ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ

ਐਸ ਏ ਐਸ ਨਗਰ, 7 ਮਈ- ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।

ਐਸ ਏ ਐਸ ਨਗਰ, 7 ਮਈ- ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। 
ਇਸ ਧਾਰਮਿਕ ਸਮਾਗਮ ਵਿੱਚ ਭਾਈ ਅਮਰੀਕ ਸਿੰਘ ਸ੍ਰੀ ਅੰਮ੍ਰਿਤਸਰ ਵਾਲਿਆਂ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦਾ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਦੁਆਰਾ ਉਚਾਰਨ ਧੁਰ ਕੀ ਬਾਣੀ ਜੋ ਕਿ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਵਿੱਚ ਦਰਜ ਹਨ, ਉਨ੍ਹਾਂ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ। 
ਭਾਈ ਕੇਵਲ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਇਲਾਹੀ ਬਾਣੀ ਨਾਲ ਗਵਾ ਕੇ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਜੀ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦੇ ਹੋਏ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ। 
ਇਸ ਤੋਂ ਇਲਾਵਾ ਭਾਈ ਮੇਜਰ ਸਿੰਘ ਸ੍ਰੀ ਤਰਨ ਤਾਰਨ ਸਾਹਿਬ, ਭਾਈ ਗੁਰਮੀਤ ਸਿੰਘ ਕਰਨਾਲ ਵਾਲੇ, ਭਾਈ ਜਤਿੰਦਰ ਸਿੰਘ ਭਰਤਗੜ੍ਹ ਵਾਲਿਆਂ ਦਾ ਢਾਡੀ ਜਥਾ, ਭਾਈ ਮਨਪ੍ਰੀਤ ਸਿੰਘ ਗੁਰਮਤਿ ਪ੍ਰਚਾਰ ਜਥਾ, ਭਾਈ ਮਨਜੀਤ ਸਿੰਘ ਲੁਧਿਆਣੇ ਵਾਲੇ, ਸ਼ੇਰ ਪੰਜਾਬ ਕਵੀਸ਼ਰੀ ਜਥਾ, ਭਾਈ ਜਸਵਿੰਦਰ ਸਿੰਘ ਦੇ ਜਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜਥੇ ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ।
 ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਦਸਵੀਂ ਦੇ ਦਿਹਾੜੇ ਤੇ ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ। 
ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਅਸਥਾਨ ਤੇ ਡਿਸਪੈਂਸਰੀ ਅਤੇ ਲੈਬਰੇਟਰੀ ਚੱਲ ਰਹੀ ਹੈ ਜਿਸ ਵਿੱਚ ਸਾਰੇ ਟੈਸਟ ਅਤਿ ਆਧੁਨਿਕ ਕੰਪਿਊਟਰਾਈਜ਼ਡ ਤਰੀਕੇ ਨਾਲ ਕੀਤੇ ਜਾਂਦੇ ਹਨ। ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਜਾਂਦਾ ਹੈ ਅਤੇ ਦਵਾਈ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਐਮ ਆਰ ਆੀ, ਸੀਟੀ ਸਕੈਨ, ਅਲਟਰਾਸਾਊਂਡ ਅਤੇ ਐਕਸ-ਰੇ ਦੀਆਂ ਮਸ਼ੀਨਾਂ ਵੀ ਸੰਗਤਾਂ ਦੀ ਸਹੂਲਤ ਲਈ ਲਗਾਈਆਂ ਗਈਆਂ ਹਨ।