ਪਿੰਡਾਂ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਕਰਵਾਏ ਸਰਕਾਰ : ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ

ਐਸ ਏ ਐਸ ਨਗਰ, 31 ਜਨਵਰੀ - ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਦੋਸ਼ ਲਗਾਇਆ ਹੈ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਸਾਲ ਹੜ੍ਹਾਂ ਦੌਰਾਨ ਨੁਕਸਾਨੀਆਂ ਗਈਆਂ ਲਿੰਕ ਸੜਕਾਂ ਦੀ ਮੁਰੰਮਤ ਨਹੀਂ ਕਰਵਾਈ ਜਾ ਰਹੀ ਹੈ।

ਐਸ ਏ ਐਸ ਨਗਰ, 31 ਜਨਵਰੀ - ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਦੋਸ਼ ਲਗਾਇਆ ਹੈ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਸਾਲ ਹੜ੍ਹਾਂ ਦੌਰਾਨ ਨੁਕਸਾਨੀਆਂ ਗਈਆਂ ਲਿੰਕ ਸੜਕਾਂ ਦੀ ਮੁਰੰਮਤ ਨਹੀਂ ਕਰਵਾਈ ਜਾ ਰਹੀ ਹੈ।

ਪਿੰਡ ਚਡਿਆਲਾ ਸੂਦਾਂ ਤੋਂ ਮੱਛਲੀ ਕਲਾਂ ਨੂੰ ਜਾਂਦੀ ਲਿੰਕ ਸੜਕ ਉਤੇ ਬਰਸਾਤੀ ਹੜ੍ਹਾਂ ਦੌਰਾਨ ਪਏ ਪਾੜਾਂ ਨੂੰ ਦਿਖਾਉਂਦਿਆਂ ਉਨ੍ਹਾਂ ਕਿਹਾ ਕਿ ਪਿਛਲੀ ਬਰਸਾਤ ਦੌਰਾਨ ਆਏ ਹੜ੍ਹਾਂ ਨੇ ਇਸ ਸੜਕ ਦੀ ਹਾਲਤ ਨਰਕ ਵਰਗੀ ਬਣਾ ਦਿੱਤੀ ਸੀ ਅਤੇ ਹੁਣ ਤੱਕ ਲਗਭਗ 8 ਮਹੀਨੇ ਦਾ ਸਮਾਂ ਬੀਤਣ ਦੇ ਬਾਵਜੂਦ ਸਬੰਧਤ ਵਿਭਾਗ ਜਾਂ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਸੜਕ ਤੇ ਪਏ ਡੂੰਘੇ ਟੋਇਆਂ ਅਤੇ ਪਾੜਾਂ ਨੂੰ ਭਰ ਕੇ ਮੁਰੰਮਤ ਕਰਵਾਉਣ ਦੀ ਲੋੜ ਤਕ ਨਹੀਂ ਸਮਝੀ ਅਤੇ ਇਸ ਸੜਕ ਉਤੇ ਪਏ 5-5 ਫੁੱਟ ਡੂੰਘੇ ਪਾੜਾਂ ਕਾਰਨ ਕਿਸੇ ਵੀ ਸਮੇਂ ਕੋਈ ਹਾਦਸਾ ਵਾਪਰ ਸਕਦਾ ਹੈ।

ਉਨ੍ਹਾਂ ਕਿਹਾ ਕਿ ਜਦੋਂ ਮੁਹਾਲੀ ਵਰਗੇ ਵੱਡੇ ਸ਼ਹਿਰ ਦੀ ਜੂਹ ਵਿਚ ਵਸੇ ਇਨ੍ਹਾਂ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਇੰਨਾਂ ਮਾੜਾ ਹਾਲ ਹੈ ਤਾਂ ਇਸ ਗੱਲ ਦਾ ਅੰਦਾਜਾ ਸਹਿਜੇ ਹੀ ਲਾਇਆ ਜਾ ਸਕਦਾ ਹੈ ਕਿ ਬਾਕੀ ਪੰਜਾਬ ਦੀਆਂ ਸੜਕਾਂ ਦੀ ਕੀ ਸਥਿਤੀ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਬਿਲਕੁਲ ਨੇੜੇ ਹੀ ਵੱਡਾ ਹਾਈਵੇ ਉਸਾਰਿਆ ਜਾ ਰਿਹਾ ਹੈ, ਪਰ ਪ੍ਰਸ਼ਾਸਨ ਦੁਆਰਾ ਇਸ ਲਿੰਕ ਸੜਕ ਦੀ ਪੂਰੀ ਤਰ੍ਹਾਂ ਅਣਦੇਖੀ ਕੀਤੇ ਜਾਣ ਕਾਰਨ ਇਲਾਕਾ ਨਿਵਾਸੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਹਾਈਵੇ ਦੀ ਉਸਾਰੀ ਦੇ ਨਾਲ ਨਾਲ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਵੀ ਖਿਆਲ ਰੱਖਣਾ ਬਹੁਤ ਜ਼ਰੂਰੀ ਹੈ ਕਿਉਂਕਿ ਲਿੰਕ ਸੜਕਾਂ ਹੀ ਪੇਂਡੂ ਖੇਤਰਾਂ ਨੂੰ ਆਪਸ ਵਿਚ ਜੋੜਨ ਦਾ ਕੰਮ ਕਰਦੀਆਂ ਹਨ। ਉਨ੍ਹਾਂ ਪ੍ਰਸ਼ਾਸਨ ਅਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਜਲਦ ਤੋਂ ਜਲਦ ਇਸ ਦੀ ਮੁਰੰਮਤ ਨਾ ਕਰਵਾਈ ਗਈ ਤਾਂ ਉਹ ਪੰਜਾਬ ਸਰਕਾਰ ਤੇ ਸਬੰਧਤ ਵਿਭਾਗ ਖ਼ਿਲਾਫ਼ ਵੱਡਾ ਸੰਘਰਸ਼ ਵਿੱਢਣ ਲਈ ਮਜ਼ਬੂਰ ਹੋਣਗੇ ।