ਵਿਸ਼ਵ ਬਾਲ ਮਜ਼ਦੂਰੀ ਵਿਰੁੱਧ ਦਿਵਸ"'ਤੇ ਸੈਮੀਨਾਰ ਦਾ ਆਯੋਜਨ
ਨਵਾਂਸ਼ਹਿਰ- ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਨਵਾਂਸ਼ਹਿਰ ਵਿਖੇ ਵਿਸ਼ਵ ਬਾਲੀ ਮਜ਼ਦੂਰੀ ਦਿਵਸ ਤੇ ਇੱਕ ਵਿਸ਼ੇਸ਼ ਸੈਮੀਨਾਰ ਆਯੋਜਿਤ ਕੀਤਾ ਗਿਆ ਜਿਸ ਦੀ ਪ੍ਰਧਾਨਗੀ ਕਰਦਿਆਂ ਚਮਨ ਸਿੰਘ ਪ੍ਰੋਜੈਕਟ ਡਾਇਰੈਕਟਰ ਨੇ ਸੰਬੋਧਨ ਕਰਦਿਆਂ, ਕਿਹਾ ਕਿ ਹਰ ਸਾਲ 12 ਜੂਨ ਨੂੰ, ਬੱਚਿਆਂ ਦੇ ਸ਼ੋਸ਼ਣ ਬਾਰੇ ਵਿਸ਼ਵਵਿਆਪੀ ਜਾਗਰੂਕਤਾ ਪੈਦਾ ਕਰਨ ਅਤੇ ਇਸਨੂੰ ਖਤਮ ਕਰਨ ਲਈ ਸਮੂਹਿਕ ਕਾਰਵਾਈ ਦੀ ਅਪੀਲ ਕਰਨ ਲਈ ਵਿਸ਼ਵ ਬਾਲ ਮਜ਼ਦੂਰੀ ਵਿਰੋਧੀ ਦਿਵਸ ਮਨਾਇਆ ਜਾਂਦਾ ਹੈ। ਇਹ ਦਿਨ ਉਨ੍ਹਾਂ ਬੱਚਿਆਂ ਦੀ ਦੁਰਦਸ਼ਾ ਵੱਲ ਧਿਆਨ ਖਿੱਚਣ 'ਤੇ ਕੇਂਦਰਿਤ ਕਰਦਾ ਹੈ ਜਿਨ੍ਹਾਂ ਨੂੰ ਸਿੱਖਿਆ ਪ੍ਰਾਪਤ ਕਰਨ ਦੀ ਬਜਾਏ ਮਜ਼ਦੂਰੀ ਕਰਨ ਲਈ ਮਜਬੂਰ ਕੀਤਾ ਜਾਂਦਾ ਹੈ।
ਬਾਲ ਮਜ਼ਦੂਰੀ 14 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਭਾਵ ਹੈ ਜਿਨ੍ਹਾਂ ਨੂੰ ਘਰਾਂ, ਦੁਕਾਨਾਂ, ਖੇਤਾਂ, ਫੈਕਟਰੀਆਂ ਅਤੇ ਹੋਰ ਖੇਤਰਾਂ ਵਿੱਚ ਕੰਮ ਕਰਵਾਇਆ ਜਾਂਦਾ ਹੈ, ਅਕਸਰ ਗਰੀਬੀ, ਦਬਾਅ ਜਾਂ ਸ਼ੋਸ਼ਣ ਦੇ ਕਾਰਨ। ਉਨ੍ਹਾਂ ਕਿਹਾ ਕਿ ਇਸ ਦਿਨ ਦਾ ਵਿਸ਼ਾ ਹੈ "ਪ੍ਰਗਤੀ ਸਪੱਸ਼ਟ ਹੈ, ਪਰ ਕਰਨ ਲਈ ਹੋਰ ਵੀ ਬਹੁਤ ਕੁਝ ਹੈ: ਆਓ ਕੋਸ਼ਿਸ਼ਾਂ ਨੂੰ ਤੇਜ਼ ਕਰੀਏ!"। ਇਹ ਇਸ ਤੱਥ ਨੂੰ ਉਜਾਗਰ ਕਰਦਾ ਹੈ ਕਿ ਲੱਖਾਂ ਬੱਚਿਆਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ, ਇਸ ਤੱਥ ਦੇ ਬਾਵਜੂਦ ਕਿ ਬਹੁਤ ਸਾਰੇ ਦੇਸ਼ਾਂ ਨੇ ਬਾਲ ਮਜ਼ਦੂਰੀ ਦੇ ਮਾਮਲਿਆਂ ਦੀ ਗਿਣਤੀ ਨੂੰ ਸਫਲਤਾਪੂਰਵਕ ਘਟਾ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਇਹ ਦਿਨ ਸਾਡੀ ਸਾਂਝੀ ਜ਼ਿੰਮੇਵਾਰੀ ਦੀ ਯਾਦ ਦਿਵਾਉਂਦਾ ਹੈ ਕਿ ਹਰੇਕ ਬੱਚੇ ਦੀ ਸਿੱਖਿਆ, ਸੁਰੱਖਿਆ ਅਤੇ ਸਿਹਤਮੰਦ ਪਾਲਣ-ਪੋਸ਼ਣ ਤੱਕ ਪਹੁੰਚ ਯਕੀਨੀ ਬਣਾਈ ਜਾਵੇ। ਅਜਿਹੇ ਉਪਰਾਲੇ ਕੀਤੇ ਜਾਣ ਕਿ ਕੋਈ ਵੀ ਬੱਚਾ ਦਸਵੀਂ ਜਮਾਤ ਦੀ ਪੜ੍ਹਾਈ ਤੋਂ ਵਾਝਾਂ ਨਾ ਰਹੇ। ਇਸ ਤਰ੍ਹਾਂ ਉਨ੍ਹਾਂ ਦਾ ਸਰੀਰਕ, ਮਾਨਸਿਕ ਅਤੇ ਬੌਧਿਕ ਵਿਕਾਸ ਹੋਵੇਗਾ।ਉਹ ਵੀ ਸਨਮਾਨ ਵਾਲੀ ਜ਼ਿੰਦਗੀ ਜਿਊਣਗੇ।ਬਾਲ ਮਜ਼ਦੂਰੀ ਸਬੰਧੀ ਭਾਰਤ ਸਰਕਾਰ ਵੱਲੋਂ ਬਣਾਏ ਗਏ ਕਾਨੂੰਨਾਂ ਨੂੰ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ।
ਕੌਂਸਲਰ ਕਮਲਜੀਤ ਕੌਰ ਅਤੇ ਕੁਲਵੰਤ ਸਿੰਘ ਨੇ ਵੀ ਇਸ ਦਿਨ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ।
ਇਸ ਮੌਕੇ ਮਨਜੀਤ ਸਿੰਘ, ਦਿਨੇਸ਼ ਕੁਮਾਰ, ਕਮਲਾ ਰਾਣੀ, ਜਸਵਿੰਦਰ ਕੌਰ ਅਤੇ ਮਰੀਜ਼ ਮੌਜੂਦ ਸਨ।
