ਵਿਧਾਇਕ ਇਸ਼ਾਂਕ ਕੁਮਾਰ ਨੇ ਸਕੂਲਾਂ ‘ਚ 34 ਲੱਖ ਰੁਪਏ ਦੀ ਲਾਗਤ ਵਾਲੇ ਕੰਮਾਂ ਦਾ ਕੀਤਾ ਉਦਘਾਟਨ

ਚੱਬੇਵਾਲ- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਸਿੱਖਿਆ ਕ੍ਰਾਂਤੀ ਤਹਿਤ ਵਿਧਾਇਕ ਇਸ਼ਾਂਕ ਕੁਮਾਰ ਨੇ ਅੱਜ ਸਕੂਲਾਂ ਵਿਚ ਕਰੀਬ 34 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਕੰਮਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਕਾਇਆਕਲਪ ਕੀਤੀ ਹੈ ਜਿਸ ਨਾਲ ਸਕੂਲਾਂ ਦਾ ਹਰ ਪੱਖੋਂ ਪੱਧਰ ਬਹੁਤ ਬਿਹਤਰ ਹੋਇਆ ਹੈ।

ਚੱਬੇਵਾਲ- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਸਿੱਖਿਆ ਕ੍ਰਾਂਤੀ ਤਹਿਤ ਵਿਧਾਇਕ ਇਸ਼ਾਂਕ ਕੁਮਾਰ ਨੇ ਅੱਜ ਸਕੂਲਾਂ ਵਿਚ ਕਰੀਬ 34 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਕੰਮਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਕਾਇਆਕਲਪ ਕੀਤੀ ਹੈ ਜਿਸ ਨਾਲ ਸਕੂਲਾਂ ਦਾ ਹਰ ਪੱਖੋਂ ਪੱਧਰ ਬਹੁਤ ਬਿਹਤਰ ਹੋਇਆ ਹੈ। 
ਪਿੰਡ ਮਰਨਾਈਆ ਕਲਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ 2.44 ਲੱਖ ਰੁਪਏ ਦੀ ਲਾਗਤ ਨਾਲ ਬਣੀ ਚਾਰਦਿਵਾਰੀ, ਪਿੰਡ ਪੰਡੋਰੀ ਬੀਬੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ 6 ਲੱਖ ਰੁਪਏ ਦੀ ਲਾਗਤ ਨਾਲ ਬਣੇ ਕਲਾਸ ਰੂਮ ਅਤੇ ਚਾਰਦਿਵਾਰੀ ਦੇ ਉਦਘਾਟਨ ਮੌਕੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਹਲਕਾ ਚੱਬੇਵਾਲ ਦੇ ਕਿਸੇ ਵੀ ਸਕੂਲ ਵਿਚ ਅਧਿਆਪਕਾਂ ਦੀ ਘਾਟ ਨਹੀਂ ਰਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਤਿੰਨ ਸਾਲਾਂ ਦੌਰਾਨ ਕੀਤੀਆਂ ਲਗਾਤਾਰ ਭਰਤੀਆਂ ਸਦਕਾ ਸਕੂਲਾਂ ਵਿਚ ਲੋੜੀਂਦੇ ਅਧਿਆਪਕ ਤਾਇਨਾਤ ਹਨ। 
ਉਨ੍ਹਾਂ ਕਿਹਾ ਕਿ ਹਲਕਾ ਚੱਬੇਵਾਲ ਵਿਚ ਅਧਿਆਪਕਾਂ ਦੀ ਘਾਟ ਦਾ ਮਸਲਾ ਉਨ੍ਹਾਂ ਨੇ ਵਿਧਾਨ ਸਭਾ ਵਿਚ ਉਠਾਇਆ ਸੀ ਅਤੇ ਜ਼ਿਲ੍ਹੇ ਵਿਚ 700 ਦੇ ਕਰੀਬ ਅਧਿਆਪਕ ਭੇਜੇ ਗਏ ਹਨ। ਸਰਕਾਰੀ ਹਾਈ ਸਕੂਲ ਪਿੰਡ ਪੰਡੋਰੀ ਬੀਬੀ ਵਿਖੇ 13.50 ਲੱਖ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਸਾਇੰਸ ਲੈਬ ਅਤੇ ਕਮਰਿਆਂ ਦੇ ਉਦਘਾਟਨ ਉਪਰੰਤ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿਚ ਨਵੇਂ ਮੀਲ ਪੱਥਰ ਸਥਾਪਤ ਕੀਤੇ ਗਏ ਹਨ। 
ਉਨ੍ਹਾਂ ਕਿਹਾ ਕਿ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਤੋਂ ਇਲਾਵਾ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਹਰ ਸਹੂਲਤ ਮੁਫ਼ਤ ਪ੍ਰਦਾਨ ਕੀਤੀ ਜਾ ਰਹੀ ਹੈ।ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਪਿੰਡ ਦੇ ਪ੍ਰਾਇਮਰੀ ਸਕੂਲ ਵਿਖੇ 2 ਲੱਖ ਰੁਪਏ ਦੀ ਲਾਗਤ ਨਾਲ ਹੋਏ ਕੰਮ ਲੋਕਅਰਪਣ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਸਾਲ ਨਾਲੋਂ ਸਿੱਖਿਆ ਦੇ ਬਜਟ ਵਿਚ 12 ਫੀਸਦੀ ਦਾ ਵਾਧਾ ਕੀਤਾ ਹੈ ਜੋ ਕਿ ਸਿੱਖਿਆ ਦੇ ਖੇਤਰ ਨੂੰ ਹੋਰ ਮਜ਼ਬੂਤ ਕਰਨ ਵਿਚ ਸਹਾਈ ਹੋਵੇਗਾ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ, ਪਿੰਡਾਂ ਦੇ ਮੋਹਤਬਰ, ਸਕੂਲਾਂ ਦਾ ਸਟਾਫ ਅਤੇ ਵਿਦਿਆਰਥੀ ਵੀ ਮੌਜੂਦ ਸਨ।