ਅਧਿਆਪਕਾਂ ਨੂੰ ਮਾਣਭੱਤੇ ਦੇ ਚੈੱਕ ਅਤੇ ਸਰਟੀਫਿਕੇਟ ਵੰਡੇ

ਬਠਿੰਡਾ: ਸ੍ਰੀ ਹਰਗੋਬਿੰਦ ਸਿੰਘ ਮੈਨੇਜਿੰਗ ਟਰੱਸਟੀ ਦੀ ਦੇਖ-ਰੇਖ ਹੇਠ ਸੈਕਟਰ-28, ਚੰਡੀਗੜ੍ਹ ਵਿਖੇ ਚੱਲ ਰਹੀ ਭਾਈ ਜੈਤਾ ਜੀ ਫਾਊਂਡੇਸ਼ਨ ਇੰਡੀਆ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਸਿੱਖਿਆ ਪ੍ਰੋਜੈਕਟਾਂ ਸਬੰਧੀ ਸੰਸਥਾ ਵੱਲੋਂ ਜ਼ਿਲ੍ਹਾ ਬਠਿੰਡਾ ਦੇ ਰਾਮਪੁਰਾ ਫੂਲ ਵਿਖੇ ਇੱਕ ਸ਼ਾਨਦਾਰ ਸਮਾਗਮ ਕਰਵਾਇਆ ਗਿਆ।
ਇਹ ਸਮਾਗਮ ਫਾਊਂਡੇਸ਼ਨ ਵੱਲੋਂ ਨਵੋਦਿਆ ਸਕੂਲਾਂ ਵਿੱਚ ਦਾਖਲੇ ਦੀ ਤਿਆਰੀ ਲਈ ਚੱਲ ਰਹੇ ਸੈਂਟਰਾਂ ਦੇ ਅਧਿਆਪਕਾਂ ਨੂੰ ਮਾਣ-ਭੱਤੇ ਦੇ ਚੈੱਕ ਅਤੇ ਸਰਟੀਫਿਕੇਟ ਭੇਟ ਕਰਨ ਲਈ ਆਯੋਜਿਤ ਕੀਤਾ ਗਿਆ।
ਸਮਾਗਮ ਵਿੱਚ ਚੰਡੀਗੜ੍ਹ ਤੋਂ ਪ੍ਰੋਜੈਕਟ ਇੰਚਾਰਜ ਪ੍ਰਿੰਸੀਪਲ ਬਹਾਦਰ ਸਿੰਘ ਗੋਸਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਸਮਾਗਮ ਦੀ ਪ੍ਰਧਾਨਗੀ ਜ਼ਿਲ੍ਹਾ ਬਠਿੰਡਾ ਦੇ ਪ੍ਰਬੰਧਕ ਪ੍ਰਿੰਸੀਪਲ ਬਲਜਿੰਦਰ ਸਿੰਘ ਨੇ ਕੀਤੀ। ਪ੍ਰਧਾਨਗੀ ਮੰਡਲ ਵਿੱਚ ਮਾਸਟਰ ਜਸਰੂਪ ਸਿੰਘ, ਅਮਰਜੀਤ ਸਿੰਘ ਅਤੇ ਸੰਦੀਪ ਸਿੰਘ ਵੀ ਹਾਜ਼ਰ ਸਨ।
ਸਮਾਗਮ ਦੀ ਸ਼ੁਰੂਆਤ ਵਿੱਚ ਪ੍ਰਿੰਸੀਪਲ ਬਲਜਿੰਦਰ ਸਿੰਘ ਨੇ ਪ੍ਰੋਜੈਕਟ ਇੰਚਾਰਜ ਪ੍ਰਿੰਸੀਪਲ ਬਹਾਦਰ ਸਿੰਘ ਗੋਸਲ, ਸੰਦੀਪ ਸਿੰਘ ਅਤੇ ਹੋਰ ਮਹਿਮਾਨਾਂ ਦਾ ਸਵਾਗਤ ਕੀਤਾ। ਉਨ੍ਹਾਂ ਜ਼ਿਲ੍ਹੇ ਵਿੱਚ ਚੱਲ ਰਹੇ ਸੈਂਟਰਾਂ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਠਿੰਡਾ ਅਤੇ ਬਰਨਾਲਾ ਵਿੱਚ 28 ਸੈਂਟਰ ਸਫਲਤਾਪੂਰਵਕ ਚੱਲ ਰਹੇ ਹਨ, ਜਿਨ੍ਹਾਂ ਦੇ ਨਤੀਜੇ ਬਹੁਤ ਹੀ ਸ਼ਾਨਦਾਰ ਰਹੇ ਹਨ। ਉਨ੍ਹਾਂ ਇਸ ਕਾਰਜ ਲਈ ਭਾਈ ਜੈਤਾ ਜੀ ਫਾਊਂਡੇਸ਼ਨ ਇੰਡੀਆ ਦਾ ਵਿਸ਼ੇਸ਼ ਧੰਨਵਾਦ ਕੀਤਾ।
ਇਸ ਮੌਕੇ ਸੰਸਥਾ ਵੱਲੋਂ ਸੈਂਟਰਾਂ ਦੇ ਅਧਿਆਪਕਾਂ ਨੂੰ ਮਾਣ-ਭੱਤੇ ਦੇ ਚੈੱਕ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਨਵੋਦਿਆ ਸਕੂਲਾਂ ਲਈ ਚੁਣੇ ਗਏ ਵਿਦਿਆਰਥੀਆਂ ਨੂੰ ਪੁਸਤਕਾਂ ਅਤੇ ਮੈਡਲ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਸਮਾਗਮ ਦੌਰਾਨ ਸੰਸਥਾ ਵੱਲੋਂ ਜ਼ਿਲ੍ਹਾ ਪ੍ਰਬੰਧਕ ਪ੍ਰਿੰਸੀਪਲ ਬਲਜਿੰਦਰ ਸਿੰਘ ਸਿੱਧੂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ।
ਪ੍ਰਿੰਸੀਪਲ ਬਹਾਦਰ ਸਿੰਘ ਗੋਸਲ ਨੇ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸ਼ਾਨਦਾਰ ਨਤੀਜਿਆਂ ਲਈ ਵਧਾਈ ਦਿੰਦਿਆਂ ਦੱਸਿਆ ਕਿ ਸੰਸਥਾ ਹੁਣ ਤੱਕ 1590 ਵਿਦਿਆਰਥੀਆਂ ਨੂੰ ਨਵੋਦਿਆ ਸਕੂਲਾਂ ਵਿੱਚ ਦਾਖਲਾ ਦਿਵਾਉਣ ਵਿੱਚ ਸਫਲ ਰਹੀ ਹੈ।
ਇਸ ਮੌਕੇ ਮਾਸਟਰ ਜਸਰੂਪ ਸਿੰਘ ਕਪੂਰ, ਅਮਰਜੀਤ ਸਿੰਘ, ਕੁਲਵੰਤ ਸਿੰਘ ਅਤੇ ਅਮਨਦੀਪ ਕੌਰ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।
ਸਮਾਗਮ ਦੇ ਅੰਤ ਵਿੱਚ ਚੰਡੀਗੜ੍ਹ ਤੋਂ ਕੋਆਰਡੀਨੇਟਰ ਸੰਦੀਪ ਸਿੰਘ ਨੇ ਸਾਰੇ ਪਤਵੰਤਿਆਂ, ਅਧਿਆਪਕਾਂ, ਮਾਪਿਆਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕਰਦਿਆਂ ਅਗਲੇ ਸਾਲ ਵੀ ਸੈਂਟਰਾਂ ਨੂੰ ਹੋਰ ਉਤਸ਼ਾਹ ਨਾਲ ਚਲਾਉਣ ਦੀ ਅਪੀਲ ਕੀਤੀ।