ ਬਣਾਈ ਰੱਖਣ ਦੇ ਉਦੇਸ਼ ਨਾਲ ਸੰਤੋਸ਼ਗੜ੍ਹ ਪੁਲਿਸ ਵੱਲੋਂ ਟਿੱਪਰ ਚਾਲਕਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਉਂਦਿਆਂ ਸਖ਼ਤ ਕਾਰਵਾਈ ਕੀਤੀ ਗਈ।
ਇਸ ਮੁਹਿੰਮ ਤਹਿਤ ਪੁਲਿਸ ਨੇ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਟਿੱਪਰਾਂ ਦੇ ਦਸਤਾਵੇਜ਼ਾਂ, ਓਵਰਲੋਡਿੰਗ ਅਤੇ ਹੋਰ ਟ੍ਰੈਫਿਕ ਨਿਯਮਾਂ ਦੀ ਜਾਂਚ ਕੀਤੀ।
ਜਾਂਚ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਈ ਵਾਹਨਾਂ ਦੇ ਚਲਾਨ ਕੀਤੇ ਗਏ ਅਤੇ ਲੋੜੀਂਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਪੁਲਿਸ ਨੇ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, ਨਿਰਧਾਰਤ ਗਤੀ ਸੀਮਾ ਵਿੱਚ ਵਾਹਨ ਚਲਾਉਣ ਅਤੇ ਓਵਰਲੋਡਿੰਗ ਤੋਂ ਬਚਣ ਦੀ ਹਦਾਇਤ ਦਿੱਤੀ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸੜਕ ਸੁਰੱਖਿਆ ਅਤੇ ਆਮ ਲੋਕਾਂ ਦੀ ਸਹੂਲਤ ਨੂੰ ਤਰਜੀਹ ਦਿੰਦਿਆਂ ਅਜਿਹੀਆਂ ਵਿਸ਼ੇਸ਼ ਮੁਹਿੰਮਾਂ ਅੱਗੇ ਵੀ ਜਾਰੀ ਰਹਿਣਗੀਆਂ। ਉਨ੍ਹਾਂ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਾਲ ਸਾਰੇ ਲੋੜੀਂਦੇ ਦਸਤਾਵੇਜ਼ ਰੱਖਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਕੇ ਸੁਰੱਖਿਅਤ ਆਵਾਜਾਈ ਪ੍ਰਬੰਧ ਬਣਾਈ ਰੱਖਣ ਵਿੱਚ ਸਹਿਯੋਗ ਦੇਣ।
ਜ਼ਿਕਰਯੋਗ ਹੈ ਕਿ ਖੇਤਰ ਵਿੱਚ ਟਿੱਪਰਾਂ ਦੀ ਆਵਾਜਾਈ ਅਤੇ ਨਿਯਮਾਂ ਦੀ ਉਲੰਘਣਾ ਸਬੰਧੀ ਪਹਿਲਾਂ ਵੀ ਕਈ ਸ਼ਿਕਾਇਤਾਂ ਸਾਹਮਣੇ ਆਉਂਦੀਆਂ ਰਹੀਆਂ ਹਨ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਪੁਲਿਸ ਵੱਲੋਂ ਸਮੇਂ-ਸਮੇਂ ’ਤੇ ਅਜਿਹੀਆਂ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾਂਦੀਆਂ ਹਨ।
