ਵਿਲੇਜ ਡਿਫੈਂਸ ਕਮੇਟੀਆਂ ਨੂੰ ਦਿੱਤੀ ਜਾਵੇਗੀ ਵਿਸ਼ੇਸ਼ ਟ੍ਰੇਨਿੰਗ ਡਾ ਰਾਜ ਕੁਮਾਰ ਚੱਬੇਵਾਲ

ਹੁਸ਼ਿਆਰਪੁਰ- ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਦੁਬਾਰਾ ‘ਰੰਗਲਾ ਪੰਜਾਬ’ ਬਣਾਉਣ ਲਈ ਠੋਸ ਕਦਮ ਚੁੱਕ ਰਹੀ ਹੈ। ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ ’ ਮੁਹਿੰਮ ਦੇ ਤਹਿਤ ਨਸ਼ਾ ਮੁਕਤੀ ਮੋਰਚਾ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਲੋਕਾਂ ਨੂੰ ਇੱਕਜੁੱਟ ਕਰ ਰਿਹਾ ਹੈ, ਤਾਂ ਜੋ ਸਮਾਜ ਵਿੱਚੋਂ ਇਸ ਬੁਰਾਈ ਨੂੰ ਪੂਰੀ ਤਰ੍ਹਾਂ ਖ਼ਤਮ ਕੀਤਾ ਜਾ ਸਕੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਸ਼ਾ ਮੁਕਤੀ ਮੋਰਚਾ ਦੇ ਨੁਮਾਇੰਦਿਆਂ ਅਤੇ ਅਧਿਕਾਰੀਆਂ ਦੀ ਇੱਕ ਮਹੱਤਵਪੂਰਨ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਜ਼ਿਲ੍ਹੇ ਦੀਆਂ ਗ੍ਰਾਮ ਰੱਖਿਆ ਕਮੇਟੀਆਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ, ਤਾਂ ਜੋ ਉਹ ਆਪਣੇ-ਆਪਣੇ ਖੇਤਰਾਂ ਵਿੱਚ ਨਸ਼ਾਖੋਰੀ ਦੇ ਖਾਤਮੇ ਲਈ ਵਧੇਰੇ ਸਰਗਰਮ ਭੂਮਿਕਾ ਨਿਭਾ ਸਕਣ। ਇਸ ਮੌਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਵੀ ਉਨ੍ਹਾਂ ਨਾਲ ਮੌਜੂਦ ਸਨ।
ਡਾ. ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਸਖ਼ਤ ਨੀਤੀ ਕਾਰਨ ਅੱਜ ਪੰਜਾਬ ਦੇਸ਼ ਦਾ ਹੀ ਨਹੀਂ ਸਗੋਂ ਪੂਰੀ ਦੁਨੀਆ ਦਾ ਇਕ ਅਜਿਹਾ ਸੂਬਾ ਬਣ ਗਿਆ ਹੈ, ਜਿਥੇ ਨਸ਼ਿਆਂ ਵਿਰੁੱਧ ਸਭ ਤੋਂ ਵਿਆਪਕ ਅਤੇ ਠੋਸ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਵਿੱਚ 21 ਹਜ਼ਾਰ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ ਅਤੇ 34 ਹਜ਼ਾਰ ਤੋਂ ਵੱਧ ਨਸ਼ਾ ਤਸਕਰਾਂ ਨੂੰ ਸਲਾਖ਼ਾਂ ਪਿੱਛੇ ਭੇਜਿਆ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਮਾਮਲਿਆਂ ਵਿੱਚ 97 ਫੀਸਦੀ ਸਜ਼ਾ ਦਰ ਸਰਕਾਰ ਦੀ ਦ੍ਰਿੜਤਾ ਅਤੇ ਨਿਆਇਕ ਕਾਰਵਾਈ ਦੀ ਗੰਭੀਰਤਾ ਨੂੰ ਦਰਸਾਉਂਦੀ ਹੈ।
 ਲੋਕ ਸਭਾ ਮੈਂਬਰ ਨੇ ਕਿਹਾ ਕਿ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹੁਣ ਅਤੇ ਜ਼ਬਤ ਕਰਨ ਨਾਲ ਤਸਕਰਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹਾ ਪ੍ਰਸ਼ਾਸਨ ਨਾ ਸਿਰਫ਼ ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕੱਸ ਰਿਹਾ ਹੈ ਬਲਕਿ ਨਸ਼ੇ ਦੇ ਆਦੀ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੀ ਠੋਸ ਕਦਮ ਚੁੱਕ ਰਿਹਾ ਹੈ। ਉਨ੍ਹਾਂ ਵਿਸ਼ੇਸ਼ ਤੌਰ 'ਤੇ ਦੱਸਿਆ ਕਿ ਹੁਸ਼ਿਆਰਪੁਰ ਪੁਨਰਵਾਸ ਕੇਂਦਰ ਪੂਰੇ ਸੂਬੇ ਵਿਚ ਸਭ ਤੋਂ ਵੱਡਾ ਅਤੇ ਸਭ ਤੋਂ ਪ੍ਰਭਾਵਸ਼ਾਲੀ ਬਣ ਕੇ ਉਭਰਿਆ ਹੈ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਸਿਵਲ ਅਤੇ ਪੁਲਿਸ ਵਿਭਾਗਾਂ ਦੇ ਸਹਿਯੋਗ ਨਾਲ ਕੰਮ ਕਰ ਰਿਹਾ ਹੈ। ਸਮਾਜ ਦੇ ਸਹਿਯੋਗ ਨਾਲ ਮੁਹਿੰਮ ਨੂੰ ਮਹੱਤਵਪੂਰਨ ਸਫਲਤਾ ਮਿਲ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਮੁੜ ਵਸੇਬੇ ਦੇ ਯਤਨਾਂ ਨੂੰ ਤੇਜ਼ ਕਰਨ ਲਈ, ਜ਼ਿਲ੍ਹੇ ਦੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਬਿਸਤਰਿਆਂ ਦੀ ਸਮਰੱਥਾ ਵਧਾ ਕੇ 500 ਬਿਸਤਰਿਆਂ ਤੱਕ ਕਰ ਦਿੱਤੀ ਗਈ ਹੈ।
ਉਥੇ ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 1,000 ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ, ਅਤੇ 1,200 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ 12 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਜ਼ਬਤ (ਫ੍ਰੀਜ਼) ਕੀਤੀ ਗਈ ਹੈ।
ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਦੋਆਬਾ ਜ਼ੋਨ ਕੋਆਰਡੀਨੇਟਰ ਨਯਨ ਛਾਬੜਾ ਨੇ ਕਿਹਾ ਕਿ ਮੋਰਚਾ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਪੂਰੇ ਸੂਬੇ ਵਿੱਚ ਸਭ ਤੋਂ ਵੱਧ ਕਾਰਵਾਈ ਹੋਈ ਹੈ, ਜੋ ਕਿ ਪ੍ਰਸ਼ਾਸਨ ਦੀ ਵਚਨਬੱਧਤਾ ਦਾ ਪ੍ਰਮਾਣ ਹੈ। ਉਨ੍ਹਾਂ ਨਸ਼ਾ ਮੁਕਤੀ ਮੋਰਚਾ ਦੇ ਨੁਮਾਇੰਦਿਆਂ ਨੂੰ ਪਿੰਡ ਰੱਖਿਆ ਕਮੇਟੀ ਵੱਲੋਂ ਕਰਵਾਈ ਜਾ ਰਹੀ ਸਿਖਲਾਈ ਬਾਰੇ ਵੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ।
ਮੀਟਿੰਗ ਵਿੱਚ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਸਤਵੰਤ ਸਿੰਘ ਸਿਆਣ ਨੇ ਵੀ ਸੰਬੋਧਨ ਕੀਤਾ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਐਸ.ਪੀ ਮਨਪ੍ਰੀਤ ਸ਼ੀਮਾਰ, ਸਾਰੇ ਐਸ.ਡੀ.ਐਮਜ਼ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।