ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਹਕੀਕਤਪੁਰਾ ਵਿਖੇ ਡਾਕੂਮੈਂਟਰੀ ਦਿਖਾਈ

ਸੁਨਾਮ, 23 ਜੁਲਾਈ:- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਪਿੰਡ ਹਕੀਕਤਪੁਰਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫ਼ਲਸਫ਼ੇ ਅਤੇ ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ 'ਤੇ ਆਧਾਰਿਤ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਗਿਆ। ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਡਾਕੂਮੈਂਟਰੀ ਨੂੰ ਬਹੁਤ ਧਿਆਨ ਨਾਲ ਦੇਖਿਆ ਅਤੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।
ਇਸ ਮੌਕੇ ਪਿੰਡ ਹਕੀਕਤਪੁਰਾ ਦੀ ਸਰਪੰਚ ਸਿਮਰਨ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਉਨ੍ਹਾਂ ਦੇ ਸਮਾਜਿਕ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਕੀਤਾ ਗਿਆ ਇਹ ਉਪਰਾਲਾ ਬੇਹੱਦ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਡਾਕੂਮੈਂਟਰੀਆਂ ਨੌਜਵਾਨ ਪੀੜ੍ਹੀ ਨੂੰ ਮਹਾਨ ਸੰਤਾਂ ਦੀ ਵਿਚਾਰਧਾਰਾ ਨਾਲ ਜੋੜਨ ਦੇ ਨਾਲ-ਨਾਲ ਸਮਾਜ ਵਿੱਚ ਆਪਸੀ ਸਾਂਝ, ਬਰਾਬਰੀ ਅਤੇ ਸਦਭਾਵਨਾ ਨੂੰ ਹੋਰ ਮਜ਼ਬੂਤ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਣਗੀਆਂ।
ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵੱਲੋਂ ਦਿੱਤੇ ਸੱਚ, ਮਿਹਨਤ, ਸਮਾਨਤਾ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਇੱਕ ਸੁਚੱਜੇ ਤੇ ਭੇਦਭਾਵ ਰਹਿਤ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ।