ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਸਤੰਬਰ:- ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ. ਨਗਰ ਸ੍ਰੀ ਵਰੁਣ ਸ਼ਰਮਾ, ਆਈ.ਪੀ.ਐਸ. ਅਤੇ ਕਪਤਾਨ ਪੁਲਿਸ ਟ੍ਰੈਫਿਕ ਸ੍ਰੀ ਰਮਨਦੀਪ ਸਿੰਘ, ਪੀ.ਪੀ.ਐਸ. ਵੱਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਅਤੇ ਸੜਕ ਸੁਰੱਖਿਆ ਸਬੰਧੀ ਜਾਗਰੂਕਤਾ ਤਹਿਤ ਉਪ ਕਪਤਾਨ ਪੁਲਿਸ ਟ੍ਰੈਫਿਕ ਸ. ਕਰਨੈਲ ਸਿੰਘ, ਪੀ.ਪੀ.ਐਸ. ਵੱਲੋਂ ਵੱਖ-ਵੱਖ ਵਿਦਿਅਕ ਸੰਸਥਾਵਾਂ ਵਿੱਚ ਸੈਮੀਨਾਰ ਕਰਵਾਏ ਗਏ।
ਇਨ੍ਹਾਂ ਸੈਮੀਨਾਰਾਂ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਕਾਲਜ ਆਫ਼ ਐਜੂਕੇਸ਼ਨ, ਮਜਾਤੜੀ, ਮੈਰੀਟੋਰੀਅਸ ਸਕੂਲ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਸਰਦਾਰ ਬਲਦੇਵ ਸਿੰਘ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਨਸ਼ਿਆਂ ਵਿਰੁੱਧ ਪੁਲਿਸ ਵੱਲੋਂ ਕੀਤੀ ਜਾ ਰਹੀ ਕਾਰਵਾਈ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਵਿਸਥਾਰ ਨਾਲ ਜਾਗਰੂਕ ਕੀਤਾ ਗਿਆ।
ਸ. ਕਰਨੈਲ ਸਿੰਘ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਉਹ ਆਪਣੀ ਜ਼ਿੰਮੇਵਾਰੀ ਨਿਭਾਉਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਵੱਲੋਂ ਨਸ਼ਾ ਵੇਚਣ ਜਾਂ ਨਸ਼ਾ ਕਰਨ ਸਬੰਧੀ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਇਸ ਸਬੰਧੀ ਵਟਸਐਪ ਨੰਬਰ 9779100200, ਪੁਲਿਸ ਹੈਲਪਲਾਈਨ 112 ਜਾਂ ਨਜ਼ਦੀਕੀ ਪੁਲਿਸ ਥਾਣੇ ਵਿਖੇ ਜਾਣਕਾਰੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਨਸ਼ਾ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ, ਜਦਕਿ ਨਸ਼ੇ ਦੀ ਲਤ ਦਾ ਸ਼ਿਕਾਰ ਵਿਅਕਤੀਆਂ ਨੂੰ ਇਲਾਜ ਅਤੇ ਯੋਗ ਸਹਾਇਤਾ ਮੁਹੱਈਆ ਕਰਵਾਉਣ ਲਈ ਵੀ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਆਪ ਨੂੰ ਖੇਡਾਂ ਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੋੜਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨਸ਼ੇ ਨਾ ਸਿਰਫ਼ ਵਿਅਕਤੀ ਦੀ ਸਿਹਤ ਅਤੇ ਭਵਿੱਖ ਨੂੰ ਨੁਕਸਾਨ ਪਹੁੰਚਾਉਂਦੇ ਹਨ, ਸਗੋਂ ਪਰਿਵਾਰ ਅਤੇ ਸਮਾਜ ਲਈ ਵੀ ਗੰਭੀਰ ਸਮੱਸਿਆਵਾਂ ਪੈਦਾ ਕਰਦੇ ਹਨ।
ਟ੍ਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦਿੰਦਿਆਂ ਉਪ ਕਪਤਾਨ ਪੁਲਿਸ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਖੁਦ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਵੀ ਇਸ ਲਈ ਪ੍ਰੇਰਿਤ ਕਰਨ। ਉਨ੍ਹਾਂ ਖ਼ਾਸ ਤੌਰ ’ਤੇ ਸ਼ਰਾਬ ਪੀ ਕੇ ਵਾਹਨ ਚਲਾਉਣ ਅਤੇ ਤੇਜ਼ ਰਫ਼ਤਾਰ ਨਾਲ ਵਾਹਨ ਚਲਾਉਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਦੱਸਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚੇ ਵੱਲੋਂ ਵਾਹਨ ਚਲਾਉਣ ਦੀ ਸੂਰਤ ਵਿੱਚ ਮਾਪਿਆਂ/ਵਾਹਨ ਦੇ ਜ਼ਿੰਮੇਵਾਰ ਵਿਅਕਤੀ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਸਕਦੀ ਹੈ, ਜਿਸ ਤਹਿਤ ਤਿੰਨ ਸਾਲ ਤੱਕ ਦੀ ਸਜ਼ਾ ਅਤੇ 25 ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਅਹਿਮ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਵਾਹਨ ਚਾਲਕਾਂ ਅਤੇ ਵਿਦਿਆਰਥੀਆਂ ਨੂੰ ਸਰਕਾਰ ਵੱਲੋਂ ਚਲਾਈ ਜਾ ਰਹੀ ‘ਗੁੱਡ ਸਮੈਰੀਟਨ’ (Good Samaritan) / ਫ਼ਰਿਸ਼ਤੇ ਸਕੀਮ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਸੜਕ ਹਾਦਸੇ ਵਿੱਚ ਜ਼ਖ਼ਮੀ ਵਿਅਕਤੀ ਦੀ ਮਦਦ ਕਰਕੇ ਉਸ ਨੂੰ ਸਮੇਂ ਸਿਰ ਹਸਪਤਾਲ ਪਹੁੰਚਾਉਣ ਵਾਲੇ ਵਿਅਕਤੀਆਂ ਨੂੰ ਸਰਕਾਰ ਵੱਲੋਂ ਨਿਯਮਾਂ ਅਨੁਸਾਰ ਨਕਦ ਇਨਾਮ ਦਿੱਤਾ ਜਾਂਦਾ ਹੈ।
ਸ. ਕਰਨੈਲ ਸਿੰਘ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਸੈਮੀਨਾਰ ਦੌਰਾਨ ਮਿਲੀ ਜਾਣਕਾਰੀ ਆਪਣੇ ਪਰਿਵਾਰਕ ਮੈਂਬਰਾਂ ਅਤੇ ਆਲੇ-ਦੁਆਲੇ ਦੇ ਲੋਕਾਂ ਨਾਲ ਸਾਂਝੀ ਕਰਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸ਼ਰਾਬ ਪੀ ਕੇ ਵਾਹਨ ਨਾ ਚਲਾਉਣ, ਤੇਜ਼ ਰਫ਼ਤਾਰ ਤੋਂ ਬਚਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰਨ।
ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਕਾਲਜ ਆਫ਼ ਐਜੂਕੇਸ਼ਨ, ਮਜਾਤੜੀ ਦੇ ਸਮਾਜ ਸੇਵੀ ਸੰਸਥਾ ‘ਇਨਸਾਨੀਅਤ’ ਦੇ ਚੇਅਰਮੈਨ ਸ੍ਰੀ ਰਮਨਦੀਪ ਸਿੰਘ, ਪ੍ਰਧਾਨ ਸ੍ਰੀ ਨਾਹਰ ਸਿੰਘ, ਸ੍ਰੀ ਅਮਰੀਕ ਸਿੰਘ, ਸ੍ਰੀ ਭੁਪਿੰਦਰ ਸਿੰਘ ਅਤੇ ਪ੍ਰਿੰਸੀਪਲ ਡਾ. ਹਰਜੀਤ ਕੌਰ, ਮੈਰੀਟੋਰੀਅਸ ਸਕੂਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਪ੍ਰਿੰਸੀਪਲ ਸ੍ਰੀਮਤੀ ਰਿਤੂ ਸ਼ਰਮਾ, ਡੀ.ਪੀ. ਸ੍ਰੀ ਮਨਪ੍ਰੀਤ ਸਿੰਘ ਅਤੇ ਹੋਰ ਸਟਾਫ਼ ਮੈਂਬਰ, ਸਰਦਾਰ ਬਲਦੇਵ ਸਿੰਘ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਹਰਮਿੰਦਰ ਕੌਰ, ਸ੍ਰੀਮਤੀ ਮਨਜੀਤ ਕੌਰ, ਸ੍ਰੀ ਰੁਪਿੰਦਰ ਸਿੰਘ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।
ਅੰਤ ਵਿੱਚ ਵਿਦਿਅਕ ਸੰਸਥਾਵਾਂ ਦੇ ਪ੍ਰਿੰਸੀਪਲਾਂ ਅਤੇ ਸਟਾਫ਼ ਵੱਲੋਂ ਸ. ਕਰਨੈਲ ਸਿੰਘ, ਉਪ ਕਪਤਾਨ ਪੁਲਿਸ ਟ੍ਰੈਫਿਕ ਦਾ ਸੰਸਥਾਵਾਂ ਵਿੱਚ ਪਹੁੰਚ ਕੇ ਵਿਦਿਆਰਥੀਆਂ ਨੂੰ ਮਹੱਤਵਪੂਰਨ ਜਾਣਕਾਰੀ ਦੇਣ ਲਈ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਵੱਲੋਂ ਸਾਂਝੇ ਕੀਤੇ ਵਿਚਾਰਾਂ ਦੀ ਸ਼ਲਾਘਾ ਕੀਤੀ ਗਈ।