ਮਲੇਰੀਆ ਸਮੇਤ ਵੈਕਟਰ ਬੌਰਨ ਬਿਮਾਰੀਆਂ ਦਾ ਫੈਲਾਅ ਰੋਕਣ ਲਈ ਮਿਲ ਕੇ ਹੰਭਲਾ ਮਾਰਨ ਦੀ ਲੋੜ - ਡੀ.ਸੀ

ਨਵਾਂਸ਼ਹਿਰ- ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਸ਼ਵ ਮਲੇਰੀਆ ਦਿਵਸ ਨੂੰ ਮੁੱਖ ਰੱਖਦੇ ਹੋਏ ਡੇਂਗੂ, ਮਲੇਰੀਆ, ਚਿਕਨਗੁਨੀਆ ਤੇ ਹੋਰ ਵੈਕਟਰ ਬੌਰਨ ਬਿਮਾਰੀਆਂ ਦੀ ਰੋਕਥਾਮ ਲਈ ਜ਼ਿਲ੍ਹਾ ਪੱਧਰੀ ਅੰਤਰ-ਵਿਭਾਗੀ ਕਮੇਟੀ ਦੀ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿਚ ਸਿਹਤ ਵਿਭਾਗ ਤੋਂ ਇਲਾਵਾ ਵੱਖ-ਵੱਖ ਸਰਕਾਰੀ ਭਾਈਵਾਲ ਵਿਭਾਗਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ।

ਨਵਾਂਸ਼ਹਿਰ- ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਸ਼ਵ ਮਲੇਰੀਆ ਦਿਵਸ ਨੂੰ ਮੁੱਖ ਰੱਖਦੇ ਹੋਏ ਡੇਂਗੂ, ਮਲੇਰੀਆ, ਚਿਕਨਗੁਨੀਆ ਤੇ ਹੋਰ ਵੈਕਟਰ ਬੌਰਨ ਬਿਮਾਰੀਆਂ ਦੀ ਰੋਕਥਾਮ ਲਈ ਜ਼ਿਲ੍ਹਾ ਪੱਧਰੀ ਅੰਤਰ-ਵਿਭਾਗੀ ਕਮੇਟੀ ਦੀ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿਚ ਸਿਹਤ ਵਿਭਾਗ ਤੋਂ ਇਲਾਵਾ ਵੱਖ-ਵੱਖ ਸਰਕਾਰੀ ਭਾਈਵਾਲ ਵਿਭਾਗਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ। 
ਇਸ ਮੌਕੇ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਸਿਹਤ, ਸਿੱਖਿਆ, ਸਥਾਨਕ ਸਰਕਾਰਾਂ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਸਮੇਤ ਵੱਖ-ਵੱਖ ਸਰਕਾਰੀ ਭਾਈਵਾਲ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿਚ ਵੈਕਟਰ-ਬੌਰਨ ਬਿਮਾਰੀਆਂ ਦੀ ਰੋਕਥਾਮ ਲਈ ਮਿਲ ਕੇ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਅਜਿਹੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ ਨੂੰ ਸਮੂਹਿਕ ਜ਼ਿੰਮੇਵਾਰੀ ਦੱਸਦੇ ਹੋਏ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹਾ ਪੱਧਰੀ ਵਟਸਐਪ ਗਰੁੱਪ ਕਾਰਜਸ਼ੀਲ ਕੀਤਾ ਜਾਵੇ, ਜਿਥੇ ਸਿਹਤ ਵਿਭਾਗ ਬੁਖਾਰ, ਡੇਂਗੂ ਜਾਂ ਮਲੇਰੀਆ ਵਰਗੀਆਂ ਵੈਕਟਰ ਬੌਰਨ ਬਿਮਾਰੀਆਂ ਦੇ ਕੇਸਾਂ ਬਾਬਤ ਸਬੰਧਤ ਵਿਭਾਗ ਨੂੰ ਅਪਡੇਟ ਕਰਨ ਲਈ ਪੋਸਟ ਪਾਉਣਗੇ ਤਾਂ ਜੋ ਉਨ੍ਹਾਂ ਵੱਲੋਂ ਉਸ ਵਿਸ਼ੇਸ਼ ਖੇਤਰ, ਜਿਥੋਂ ਅਜਿਹੇ ਕੇਸ ਆ ਰਹੇ ਹਨ, ਵਿਚ ਉਚਿਤ ਰੋਕਥਾਮ ਉਪਾਅ ਕਰਨ ਲਈ ਸਮੇਂ ਰਹਿੰਦਿਆਂ ਦਖਲ ਦਿੱਤਾ ਜਾ ਸਕੇ।
ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਵਿਚ ਨਿਰਵਿਘਨ ਤਾਲਮੇਲ ਦੀ ਮਹੱਤਤਾ ''ਤੇ ਜ਼ੋਰ ਦਿੱਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਰੇਕ ਅਧਿਕਾਰੀ ਕੋਲ ਕੇਸਾਂ ਦੇ ਸਾਰੇ ਵੇਰਵੇ, ਹੌਟਸਪੌਟ, ਨਮੂਨੇ ਅਤੇ ਹੋਰ ਜ਼ਰੂਰੀ ਜਾਣਕਾਰੀ ਆਸਾਨੀ ਨਾਲ ਉਪਲਬੱਧ ਹੋਣੀ ਚਾਹੀਦੀ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਨੇ ਡੇਂਗੂ, ਮਲੇਰੀਆ, ਚਿਕਨਗੁਨੀਆ ਜਿਹੀਆਂ ਬਿਮਾਰੀਆਂ ਦੀ ਰੋਕਥਾਮ ਲਈ ਨਿਵੇਕਲੀ ‘ਲਿਟਲ ਚੈਂਪੀਅਨਜ਼ ਕੰਪੇਨ’ ਸ਼ੁਰੂ ਕੀਤੀ ਹੈ, ਜਿਸ ਵਿਚ ਸਰਕਾਰੀ ਸਕੂਲਾਂ ਦੇ ਬੱਚਿਆਂ ਅਤੇ ਅਧਿਆਪਕਾਂ ਨੂੰ ਸ਼ਾਮਲ ਕੀਤਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਕੂਲਾਂ ਵਿਚ ਜਾ ਕੇ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਅਧਿਆਪਕਾਂ ਅਤੇ ਬੱਚਿਆਂ ਨੂੰ ਜਾਣਕਾਰੀ ਦਿੱਤੀ ਜਾਵੇ। 
ਉਨ੍ਹਾਂ ਦੱਸਿਆ ਕਿ ‘ਲਿਟਲ ਚੈਂਪੀਅਨਜ਼ ਕੰਪੇਨ’ ਨਾਮੀ ਇਸ ਪਹਿਲਕਦਮੀ ਤਹਿਤ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸਕੂਲ ਦੀ ਚਾਰਦੀਵਾਰੀ ਅੰਦਰ ਕਿਸੇ ਵੀ ਥਾਂ ਪਾਣੀ ਇਕੱਠਾ ਨਾ ਹੋਣ, ਸਕੂਲਾਂ ਅਤੇ ਘਰਾਂ ਅੰਦਰ ਸਾਫ਼-ਸਫ਼ਾਈ ਅਤੇ ਮੱਛਰ ਦਾ ਲਾਰਵਾ ਪੈਦਾ ਨਾ ਹੋਣ ਦੇ ਤਰੀਕਿਆਂ ਬਾਰੇ ਸਮਝਾਇਆ ਜਾਵੇ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਮੰਤਵ ਇਹੋ ਹੈ ਕਿ ਸਕੂਲੀ ਬੱਚੇ ਇਨ੍ਹਾਂ ਬਿਮਾਰੀਆਂ ਬਾਰੇ ਖ਼ੁਦ ਵੀ ਜਾਗਰੂਕ ਹੋਣ ਅਤੇ ਆਪਣੇ ਮਾਪਿਆਂ, ਗੁਆਂਢੀਆਂ ਤੇ ਰਿਸ਼ਤੇਦਾਰਾਂ ਨੂੰ ਵੀ ਜਾਗਰੂਕ ਕਰਨ। 
ਇਸ ਤੋਂ ਇਲਾਵਾ, ਬੱਚਿਆਂ ਦੀਆਂ ਪਾਠਕ੍ਰਮ-ਬਾਹਰਲੀਆਂ ਸਰਗਰਮੀਆਂ ਜਿਵੇਂ ਡਰਾਇੰਗ, ਸਵਾਲ-ਜਵਾਬ ਮੁਕਾਬਲੇ, ਪ੍ਰਦਰਸ਼ਨੀਆਂ, ਨੁੱਕੜ-ਨਾਟਕ ਅਤੇ ਗਰਮੀ ਦੀਆਂ ਛੁੱਟੀਆਂ ਦੌਰਾਨ ਸਕੂਲੀ ਕੰਮ ਵਿਚ ਇਨ੍ਹਾਂ ਬਿਮਾਰੀਆਂ ਦੇ ਵਿਸ਼ੇ ਸ਼ਾਮਲ ਕੀਤੇ ਜਾਣ। ਇਸ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਲਾਰਵੇ ਬਾਰੇ ਸਿੱਖਿਅਤ ਕਰਨ ਲਈ ਵਿਦਿਅਕ ਸੰਸਥਾਵਾਂ ਤੱਕ ਵੀ ਪਹੁੰਚ ਕਰਨੀ ਚਾਹੀਦੀ ਹੈ, ਕਿਉਂਕਿ ਉਹ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਮੱਛਰਾਂ ਦੇ ਪ੍ਰਜਨਨ ਨੂੰ ਰੋਕਣ ਵਿੱਚ ਮਦਦ ਕਰਨ ਲਈ ਸੰਵੇਦਨਸ਼ੀਲ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਅ ਸਕਦੇ ਹਨ।