ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ, ਨਗਰ ਨਿਗਮ ਤੇ ਪੇਂਡੂ ਵਿਕਾਸ ਵਿਭਾਗ ਨੇ ਸਾਂਝੇ ਤੌਰ ‘ਤੇ ਚਲਾਈ ਮੁਹਿੰਮ - ਕੋਮਲ ਮਿੱਤਲ
ਹੁਸ਼ਿਆਰਪੁਰ - ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸਿਹਤ ਵਿਭਾਗ, ਨਗਰ ਨਿਗਮ ਤੇ ਨਗਰ ਕੌਂਸਲਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਾਂਝੇ ਤੌਰ ‘ਤੇ ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਮੁਹਿੰਮ ਚਲਾਉਣ ਅਤੇ ਡੇਂਗੂ ਦਾ ਲਾਰਵਾ ਮਿਲਣ ‘ਤੇ ਚਲਾਨ ਵੀ ਕਰਨ। ਉਨ੍ਹਾਂ ਕਿਹਾ ਕਿ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਤੋਂ ਬਚਣ ਅਤੇ ਫੈਲਣ ਤੋਂ ਰੋਕਣ ਲਈ ਹੁਣ ਤੋਂ ਹੀ ਯਤਨ ਕੀਤੇ ਜਾਣ। ਜ਼ਿਲ੍ਹਾ ਪੱਧਰੀ ਡੇਂਗੂ ਇੰਟਰ ਸੈਕਟੋਰਲ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਦੌਰਾਨ ਉਨ੍ਹਾਂ ਨੇ ਡੇਂਗੂ ਜਾਗਰੂਕਤਾ ਸਬੰਧੀ ਪੋਸਟਰ ਵੀ ਜਾਰੀ ਕੀਤਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਵਧਾਨੀ ਹੀ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਤੋਂ ਬਚਾਅ ਦਾ ਉਪਾਅ ਹੈ। ਉਨ੍ਹਾਂ ਕਿਹਾ ਕਿ ਡੇਂਗੂ, ਮਲੇਰੀਆ ਆਦਿ ਮੱਛਰ ਦੀ ਰੋਕਥਾਮ ਕੇਵਲ ਪ੍ਰਸ਼ਾਸਨ ਦੇ ਯਤਨ ਨਾਲ ਨਹੀਂ ਬਲਕਿ ਹਰ ਜ਼ਿਲ੍ਹਾ ਨਿਵਾਸੀ ਨੂੰ ਵੀ ਆਪਣੀ ਜ਼ਿੰਮੇਵਾਰੀ ਸਮਝ ਕੇ ਆਪਣਾ ਘਰ ਅਤੇ ਆਲ੍ਹਾ-ਦੁਆਲਾ ਸਾਫ ਰੱਖਣਾ ਪਵੇਗਾ। ਇਸ ਉਦੇਸ਼ ਨੂੰ ਮੁਖ ਰੱਖਦੇ ਹੋਏ ਸਾਰੇ ਸਰਕਾਰੀ ਦਫ਼ਤਰਾਂ ਅਤੇ ਹੋਰ ਸਥਾਨਾਂ ‘ਤੇ ਮੌਜੂਦ ਕੂਲਰਾਂ ਅਤੇ ਪਾਣੀ ਦੀਆਂ ਟੰਕੀਆਂ ਆਦਿ ਦੀ ਸਫਾਈ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਡੇਂਗੂ, ਮਲੇਰੀਆ ਆਦਿ ਤੋਂ ਪੀੜਤ ਮਰੀਜ਼ਾਂ ਲਈ ਸਰਕਾਰੀ ਹਸਪਤਾਲ ਵਿਚ ਵੱਖ-ਵੱਖ ਡੇਂਗੂ ਵਾਰਡ ਸਥਾਪਿਤ ਕੀਤੇ ਜਾਣ। ਉਨ੍ਹਾਂ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਉਹ ਆਪਣੇ ਇਲਾਕੇ ਵਿਚ ਮੱਛਰ ਮਾਰਨ ਵਾਲੀਆਂ ਦਵਾਈਆਂ ਦਾ ਛਿੜਕਾਅ ਜਾਰੀ ਰੱਖਣ ਜਿਸ ਨਾਲ ਡੇਂਗੂ, ਮਲੇਰੀਆ ਆਦਿ ਫੈਲਣ ਤੋਂ ਰੋਕਿਆ ਜਾ ਸਕੇ।
ਕੋਮਲ ਮਿੱਤਲ ਨੇ ਸਕੂਲ ਸਿੱਖਿਆ ਵਿਭਾਗ ਨੂੰ ਦਿਰਦੇਸ਼ ਦਿੱਤੇ ਕਿ ਸਕੂਲਾਂ ਵਿਚ ਡੇਂਗੂ ਜਾਗਰੂਕਤਾ ਸਬੰਧੀ ਸੈਮੀਨਾਰ ਲਗਾਏ ਜਾਣ ਅਤੇ ਸਵੇਰ ਦੀ ਸਭਾ ਵਿਚ ਇਸ ਦੇ ਬਾਰੇ ਵਿਚ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ। ਉਨ੍ਹਾਂ ਕਿਹਾ ਕਿ ਸਕੂਲ ਮੁਖੀਆਂ ਵੱਲੋਂ ਵਿਦਿਆਰਥੀਆਂ ਨੂੰ ਨਿਰਦੇਸ਼ ਦਿੱਤੇ ਜਾਣ ਕਿ ਉਹ ਇਸ ਤਰ੍ਹਾਂ ਦੇ ਕੱਪੜੇ ਨਾ ਪਾਉਣ ਜੋ ਤੁਹਾਡੀਆਂ ਬਾਹਾਂ ਅਤੇ ਪੈਰਾਂ ਨੂੰ ਖੁੱਲ੍ਹਾਂ ਛੱਡਣੇ ਹੋਣ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਹਰ ਸ਼ੁੱਕਰਵਾਰ ਨੂੰ ‘ਡਰਾਈ ਡੇਅ’ (ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ) ਗਤੀਵਿਧੀ ਦੇ ਤੌਰ ‘ਤੇ ਆਪਣੇ-ਆਪਣੇ ਘਰਾਂ, ਦੁਕਾਨਾਂ ਅਤੇ ਦਫ਼ਤਰਾਂ ਵਿਚ ਪਾਣੀ ਖੜ੍ਹਾ ਨਾ ਹੋਣ ਦੇਣ। ਉਨ੍ਹਾਂ ਕਿਹਾ ਕਿ ਇਹ ਪਾਣੀ ਕੂਲਰਾਂ, ਫੂਲਾਂ ਦੇ ਗਮਲਿਆਂ, ਫਰਿੱਜ ਦੀ ਪਿਛਲੀ ਟਰੇਅ ਅਤੇ ਪੁਰਾਣੇ ਟਾਇਰਾਂ ਜਾਂ ਘਰ ਦੇ ਅੰਦਰ ਅਤੇ ਆਸ ਪਾਸ ਕਿਸੇ ਹੋਰ ਸਥਾਨ ’ਤੇ ਵੀ ਹੋ ਸਕਦਾ ਹੈ ਜਿਸ ਨੂੰ ਸਾਨੂੰ ਸ਼ੁੱਕਰਵਾਰ ਨੂੰ ਖਾਲ੍ਹੀ ਕਰ ਦੇਣਾ ਚਾਹੀਦਾ ਹੈ।
ਉਨ੍ਹਾਂ ਨਗਰ ਨਿਗਮ ਹੁਸ਼ਿਆਰਪੁਰ, ਨਗਰ ਕੌਂਸਲਾਂ, ਪੇਂਡੂ ਵਿਕਾਸ ਅਤੇ ਹੋਰ ਸਾਰੇ ਸਬੰਧਤ ਵਿਭਾਗਾਂ ਦੇ ਨਾਲ ਤਾਲਮੇਲ ਕਰਕੇ ਹੋਰ ਸਰਗਰਮੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਸਿਵਲ ਸਰਜਨ ਡਾ. ਪਵਨ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਬੰਸ ਕੌਰ, ਐਸ.ਐਮ.ਓ. ਸਿਵਲ ਹਸਪਤਾਲ ਡਾ. ਸਵਾਤੀ ਸ਼ੀਮਾਰ, ਜ਼ਿਲ੍ਹਾ ਟੀਕਾਕਰਣ ਅਫ਼ਸਰ ਡਾ. ਸੀਮਾ ਗਰਗ ਸਮੂਹ ਐਸ.ਐਮ.ਓਜ਼, ਨਗਰ ਕੌਂਸਲ ਦੇ ਈ.ਓ. ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।