ਸੇਵਾ ਸੰਕਲਪ ਮੁਹਿੰਮ ਬਣੇਗੀ ਜਨ ਅੰਦੋਲਨ
ਚੰਡੀਗੜ੍ਹ, 10 ਸਤੰਬਰ:- ਹਰਿਆਣਾ ਸਰਕਾਰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ 25 ਸਾਲਾਂ ਦੀ ਸਮਰਪਿਤ ਜਨ ਸੇਵਾ ਅਤੇ ਪਰਿਵਰਤਨਕਾਰੀ ਸੁਸ਼ਾਸਨ ਦੇ ਮੌਕੇ ਵਿੱਚ ਆਯੋਜਿਤ ਕੀਤੇ ਜਾ ਰਹੇ ਸੇਵਾ ਸੰਕਲਪ ਮੁਹਿੰਮ ਨੂੰ ਜਨ ਅੰਦੋਲਨ ਦਾ ਰੂਪ ਦੇਣ ਲਈ ਵੱਡੇ ਪੱਧਰ ’ਤੇ ਤਿਆਰੀਆਂ ਕਰ ਰਹੀ ਹੈ।
ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਨੇ ਅੱਜ ਮੁਹਿੰਮ ਤਹਿਤ ਸਾਰੇ 23 ਜ਼ਿਲ੍ਹਿਆਂ ਦੀਆਂ ਤਿਆਰੀਆਂ ਅਤੇ ਜ਼ਿਲ੍ਹਾਵਾਰ ਕਾਰਜ ਯੋਜਨਾਵਾਂ ਦੀ ਸਮੀਖਿਆ ਕੀਤੀ ਅਤੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਮੁਹਿੰਮ ਵਿੱਚ ਨਾਗਰਿਕਾਂ ਦੀ ਸਰਗਰਮ ਅਤੇ ਸਾਰਥਕ ਭਾਗੀਦਾਰੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਮੁਹਿੰਮ ਤਹਿਤ 17 ਸਤੰਬਰ ਤੋਂ 17 ਅਕਤੂਬਰ, 2026 ਤੱਕ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜਨ ਭਲਾਈ, ਸਵੱਛਤਾ, ਵਾਤਾਵਰਣ ਸੁਰੱਖਿਆ, ਸਿੱਖਿਆ, ਸਿਹਤ, ਨਵਾਚਾਰ ਅਤੇ ਸਮੁਦਾਇਕ ਭਾਗੀਦਾਰੀ ਨਾਲ ਜੁੜੀਆਂ ਗਤੀਵਿਧੀਆਂ ਆਯੋਜਿਤ ਕੀਤੀਆਂ ਜਾਣਗੀਆਂ।
ਮੁੱਖ ਸਕੱਤਰ ਨੇ ਕਿਹਾ ਕਿ ਮੁਹਿੰਮ ਦੀ ਸਫ਼ਲਤਾ ਸਿਰਫ਼ ਆਯੋਜਿਤ ਪ੍ਰੋਗਰਾਮਾਂ ਦੀ ਗਿਣਤੀ ਤੋਂ ਨਹੀਂ, ਸਗੋਂ ਲੋਕਾਂ ਦੀ ਸਰਗਰਮ ਭਾਗੀਦਾਰੀ ਅਤੇ ਜ਼ਮੀਨੀ ਪੱਧਰ ’ਤੇ ਦਿਖਾਈ ਦੇਣ ਵਾਲੇ ਠੋਸ ਬਦਲਾਅ ਤੋਂ ਤੈਅ ਹੋਣੀ ਚਾਹੀਦੀ ਹੈ।
ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੇ ਸਬੰਧਤ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਯਕੀਨੀ ਬਣਾਉਂਦੇ ਹੋਏ ਮੁਹਿੰਮ ਦੀਆਂ ਗਤੀਵਿਧੀਆਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੁਹਿੰਮ ਨੂੰ ਵਿਭਾਗ ਦੀਆਂ ਸੀਮਾਵਾਂ ਤੋਂ ਉੱਪਰ ਉੱਠ ਕੇ ਸਰਕਾਰ, ਸਿੱਖਿਆ ਸੰਸਥਾਵਾਂ, ਸਥਾਨਕ ਸੰਸਥਾਵਾਂ, ਪੰਚਾਇਤਾਂ, ਸਮਾਜਿਕ ਸੰਗਠਨਾਂ ਅਤੇ ਆਮ ਨਾਗਰਿਕਾਂ ਦੇ ਸਮੂਹਿਕ ਯਤਨ ਵਜੋਂ ਅੱਗੇ ਵਧਾਇਆ ਜਾਵੇ। ਸਬੰਧਤ ਪ੍ਰਸ਼ਾਸਨਿਕ ਸਕੱਤਰ ਆਪਣੇ-ਆਪਣੇ ਵਿਭਾਗਾਂ ਨੂੰ ਅਲਾਟ ਕੀਤੀਆਂ ਗਤੀਵਿਧੀਆਂ ਦੀ ਰੈਗੂਲਰ ਨਿਗਰਾਨੀ ਵੀ ਯਕੀਨੀ ਬਣਾਉਣ।
ਸੂਚਨਾ, ਜਨਸੰਪਰਕ, ਭਾਸ਼ਾ ਅਤੇ ਸੱਭਿਆਚਾਰ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਸ੍ਰੀ ਕੇ. ਮਕਰੰਦ ਪਾਂਡੁਰੰਗ ਨੇ ਦੱਸਿਆ ਕਿ ਮੁਹਿੰਮ ਤਹਿਤ ਆਸ਼ੀਰਵਾਦ ਦਾ ਦੀਵਾ/ਖੂਨਦਾਨ, ਮੇਰੇ ਸੁਪਨਿਆਂ ਦਾ ਭਾਰਤ-ਚਿੱਤਰ ਸੇਵਾ, ਨਮੋ ਸੇਵਾ-ਅਨਕਹੀ ਕਹਾਣੀਆਂ, ਆਂਗਣ ਮਿਲਣ ਸੇਵਾ, ਸੇਵਾ ਦੀ ਕਹਾਣੀ, ਸੇਵਾ ਜੋਤੀ ਕਲਸ਼ ਯਾਤਰਾ-ਵਿਕਸਿਤ ਭਾਰਤ ਦਾ ਸੰਕਲਪ, ਵਡਨਗਰ ਤੋਂ ਵਾਰਾਣਸੀ, ਸੇਵਾ ਮੇਰਾ ਯੋਗਦਾਨ, ਸੇਵਾ ਸੇਤੂ ਮੁਹਿੰਮ, ਸੇਵਾ ਦੇ ਰੰਗ-ਰਾਸ਼ਟਰ ਦੇ ਸੰਗ, ਸੇਵਾ ਫਸਟ ਇਨੋਵੇਸ਼ਨ ਚੈਲੇਂਜ ਅਤੇ ਸੁਸ਼ਾਸਨ ਸੇਵਾ ਸੰਵਾਦ ਸਮੇਤ ਵੱਖ-ਵੱਖ ਗਤੀਵਿਧੀਆਂ ਆਯੋਜਿਤ ਕੀਤੀਆਂ ਜਾਣਗੀਆਂ।
ਉਨ੍ਹਾਂ ਦੱਸਿਆ ਕਿ 17 ਸਤੰਬਰ ਨੂੰ ਅੰਬਾਲਾ ਜ਼ਿਲ੍ਹੇ ਵਿੱਚ ਨਮੋ ਮੈਰਾਥਨ ਆਯੋਜਿਤ ਕੀਤੀ ਜਾਵੇਗੀ, ਜਦੋਂ ਕਿ ਇਸੇ ਦਿਨ ਕੁਰੂਕਸ਼ੇਤਰ ਜ਼ਿਲ੍ਹੇ ਵਿੱਚ ਖੂਨਦਾਨ ਕੈਂਪ ਅਤੇ ਡਰੋਨ ਸ਼ੋਅ ਦਾ ਆਯੋਜਨ ਕੀਤਾ ਜਾਵੇਗਾ।
ਮੁੱਖ ਸਕੱਤਰ ਨੇ ਕਿਹਾ ਕਿ ਮੁਹਿੰਮ ਦਾ ਉਦੇਸ਼ ਜ਼ਮੀਨੀ ਪੱਧਰ ’ਤੇ ਅਜਿਹਾ ਸਥਾਈ ਅਤੇ ਸਕਾਰਾਤਮਕ ਪ੍ਰਭਾਵ ਪੈਦਾ ਕਰਨਾ ਹੋਣਾ ਚਾਹੀਦਾ ਹੈ, ਜਿਸ ਨਾਲ ਨਾਗਰਿਕ ਖ਼ੁਦ ਵਿਕਾਸ ਯਾਤਰਾ ਵਿੱਚ ਸਰਗਰਮ ਭਾਗੀਦਾਰ ਬਣਨ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਵਾਚਾਰ, ਤਾਲਮੇਲ ਅਤੇ ਪ੍ਰਤੀਬੱਧਤਾ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ।
ਮੀਟਿੰਗ ਵਿੱਚ ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਕੁਮਾਰ ਗੁਪਤਾ, ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਸੁਧੀਰ ਰਾਜਪਾਲ, ਸੇਵਾ ਵਿਭਾਗ ਦੀ ਵਧੀਕ ਮੁੱਖ ਸਕੱਤਰ ਸ਼੍ਰੀਮਤੀ ਜੀ. ਅਨੁਪਮਾ, ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਜੇਂਦਰ ਕੁਮਾਰ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਸ੍ਰੀ ਸ਼ੇਖਰ ਵਿਦਿਆਰਥੀ, ਸ਼ਹਿਰੀ ਸਥਾਨਕ ਸਰਕਾਰ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਸ੍ਰੀ ਅਸ਼ੋਕ ਕੁਮਾਰ ਮੀਣਾ, ਸੂਚਨਾ, ਜਨਸੰਪਰਕ, ਭਾਸ਼ਾ ਅਤੇ ਸੱਭਿਆਚਾਰ ਵਿਭਾਗ ਦੇ ਡਾਇਰੈਕਟਰ ਡਾ. ਆਦਿਤਿਆ ਦਹੀਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਡਾ. ਪ੍ਰਿਯੰਕਾ ਸੋਨੀ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।
