ਵੈਟਨਰੀ ਯੂਨੀਵਰਸਿਟੀ ਦੇ ਖਿਡਾਰੀ ਨੇ ਕੌਮੀ ਹੈਂਡਬਾਲ ਚੈਂਪੀਅਨਸ਼ਿਪ ਵਿੱਚ ਜਿੱਤਿਆ ਸੋਨੇ ਦਾ ਤਗਮਾ

ਲੁਧਿਆਣਾ 01 ਅਪ੍ਰੈਲ 2026- ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਖਿਡਾਰੀ ਅਰਸ਼ਦੀਪ ਸਿੰਘ ਬੈਨੀਵਾਲ ਨੇ ਯੂਨੀਵਰਸਿਟੀ ਦਾ ਸਿਰ ਉੱਚਾ ਕਰਦਿਆਂ 54ਵੀਂ ਸੀਨੀਅਰ ਕੌਮੀ ਹੈਂਡਬਾਲ ਚੈਂਪੀਅਨਸ਼ਿਪ (ਲੜਕਿਆਂ) ਵਿੱਚ ਹਿੱਸਾ ਲੈਂਦਿਆਂ ਸੋਨੇ ਦਾ ਤਗਮਾ ਪ੍ਰਾਪਤ ਕੀਤਾ ਹੈ। ਇਹ ਚੈਂਪੀਅਨਸ਼ਿਪ ਕੁਰੂਕਸ਼ੇਤਰ ਵਿਖੇ ਹੋਈ ਅਤੇ ਅਰਸ਼ਦੀਪ ਪੰਜਾਬ ਦੀ ਟੀਮ ਵੱਲੋਂ ਇਸ ਵਿੱਚ ਖੇਡ ਰਿਹਾ ਸੀ।
          ਡਾ. ਜਤਿੰਦਰ ਪਾਲ ਸਿੰਘ ਗਿੱਲ, ਉਪ-ਕੁਲਪਤੀ ਨੇ ਅਰਸ਼ਦੀਪ ਦੇ ਪ੍ਰਦਰਸ਼ਨ ਅਤੇ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਯੂਨੀਵਰਸਿਟੀ ਦੀਆਂ ਖੇਡ ਗਤੀਵਿਧੀਆਂ ਨੂੰ ਹੋਰ ਹੁਲਾਰਾ ਮਿਲੇਗਾ ਅਤੇ ਵਿਦਿਆਰਥੀ ਵਧੇਰੇ ਸਮਰਪਣ ਭਾਵ ਨਾਲ ਖੇਡਾਂ ਵਿੱਚ ਹਿੱਸਾ ਲੈਣਗੇ।
          ਡਾ. ਰਾਬਿੰਦਰ ਸਿੰਘ ਔਲਖ, ਨਿਰਦੇਸ਼ਕ ਵਿਦਿਆਰਥੀ ਭਲਾਈ ਨੇ ਕਿਹਾ ਕਿ ਇਸ ਵਿਦਿਆਰਥੀ ਨੇ ਖੇਡਾਂ ਅਤੇ ਪੜ੍ਹਾਈ ਵਿੱਚ ਇਕ ਸੰਤੁਲਨ ਬਣਾਉਂਦੇ ਹੋਏ ਇਹ ਪ੍ਰਾਪਤੀ ਦਰਜ ਕੀਤੀ ਹੈ। ਉਨ੍ਹਾਂ ਨੇ ਭਵਿੱਖ ਵਿੱਚ ਵੀ ਅਜਿਹੀ ਕਾਰਗੁਜਾਰੀ ਵਿਖਾਉਣ ਲਈ ਉਸ ਨੂੰ ਉਤਸ਼ਾਹਿਤ ਕੀਤਾ।
          ਡਾ. ਬਿਲਾਵਲ ਸਿੰਘ, ਇੰਚਾਰਜ ਖੇਡ ਵਿੰਗ ਅਤੇ ਡਾ. ਪ੍ਰਤੀਕ ਸਿੰਘ ਧਾਲੀਵਾਲ ਸਹਿ-ਇੰਚਾਰਜ, ਖੇਡ ਵਿੰਗ ਨੇ ਕਿਹਾ ਕਿ ਸਾਡੇ ਵਿਦਿਆਰਥੀ ਖੇਡਾਂ ਅਤੇ ਕਲਾਤਮਕ ਗਤੀਵਿਧੀਆਂ ਵਿੱਚ ਬਹੁਤ ਮਾਣਮੱਤੀਆਂ ਪ੍ਰਾਪਤੀਆਂ ਦਰਜ ਕਰ ਰਹੇ ਹਨ ਅਤੇ ਯੂਨੀਵਰਸਿਟੀ ਉਨ੍ਹਾਂ ਦੇ ਚੰਗੇ ਪ੍ਰਦਰਸ਼ਨ ਲਈ ਪੁਰਨ ਸਹੂਲਤਾਂ ਪ੍ਰਦਾਨ ਕਰ ਰਹੀ ਹੈ।