ਜ਼ਿਲ੍ਹੇ 'ਚ ਗ੍ਰਾਮ ਪੰਚਾਇਤ ਚੋਣਾਂ ਲਈ ਵੋਟਾਂ ਅੱਜ, ਪੋਲਿੰਗ ਟੀਮਾਂ ਪੋਲਿੰਗ ਬੂਥਾਂ 'ਤੇ ਪਹੁੰਚੀਆਂ

ਪਟਿਆਲਾ, 14 ਅਕਤੂਬਰ - ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਲਈ ਵੋਟਾਂ 15 ਅਕਤੂਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤਕ ਪੁਆਈਆਂ ਜਾਣਗੀਆਂ, ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੁੱਚੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਨ੍ਹਾਂ ਚੋਣਾਂ ਨੂੰ ਪੂਰੀ ਤਰ੍ਹਾਂ ਨਿਰਪੱਖ ਤੇ ਅਮਨ-ਅਮਾਨ ਨਾਲ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਅੱਜ ਜ਼ਿਲ੍ਹਾ ਪਟਿਆਲਾ ਦੇ ਚੋਣਾਂ ਵਾਲੇ ਪਿੰਡਾਂ ਵਿੱਚ ਪੋਲਿੰਗ ਬੂਥਾਂ ਵਿਖੇ ਵੋਟਾਂ ਪੁਆਉਣ ਲਈ ਚੋਣ ਅਮਲੇ ਦੀਆਂ ਪੋਲਿੰਗ ਪਾਰਟੀਆਂ ਚੋਣ ਸਮੱਗਰੀ ਨਾਲ ਆਪਣੇ ਪੋਲਿੰਗ ਸਟੇਸ਼ਨਾਂ ਵਿਖੇ ਪੁੱਜ ਗਈਆਂ ਹਨ।

ਪਟਿਆਲਾ, 14 ਅਕਤੂਬਰ - ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਲਈ ਵੋਟਾਂ 15 ਅਕਤੂਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤਕ ਪੁਆਈਆਂ ਜਾਣਗੀਆਂ, ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੁੱਚੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਨ੍ਹਾਂ ਚੋਣਾਂ ਨੂੰ ਪੂਰੀ ਤਰ੍ਹਾਂ ਨਿਰਪੱਖ ਤੇ ਅਮਨ-ਅਮਾਨ ਨਾਲ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਅੱਜ ਜ਼ਿਲ੍ਹਾ ਪਟਿਆਲਾ ਦੇ ਚੋਣਾਂ ਵਾਲੇ ਪਿੰਡਾਂ ਵਿੱਚ ਪੋਲਿੰਗ ਬੂਥਾਂ ਵਿਖੇ ਵੋਟਾਂ ਪੁਆਉਣ ਲਈ ਚੋਣ ਅਮਲੇ ਦੀਆਂ ਪੋਲਿੰਗ ਪਾਰਟੀਆਂ ਚੋਣ ਸਮੱਗਰੀ ਨਾਲ ਆਪਣੇ ਪੋਲਿੰਗ ਸਟੇਸ਼ਨਾਂ ਵਿਖੇ ਪੁੱਜ ਗਈਆਂ ਹਨ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਚੋਣਾਂ ਲਈ ਸਾਰੇ ਐਸ.ਡੀ.ਐਮ ਵੱਲੋਂ ਚੋਣ ਅਮਲ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰੀਜ਼ਾਈਡਿੰਗ ਅਫ਼ਸਰਾਂ ਅਤੇ ਪੋਲਿੰਗ ਅਫ਼ਸਰਾਂ ਦੀਆਂ ਪਾਰਟੀਆਂ ਨੂੰ ਬੈਲੇਟ ਪੇਪਰਾਂ, ਮਤਦਾਨ ਪੇਟੀਆਂ ਤੇ ਹੋਰ ਚੋਣ ਸਮਗਰੀ ਸੌਂਪਕੇ ਸੁਰੱਖਿਆ ਦਸਤਿਆਂ ਦੀ ਜ਼ੇਰੇ ਨਿਗਰਾਨੀ ਹੇਠ ਰਵਾਨਾ ਕੀਤਾ ਗਿਆ। ਉਨ੍ਹਾਂ  ਇੱਥੇ ਸਰਕਾਰੀ ਮਹਿੰਦਰਾ ਕਾਲਜ ਵਿਖੇ ਪੋਲਿੰਗ ਪਾਰਟੀਆਂ ਨੂੰ ਰਵਾਨਾ ਕਰਨ ਦੀ ਚਲ ਰਹੀ ਪ੍ਰਕ੍ਰਿਆ ਦਾ ਜਾਇਜ਼ਾ ਲਿਆ। ਉਨ੍ਹਾਂ ਅਪੀਲ ਕੀਤੀ ਕਿ ਵੋਟਰ ਬਿਨਾਂ ਕਿਸੇ ਡਰ ਭੈਅ ਤੋਂ ਆਪਣੀ ਵੋਟ ਦਾ ਭੁਗਤਾਨ ਕਰਨ ਅਤੇ ਚੋਣਾਂ ਦੌਰਾਨ ਅਮਨ ਤੇ ਸ਼ਾਂਤੀ ਬਣਾਈ ਰੱਖਣ ਲਈ ਪ੍ਰਸ਼ਾਸਨ ਨੂੰ ਸਹਿਯੋਗ ਦੇਣ।
 ਡਿਪਟੀ ਕਮਿਸ਼ਨਰ ਨੇ ਚੋਣ ਅਮਲੇ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਤਰ੍ਹਾਂ ਨਿਰਪੱਖਤਾ, ਸ਼ਿੱਦਤ, ਤਨਦੇਹੀ ਤੇ ਈਮਾਨਦਾਰੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਚੋਣ ਡਿਊਟੀ ਦੌਰਾਨ ਕਿਸੇ ਕਿਸਮ ਦੀ ਕੁਤਾਹੀ ਕਰਨ ਵਾਲੇ ਅਧਿਕਾਰੀ ਜਾਂ ਕਰਮਚਾਰੀ ਵਿਰੁੱਧ ਅਨੁਸ਼ਾਸਨੀ ਕਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਨੂੰ ਨਿਰਵਿਘਨ ਢੰਗ ਨਾਲ ਨੇਪਰੇ ਚੜ੍ਹਾਉਣ ਲਈ 10500 ਚੋਣ ਅਮਲਾ ਤਾਇਨਾਤ ਕੀਤਾ ਗਿਆ ਹੈ।
ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਵੋਟਰ, ਵੋਟਰ ਸਲਿਪ ਜਾਂ ਆਪਣੀ ਪਛਾਣ ਲਈ ਐਪਿਕ ਵੋਟਰ ਆਈ.ਡੀ. ਕਾਰਡ ਵੋਟਰ ਸਮੇਤ ਸਬੂਤ ਵੱਜੋਂ 11 ਹੋਰ ਦਸਤਾਵੇਜ਼ਾਂ ਪਾਸਪੋਰਟ, ਡਰਾਈਵਿੰਗ ਲਾਇਸੰਸ, ਆਧਾਰ ਕਾਰਡ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜ਼ਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁਕ, ਪੈਨ ਕਾਰਡ, ਮਨਰੇਗਾ ਜੌਬ ਕਾਰਡ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਸਮਾਰਟ ਕਾਰਡ, ਸਿਹਤ ਬੀਮਾ ਕਾਰਡ, ਫੋਟੋ ਸਹਿਤ ਪੈਨਸ਼ਨ ਦਸਤਾਵੇਜ਼ ਤੇ ਐਮ.ਪੀ. ਐਮ.ਐਲ.ਏ. ਵੱਲੋਂ ਜਾਰੀ ਪਹਿਚਾਣ ਪੱਤਰ ਦਿਖਾ ਕੇ ਵੀ ਵੋਟ ਪਾ ਸਕਦੇ ਹਨ।
ਇਸੇ ਦੌਰਾਨ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਵਿਵਸਥਾ ਬਣਾਏ ਰੱਖਣ ਲਈ ਪੁਲਿਸ ਨੇ ਪੁਖ਼ਤਾ ਇੰਤਜਾਮ ਕੀਤੇ ਹਨ ਤੇ ਇਸ ਲਈ ਲੋੜੀਂਦੀ ਫੋਰਸ ਦੀ ਤਾਇਨਾਤੀ ਕੀਤੀ ਗਈ ਹੈ। ਜਦਕਿ ਪੈਟਰੌਲਿੰਗ ਪਾਰਟੀਆਂ ਵੀ ਵਾਇਰਲੈਸ ਨਾਲ ਲੈਸ ਕਰਕੇ ਤਾਇਨਾਤ ਹਨ। ਜ਼ਿਲ੍ਹੇ ਦੇ ਹਰਿਆਣਾ ਨਾਲ ਲੱਗਦੇ ਇਲਾਕਿਆਂ 'ਚ ਅੰਤਰਰਾਜੀ ਨਾਕੇ ਅਤੇ ਅੰਤਰ ਜ਼ਿਲ੍ਹਾ ਨਾਕੇ ਲਗਾਏ ਗਏ ਹਨ ਅਤੇ ਸੰਵੇਦਨਸ਼ੀਲ ਤੇ ਅਤਿ ਸੰਵੇਦਨਸ਼ੀਲ ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇਗੀ।
ਡਾ. ਨਾਨਕ ਸਿੰਘ ਨੇ ਹੋਰ ਕਿਹਾ ਕਿ ਕਿਸੇ ਵੀ ਗ਼ੈਰ ਸਮਾਜੀ ਅਨਸਰ ਨੂੰ ਕੋਈ ਗੜਬੜੀ ਨਹੀਂ ਕਰਨ ਦਿੱਤੀ ਜਾਵੇਗੀ। ਇਸੇ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਨੁਪ੍ਰਿਤਾ ਜੌਹਲ ਨੇ ਤਾਇਨਾਤ ਚੋਣ ਅਮਲੇ ਨੂੰ ਸਫ਼ਲਤਾਪੂਰਵਕ ਵੋਟਾਂ ਪੁਆਉਣ ਲਈ ਸ਼ੁਭ ਕਾਮਨਾਵਾਂ ਦਿੰਦਿਆਂ ਸਮੂਹ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਹ ਚੋਣਾਂ ਪੁਰਅਮਨ ਤੇ ਸਫ਼ਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਆਪਣਾ ਸਹਿਯੋਗ ਦੇਣ।