
ਸ਼ਾਂਤੀ ਬਹਾਲੀ ’ਚ ਪੰਜਾਬ ਪੁਲਿਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਕੁਰਬਾਨੀ ਬੇਮਿਸਾਲ : ਐਸ.ਐਸ.ਪੀ ਡਾ. ਮਹਿਤਾਬ ਸਿੰਘ
ਨਵਾਂਸ਼ਹਿਰ, 21 ਅਕਤੂਬਰ - ਆਈ. ਟੀ. ਆਈ ਗਰਾਊਂਡ ਨਵਾਂਸ਼ਹਿਰ ਵਿਖੇ ਅੱਜ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮੌਕੇ ਪੁਲਿਸ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਐਸ.ਐਸ.ਪੀ ਡਾ. ਮਹਿਤਾਬ ਸਿੰਘ ਦੀ ਅਗਵਾਈ ਹੇਠ ਕਰਵਾਏ ਇਸ ਸਮਾਗਮ ਵਿਚ ਜ਼ਿਲ੍ਹਾ ਤੇ ਸੈਸ਼ਨ ਜੱਜ ਪ੍ਰੀਆ ਸੂਦ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਦੌਰਾਨ ਐਸ.ਐਸ.ਪੀ ਡਾ. ਮਹਿਤਾਬ ਸਿੰਘ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਅਧਿਕਾਰੀਆਂ ਅਤੇ ਜਵਾਨਾਂ ਵੱਲੋਂ ਸੂਬੇ ਦੀ ਸ਼ਾਂਤੀ ਬਹਾਲੀ ਲਈ ਕੀਤੀ ਕੁਰਬਾਨੀ ਬੇਮਿਸਾਲ ਹੈ ਅਤੇ ਇਸ ਨੂੰ ਭੁਲਾਇਆ ਨਹੀਂ ਜਾ ਸਕਦਾ।
ਨਵਾਂਸ਼ਹਿਰ, 21 ਅਕਤੂਬਰ - ਆਈ. ਟੀ. ਆਈ ਗਰਾਊਂਡ ਨਵਾਂਸ਼ਹਿਰ ਵਿਖੇ ਅੱਜ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮੌਕੇ ਪੁਲਿਸ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਐਸ.ਐਸ.ਪੀ ਡਾ. ਮਹਿਤਾਬ ਸਿੰਘ ਦੀ ਅਗਵਾਈ ਹੇਠ ਕਰਵਾਏ ਇਸ ਸਮਾਗਮ ਵਿਚ ਜ਼ਿਲ੍ਹਾ ਤੇ ਸੈਸ਼ਨ ਜੱਜ ਪ੍ਰੀਆ ਸੂਦ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਦੌਰਾਨ ਐਸ.ਐਸ.ਪੀ ਡਾ. ਮਹਿਤਾਬ ਸਿੰਘ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਅਧਿਕਾਰੀਆਂ ਅਤੇ ਜਵਾਨਾਂ ਵੱਲੋਂ ਸੂਬੇ ਦੀ ਸ਼ਾਂਤੀ ਬਹਾਲੀ ਲਈ ਕੀਤੀ ਕੁਰਬਾਨੀ ਬੇਮਿਸਾਲ ਹੈ ਅਤੇ ਇਸ ਨੂੰ ਭੁਲਾਇਆ ਨਹੀਂ ਜਾ ਸਕਦਾ।
ਉਨ੍ਹਾਂ ਕਿਹਾ ਕਿ ਇਨ੍ਹਾਂ ਨੇ ਨਾ ਕੇਵਲ ਸੂਬੇ ਵਿਚ ਸ਼ਾਂਤੀ ਅਤੇ ਸਦਭਾਵਨਾ ਕਾਇਮ ਰੱਖਣ ਲਈ ਆਪਣੀਆਂ ਜਾਨਾਂ ਵਾਰੀਆਂ, ਬਲਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਵੀ ਕੀਤੀ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਅਰਧ ਸੈਨਿਕ ਬਲਾਂ ਵੱਲੋਂ ਹਰ ਸਾਲ ਡਿਊਟੀ ਦੌਰਾਨ ਦਿੱਤੀਆਂ ਜਾਂਦੀਆਂ ਬੇਮਿਸਾਲ ਕੁਰਬਾਨੀਆਂ ਦਾ ਇਹ ਸਿਲਸਿਲਾ ਜਾਰੀ ਹੈ। ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ 27 ਪੁਲਿਸ ਜਵਾਨਾਂ ਅਤੇ ਅਧਿਕਾਰੀਆਂ ਨੇ ਅੱਤਵਾਦ ਵਿਰੁੱਧ ਲੜਦਿਆਂ ਆਪਣੀਆਂ ਜਾਨਾਂ ਕੁਰਬਾਨ ਕਰਕੇ ਸੂਬੇ ਵਿਚ ਅਮਨ-ਸ਼ਾਂਤੀ, ਸਦਭਾਵਨਾ ਤੇ ਕਾਨੂੰਨ ਵਿਵਸਥਾ ਦੀ ਬਹਾਲੀ ਲਈ ਆਪਣਾ ਯੋਗਦਾਨ ਪਾਇਆ ਸੀ।
ਉਨ੍ਹਾਂ ਕਿਹਾ ਕਿ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਸ਼ਹੀਦਾਂ ਨੂੰ ਯਾਦ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਆਸ਼ਰਿਤਾਂ ਨੂੰ ਇਹ ਭਰੋਸਾ ਦਿਵਾਉਣ ਲਈ ਮਨਾਇਆ ਜਾਂਦਾ ਹੈ ਕਿ ਪੁਲਿਸ ਵਿਭਾਗ ਅਤੇ ਸਮੁੱਚਾ ਸਮਾਜ ਪੁਲਿਸ ਦੀਆਂ ਕੁਰਬਾਨੀਆਂ ਦਾ ਹਮੇਸ਼ਾਂ ਰਿਣੀ ਰਹੇਗਾ ਅਤੇ ਪਰਿਵਾਰਾਂ ਨਾਲ ਖੜ੍ਹੇਗਾ। ਉਨ੍ਹਾਂ ਪੁਲਿਸ ਸ਼ਹੀਦਾਂ ਦੇ ਆਸ਼ਰਿਤਾਂ ਦੀਆਂ ਮੁਸ਼ਕਿਲਾਂ ਨੂੰ ਹਮਦਰਦੀ ਨਾਲ ਸੁਣਿਆ ਅਤੇ ਉਨ੍ਹਾਂ ਦਾ ਮੌਕੇ ’ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਪਰੇਡ ਦੀ ਇਤਿਹਾਸਕ ਮਹੱਤਤਾ ਬਾਰੇ ਦੱਸਦਿਆਂ ਐਸ.ਐਸ.ਪੀ ਨੇ ਦੱਸਿਆ ਕਿ 21 ਅਕਤੂਬਰ 1959 ਨੂੰ ਹਾਟ ਸਪਰਿੰਗਜ (ਲਦਾਖ) ਵਿਖੇ ਚੀਨੀ ਫ਼ੌਜ ਦੁਆਰਾ ਘਾਤ ਲਾ ਕੇ ਕੀਤੇ ਗਏ ਹਮਲੇ ਵਿਚ ਸੀ.ਆਰ.ਪੀ.ਐਫ ਜਵਾਨ ਸ਼ਹੀਦ ਹੋ ਗਏ ਸਨ।
ਉਸ ਤੋਂ ਬਾਅਦ ਇਸ ਦਿਨ ਨੂੰ ਸਮੁੱਚੇ ਦੇਸ਼ ’ਚ ਡਿਊਟੀ ਦੌਰਾਨ ਸ਼ਹੀਦ ਹੋਣ ਵਾਲੇ ਅਰਧ-ਸੈਨਿਕ ਬਲਾਂ ਅਤੇ ਪੁਲਿਸ ਬਲਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਮਨਾਇਆ ਜਾਂਦਾ ਹੈ। ਇਸ ਦੌਰਾਨ ਪੁਲਿਸ ਅਤੇ ਨੀਮ ਸੁਰੱਖਿਆ ਬਲਾਂ ਦੇ ਸ਼ਹੀਦ ਅਧਿਕਾਰੀਆਂ ਅਤੇ ਜਵਾਨਾਂ ਦੀ ਸੂਚੀ ਪੜ੍ਹੀ ਗਈ ਅਤੇ ਪੁਲਿਸ ਦੀ ਟੁਕੜੀ ਨੇ ਸ਼ਹੀਦਾਂ ਨੂੰ ਸੋਗ ਸਲਾਮੀ ਦਿੱਤੀ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਪ੍ਰੀਆ ਸੂਦ, ਐਸ.ਐਸ.ਪੀ ਡਾ. ਮਹਿਤਾਬ ਸਿੰਘ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਪਰਵਿੰਦਰ ਕੌਰ, ਐਸ.ਡੀ.ਐਮ ਬਲਾਚੌਰ ਪ੍ਰੀਤ ਇੰਦਰ ਸਿੰਘ ਬੈਂਸ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਪਤਵੰਤਿਆਂ ਨੇ ਦੋ ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਇਸੇ ਤਰ੍ਹਾਂ ਸੇਵਾਮੁਕਤ ਪੁਲਿਸ ਅਧਿਕਾਰੀਆਂ, ਜਵਾਨਾਂ ਅਤੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਜ਼ਿਲ੍ਹਾ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੇ ਸ਼ਹੀਦਾਂ ਦੀਆਂ ਤਸਵੀਰਾਂ ਅੱਗੇ ਫੁੱਲ ਮਾਲਾਵਾਂ ਅਤੇ ਫੁੱਲ ਪੱਤੀਆਂ ਭੇਟ ਕਰਕੇ ਦੇਸ਼ ਲਈ ਸ਼ਹੀਦੀ ਪ੍ਰਾਪਤ ਕਰਨ ਵਾਲਿਆਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਇਸ ਮੌਕੇ ਸ਼ਹੀਦਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਵੀ ਕੀਤਾ ਗਿਆ।
ਇਸ ਮੌਕੇ ਹਾਜ਼ਰ ਪੁਲਿਸ ਅਧਿਕਾਰੀਆਂ ਵਿਚ ਐਸ.ਪੀ (ਸਥਾਨਿਕ) ਸੋਹਨ ਲਾਲ, ਡੀ.ਐਸ.ਪੀ ਦਲਜੀਤ ਸਿੰਘ ਖੱਖ, ਡੀ.ਐਸ.ਪੀ ਸੁਰਿੰਦਰ ਚਾਂਦ, ਡੀ.ਐਸ.ਪੀ ਸ਼ਹਿਬਾਜ ਸਿੰਘ, ਡੀ.ਐਸ.ਪੀ ਰਾਜ ਕੁਮਾਰ, ਡੀ.ਐਸ.ਪੀ ਹਰਜੀਤ ਸਿੰਘ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਮੁੱਖ ਥਾਣਾ ਅਫ਼ਸਰ ਅਤੇ ਪੁਲਿਸ ਕਰਮਚਾਰੀ ਵੱਡੀ ਗਿਣਤੀ ਵਿਚ ਹਾਜ਼ਰ ਸਨ।
