ਵਿਸ਼ਵ ਵਾਤਾਵਰਣ ਦਿਵਸ ’ਤੇ ਜ਼ਿਲ੍ਹੇ ਦੀਆਂ 27 ਸੰਸਥਾਵਾਂ ਦੇ 1750 ਵਲੰਟੀਅਰਾਂ ਨੇ ਲਗਾਏ 10050 ਤੋਂ ਵੱਧ ਪੌਦੇ

ਹੁਸ਼ਿਆਰਪੁਰ - ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਸਿਹਤਮੰਦ ਸਰੀਰ ਲਈ ਵਾਤਾਵਰਣ ਦਾ ਸ਼ੁੱਧ ਹੋਣਾ ਸਮੇਂ ਦੀ ਮੁੱਖ ਲੋੜ ਹੈ, ਇਸ ਲਈ ਵਾਤਾਵਰਣ ਨੂੰ ਤੰਦਰੁਸਤ ਬਣਾਉਣ ਲਈ ਹਰ ਵਿਅਕਤੀ ਦਾ ਯੋਗਦਾਨ ਬਹੁਤ ਜ਼ਰੂਰੀ ਹੈ। ਉਹ ਅੱਜ ਵਿਸ਼ਵ ਵਾਤਾਵਰਣ ਦਿਵਸ ਮੌਕੇ ਯੁਵਕ ਸੇਵਾਵਾਂ ਵਿਭਾਗ ਵਲੋਂ ਵਾਤਾਵਰਣ ਦਿਵਸ ’ਤੇ ਜ਼ਿਲ੍ਹੇ ਵਿਚ ਪੌਦੇ ਲਗਾਉਣ ਲਈ ਚਲਾਈ ਗਈ ਮੁਹਿੰਮ ਤਹਿਤ ਪੌਦੇ ਲਗਾਉਣ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਇੰਟਰਨੈਸ਼ਨਲ ਟਰੈਕਟਰ ਲਿਮਟਿਡ ਸੋਨਾਲੀਕਾ ਦੇ ਪ੍ਰੋਜੈਕਟ ‘ਆਈ ਲਵ ਹੁਸ਼ਿਆਰਪੁਰ’ ਦੀ ਟੀਮ ਵੀ ਉਨ੍ਹਾਂ ਨਾਲ ਮੌਜੂਦ ਸੀ, ਜੋ ਕਿ ਵਾਤਾਵਰਣ ਦੀ ਸੁਰੱਖਿਆ ਵਿਚ ਬਿਹਤਰੀਨ ਕੰਮ ਕਰ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਵਾ ਪ੍ਰਦੂਸ਼ਣ ਮਨੁੱਖੀ ਸਿਹਤ ਲਈ ਬਹੁਤ ਖਤਰਨਾਕ ਹੈ ਅਤੇ ਸ਼ੁੱਧ ਜਲਵਾਯੂ ਬਰਕਰਾਰ ਰੱਖਣ ਲਈ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ, ਜਿਸ ਵਿਚ ਸਕੂਲੀ ਵਿਦਿਆਰਥੀਆਂ, ਸਮਾਜਿਕ ਸੰਗਠਨ, ਮਾਤਾ-ਪਿਤਾ ਅਤੇ ਅਧਿਆਪਕ ਅਹਿਮ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਇਕਜੁੱਟਤਾ ਅਤੇ ਸਾਂਝੇ ਯਤਨਾਂ ਨਾਲ ਸੂਬੇ ਨੂੰ ਹਰਾ-ਭਰਾ ਬਣਾਉਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਪਰਿਵਾਰ ਦੇ ਹਰ ਮੈਂਬਰ ਨੂੰ ਇਕ ਪੌਦਾ ਜ਼ਰੂਰ ਲਗਾ ਕੇ ਉਸ ਦੀ ਦੇਖਭਾਲ ਕਰਨੀ ਚਾਹੀਦੀ ਹੈ।
ਡਿਪਟੀ ਕਮਿਸ਼ਨਰ ਨੇ ਯੁਵਕ ਸੇਵਾਵਾਂ ਵਿਭਾਗ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਵਿਭਾਗ ਨੇ ਬਹੁਤ ਹੀ ਸ਼ਲਾਘਾਯੋਗ ਪਹਿਲ ਕਰਦੇ ਹੋਏ ਜ਼ਿਲ੍ਹੇ ਦੇ ਯੂਥ ਕਲੱਬਾਂ ਅਤੇ ਐਨ.ਐਸ.ਐਸ ਵਲੰਟੀਅਰਾਂ ਰਾਹੀਂ ਪੌਦੇ ਲਗਾਉਣ ਨੂੰ ਮੁਹਿੰਮ ਦੇ ਰੂਪ ਵਿਚ ਲਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹੇ ਦੀਆਂ 27 ਸੰਸਥਾਵਾਂ ਦੇ 1750 ਵਲੰਟੀਅਰਾਂ ਨੇ 10050 ਤੋਂ ਵੱਧ ਪੌਦੇ ਲਗਾਏ ਹਨ। ਇਸ ਮੌਕੇ ਉਨ੍ਹਾਂ ਐਨ.ਐਸ.ਐਸ ਵਲੰਟੀਅਰਾਂ, ਰੈਡ ਰਿਬਨ ਕਲੱਬਾਂ ਅਤੇ ਯੁਵਕ ਸੇਵਾਵਾਂ ਕਲੱਬਾਂ ਦੀ ਸ਼ਲਾਘਾ ਵੀ ਕੀਤੀ ਜੋ ਕਿ ਗਰੀਨ ਹੁਸ਼ਿਆਰਪੁਰ ਮੁਹਿੰਮ ਨੂੰ ਸਾਕਾਰ ਕਰਨ ਵਿਚ ਪੂਰੀ ਮਿਹਨਤ ਨਾਲ ਲੱਗੇ ਹੋਏ ਹਨ।
ਯੁਵਕ ਸੇਵਾਵਾਂ ਵਿਭਾਗ ਹੁਸ਼ਿਆਰਪੁਰ ਦੇ ਸਹਾਇਕ ਡਾਇਰੈਕਟਰ ਪ੍ਰੀਤ ਕੋਹਲੀ ਨੇ ਕਿਹਾ ਕਿ ਵਾਤਾਵਰਣ ਦਿਵਸ ’ਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੀ ਅਗਵਾਈ ਵਿਚ ਪੂਰੇ ਜ਼ਿਲ੍ਹੇ ਵਿਚ ਪੌਦੇ ਲਗਾਉਣ ਦੀ ਮੁਹਿੰਮ ਨੂੰ ਅਮਲ ਵਿਚ ਲਿਆਂਦਾ ਗਿਆ ਹੈ। ਇਸ ਮੌਕੇ ਜ਼ਿਲ੍ਹੇ ਭਰ ਦੇ ਵਲੰਟੀਅਰਾਂ ਵਲੋਂ ਛੁੱਟੀ ਹੋਣ ਦੇ ਬਾਵਜੂਦ ਆਪਣੇ-ਆਪਣੇ ਘਰ, ਗਲੀ, ਮੁਹੱਲਿਆਂ ਅਤੇ ਜਨਤਕ ਥਾਵਾਂ ’ਤੇ ਪੌਦੇ ਲਗਾਏ ਗਏ। ਉਨ੍ਹਾਂ ਕਿਹਾ ਕਿ ਛੁੱਟੀਆਂ ਹੋਣ ਦੇ ਚੱਲਦਿਆਂ ਸਮੂਹ ਸਕੂਲ ਅਤੇ ਕਾਲਜ ਬੰਦ ਸਨ। ਇਸ ਲਈ ਇਨ੍ਹਾਂ ਦੇ ਪ੍ਰੋਗਰਾਮ ਅਧਿਕਾਰੀਆਂ ਨੂੰ ਵਟਸਅਪ ਗਰੁੱਪ ਰਾਹੀਂ ਇਕੱਤਰ ਕੀਤੇ ਗਏ  ਅਤੇ ਉਨ੍ਹਾਂ ਨਾਲ ਆਨਲਾਈਨ ਮੀਟਿੰਗ ਕਰਕੇ ਉਨ੍ਹਾਂ ਨੂੰ ਪੌਦੇ ਲਗਾਉਣ ਲਈ ਉਤਸ਼ਾਹਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਾਤਾਵਰਣ ਦਿਵਸ ਮਨਾਉਣ ਦੀ ਸ਼ੁਰੂਆਤ ਅੱਜ ਕੀਤੀ ਗਈ ਹੈ ਅਤੇ ਪਾਣੀ ਦੀ ਬੱਚਤ ਕਰਨ ਲਈ ਵੀ ਪਿੰਡਾਂ ਅਤੇ ਸ਼ਹਿਰਾਂ ਦੇ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 20 ਹਜ਼ਾਰ ਪੌਦੇ ਲਗਾਉਣ ਦਾ ਟੀਚਾ ਨਿਰਧਾਰਤ ਕੀਤਾ ਹੈ ਅਤੇ ਇਸ ਦੇ ਲਈ ਵਣ ਵਿਭਾਗ ਤੋਂ ਯੋਗ ਸਹਾਇਤਾ ਲਈ ਜਾਵੇਗੀ, ਤਾਂ ਜੋ ਵਾਤਾਵਰਣ ਨੂੰ ਸੰਤੁਲਿਤ ਕਰਨ ਵਿਚ ਆਪਣਾ ਯੋਗਦਾਨ ਪਾਇਆ ਜਾ ਸਕੇ।