ਪ੍ਰਧਾਨ ਮੰਤਰੀ ਕੋਲੋਂ ਵਿਸ਼ੇਸ਼ ਵਿੱਤੀ ਪੈਕੇਜ ਦੀ ਮੰਗ ਕਰੇ ਸੂਬਾ ਸਰਕਾਰ - ਪ੍ਰੇਮ ਸਿੰਘ ਚੰਦੂਮਾਜਰਾ
ਚੰਡੀਗੜ੍ਹ, 8 ਸਤੰਬਰ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੋਂ ਸੂਬੇ ਲਈ ਵਿਸ਼ੇਸ਼ ਵਿੱਤੀ ਪੈਕੇਜ ਦੀ ਮੰਗ ਕਰਨੀ ਚਾਹੀਦੀ ਹੈ।
ਇੱਥੇ ਜਾਰੀ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਸੂਬੇ ਦੇ ਕਿਸਾਨਾਂ, ਮਜ਼ਦੂਰਾਂ ਅਤੇ ਦੁਕਾਨਦਾਰਾਂ ਨੂੰ ਵੱਡੀ ਤਬਾਹੀ ਦਾ ਸਾਹਮਣਾ ਕਰਨਾ ਪਿਆ ਹੈ, ਜਿਸਦੀ ਕੇਂਦਰ ਅਤੇ ਰਾਜ ਸਰਕਾਰ ਦੁਆਰਾ ਤੁਰੰਤ ਭਰਪਾਈ ਕੀਤੀ ਜਾਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਕੈਬਨਿਟ ਦੇ ਪੰਜ ਮੰਤਰੀਆਂ ਦੀ ਅਗਵਾਈ ਹੇਠ ਕਮੇਟੀ ਬਣਾਈ ਜਾਵੇ, ਜੋ ਹੜ੍ਹਾਂ ਨਾਲ ਹੋਏ ਨੁਕਸਾਨ ਸੰਬੰਧੀ ਪੂਰੀ ਰਿਪੋਰਟ ਪੰਜਾਬ ਸਰਕਾਰ ਨੂੰ ਦੇਵੇ ਅਤੇ ਉਸ ਰਿਪੋਰਟ ਦੇ ਆਧਾਰ ’ਤੇ ਕੇਂਦਰ ਸਰਕਾਰ ਤੋਂ ਵਿਸ਼ੇਸ਼ ਵਿੱਤੀ ਪੈਕੇਜ ਦੀ ਮੰਗ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਇੱਕ ਦੂਜੇ ’ਤੇ ਦੋਸ਼ ਲਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਹੜ੍ਹ ਪੀੜ੍ਹਤਾਂ ਨੂੰ ਰਾਹਤ ਮੁਹੱਈਆ ਕਰਵਾਉਣੀ ਚਾਹੀਦੀ ਹੈ।
