ਚੀਨੀ ਡੋਰ ਦੀ ਵਰਤੋਂ ਤੇ ਭੰਡਾਰ ਕਰਨ ਵਾਲੇ ਵਿਅਕਤੀ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ : ਡੀ.ਸੀ.

ਪਟਿਆਲਾ, 28 ਜਨਵਰੀ- ਪਟਿਆਲਾ ਦੀ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਚਾਈਨਾ ਡੋਰ ਦੀ ਰੋਕਥਾਮ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਚੀਨੀ ਡੋਰ ਦੀ ਵਰਤੋਂ ਅਤੇ ਇਸ ਦਾ ਭੰਡਾਰ ਕਰਨਾ ਕਾਨੂੰਨ ਅਨੁਸਾਰ ਅਪਰਾਧ ਹੈ ਅਤੇ ਇਸ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੀਨੀ ਡੋਰ ਦੀ ਵਰਤੋਂ 'ਤੇ ਪਹਿਲਾਂ ਹੀ ਪ੍ਰਸ਼ਾਸ਼ਨ ਵੱਲੋਂ ਰੋਕ ਲਗਾਈ ਹੋਈ ਹੈ ਅਤੇ ਸਾਰੇ ਸਬੰਧਤ ਵਿਭਾਗਾਂ ਨੂੰ ਇਸ ਦੀ ਪਾਬੰਦੀ ਬਾਰੇ ਜਾਣੂ ਕਰਵਾਇਆ ਗਿਆ ਹੈ। ਉਨ੍ਹਾਂ ਨੇ ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਨ ਦੇ ਆਦੇਸ਼ ਦਿੱਤੇ।
ਉਹਨਾਂ ਕਿਹਾ ਕਿ ਚੀਨੀ ਡੋਰ ਦੀ ਵਰਤੋਂ ਕਰਕੇ ਲੋਕਾਂ ਨਾਲ ਗੰਭੀਰ ਹਾਦਸੇ, ਮਾਸੂਮ ਪੰਛੀਆਂ ਅਤੇ ਜਾਨਵਰਾਂ ਦੇ ਮਾਰੇ ਜਾਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸ ਦੇ ਨਾਲ ਹੀ, ਚਾਈਨਾ ਡੋਰ ਵਿੱਚ ਫਸੇ ਪੰਛੀਆਂ ਦੀ ਮੌਤ ਹੋਣ ਅਤੇ ਉਹਨਾਂ ਦੇ ਰੁੱਖਾਂ ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ, ਜਦੋਂ ਪਤੰਗ ਉਡਾਉਣ ਲਈ ਵਰਤੀ ਜਾਂਦੀ ਹੈ, ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ।
ਡਿਪਟੀ ਕਮਿਸ਼ਨਰ ਨੇ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਹਲਕੇ ਵਿੱਚ ਸਕੂਲਾਂ ਵਿੱਚ ਬੱਚਿਆਂ ਨੂੰ ਚੀਨੀ ਡੋਰ ਦੀ ਵਰਤੋਂ ਬਾਰੇ ਜਾਗਰੂਕ ਕਰਨ ਅਤੇ ਇਸ ਨੂੰ ਰੋਕਣ ਲਈ ਅਵੈਰਨੈੱਸ ਕੈਂਪੇਨ ਚਲਾਏਂ। ਉਨ੍ਹਾਂ ਪੁਲਿਸ ਵਿਭਾਗ ਨੂੰ ਟੀਮਾਂ ਬਣਾ ਕੇ ਲਗਾਤਾਰ ਚੈਕਿੰਗ ਅਭਿਆਨ ਚਲਾਉਣ ਦੀ ਹਦਾਇਤ ਵੀ ਦਿੱਤੀ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ, ਸਹਾਇਕ ਕਮਿਸ਼ਨਰ ਰਿਚਾ ਗੋਇਲ, ਐਸ.ਡੀ.ਐਮਜ਼, ਮੁੱਖ ਮੰਤਰੀ ਫੀਲਡ ਅਫਸਰ ਨਵਜੋਤ ਸ਼ਰਮਾ, ਜ਼ਿਲ੍ਹਾ ਅਟਾਰਨੀ ਅਤੇ ਪੁਲਿਸ ਵਿਭਾਗ ਦੇ ਸਮੂਹ ਡੀ.ਐਸ.ਪੀਜ਼ ਅਤੇ ਹੋਰ ਅਧਿਕਾਰੀ ਵੀ ਸ਼ਾਮਲ ਹੋਏ।