
ਵੈਟਨਰੀ ਯੂਨੀਵਰਸਿਟੀ ਵਿਖੇ ਸੰਪੂਰਨ ਹੋਇਆ ਮੁਰਗੀ ਪਾਲਣ ਸਿਖਲਾਈ ਕੋਰਸ
ਲੁਧਿਆਣਾ 17 ਜੂਨ 2025- ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਵਿਖੇ ਮੁਰਗੀ ਪਾਲਣ ਸੰਬੰਧੀ ਦੋ ਹਫ਼ਤੇ ਦਾ ਸਿਖਲਾਈ ਕੋਰਸ ਸੰਪੂਰਨ ਹੋ ਗਿਆ। ਇਸ ਸਿਖਲਾਈ ਕੋਰਸ ਵਿੱਚ ਪੰਜਾਬ ਦੇ ਵਿਭਿੰਨ ਜ਼ਿਲ੍ਹਿਆਂ ਤੋਂ 21 ਮਰਦ ਅਤੇ 03 ਔਰਤਾਂ ਨੇ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ।
ਲੁਧਿਆਣਾ 17 ਜੂਨ 2025- ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਵਿਖੇ ਮੁਰਗੀ ਪਾਲਣ ਸੰਬੰਧੀ ਦੋ ਹਫ਼ਤੇ ਦਾ ਸਿਖਲਾਈ ਕੋਰਸ ਸੰਪੂਰਨ ਹੋ ਗਿਆ। ਇਸ ਸਿਖਲਾਈ ਕੋਰਸ ਵਿੱਚ ਪੰਜਾਬ ਦੇ ਵਿਭਿੰਨ ਜ਼ਿਲ੍ਹਿਆਂ ਤੋਂ 21 ਮਰਦ ਅਤੇ 03 ਔਰਤਾਂ ਨੇ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ।
ਡਾ. ਜਤਿੰਦਰ ਪਾਲ ਸਿੰਘ ਗਿੱਲ, ਉਪ-ਕੁਲਪਤੀ ਨੇ ਯੂਨੀਵਰਸਿਟੀ ਦੇ ਪਸਾਰ ਨਿਰਦੇਸ਼ਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਿਖਲਾਈ ਪ੍ਰੋਗਰਾਮ ਪਸ਼ੂ ਪਾਲਣ ਕਿੱਤਿਆਂ ਨੂੰ ਵਿਗਿਆਨਕ ਲੀਹਾਂ ’ਤੇ ਲਿਜਾਣ ਲਈ ਬਹੁਤ ਸਹਾਈ ਹੁੰਦੇ ਹਨ। ਡਾ. ਗਿੱਲ ਨੇ ਕਿਹਾ ਕਿ ਮੁਰਗੀ ਪਾਲਣ ਸਵੈ-ਰੁਜ਼ਗਾਰ ਸਥਾਪਿਤ ਕਰਨ ਅਤੇ ਖੇਤੀ ਵਿਭਿੰਨਤਾ ਰਾਹੀਂ ਪੇਂਡੂ ਨੌਜਵਾਨਾਂ ਨੂੰ ਟਿਕਾਊ ਆਮਦਨ ਦੇਣ ਲਈ ਬਹੁਤ ਢੁੱਕਵਾਂ ਕਿੱਤਾ ਹੈ।
ਸਮਾਪਨ ਸਮਾਰੋਹ ਦੌਰਾਨ ਡਾ. ਰਵਿੰਦਰ ਸਿੰਘ ਗਰੇਵਾਲ, ਨਿਰਦੇਸ਼ਕ ਪਸਾਰ ਸਿੱਖਿਆ ਨੇ ਯੂਨੀਵਰਸਿਟੀ ਦਾ ਅਹਿਦ ਦੁਹਰਾਇਆ ਅਤੇ ਕਿਹਾ ਕਿ ਪੇਂਡੂ ਜੀਵਨ ਯਾਪਨ ਨੂੰ ਬਿਹਤਰ ਕਰਨ ਲਈ ਅਸੀਂ ਵਚਨਬੱਧ ਹਾਂ। ਉਨ੍ਹਾਂ ਨੇ ਮੁਰਗੀ ਪਾਲਣ ਕਿੱਤੇ ਦੇ ਵਿਸਥਾਰ ਦੀਆਂ ਸੰਭਾਵਨਾਵਾਂ ਨੂੰ ਵੀ ਬਾਰੀਕੀ ਨਾਲ ਬਿਆਨ ਕੀਤਾ।
ਡਾ. ਜਸਵਿੰਦਰ ਸਿੰਘ, ਕੋਰਸ ਨਿਰਦੇਸ਼ਕ ਅਤੇ ਮੁਖੀ ਪਸਾਰ ਸਿੱਖਿਆ ਵਿਭਾਗ ਨੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਵਿੱਚ ਸਿੱਖਿਆਰਥੀਆਂ ਨੂੰ ਪ੍ਰਯੋਗੀ ਅਤੇ ਮੌਖਿਕ ਗਿਆਨ ਰਾਹੀਂ ਸਿੱਖਿਅਤ ਕੀਤਾ ਗਿਆ। ਉਨ੍ਹਾਂ ਨੂੰ ਢੁੱਕਵਾਂ ਸ਼ੈਡ ਪ੍ਰਬੰਧ, ਸੰਤੁਲਿਤ ਖੁਰਾਕ, ਪੰਛੀਆਂ ਦੀ ਸਿਹਤ ਸੰਭਾਲ, ਬਿਮਾਰੀਆਂ ਤੋਂ ਬਚਾਅ, ਜੈਵਿਕ ਸੁਰੱਖਿਆ, ਜਾਨਵਰਾਂ ਤੋਂ ਮਨੁੱਖਾਂ ਨੂੰ ਹੋਣ ਵਾਲੀਆਂ ਬਿਮਾਰੀਆਂ ਅਤੇ ਸੁਚੱਜੇ ਮੰਡੀਕਰਨ ਬਾਰੇ ਵਿਭਿੰਨ ਮਾਹਿਰਾਂ ਨੇ ਗਿਆਨ ਦਿੱਤਾ।
ਇਸ ਸਿਖਲਾਈ ਪ੍ਰੋਗਰਾਮ ਨੂੰ ਡਾ. ਹਰਪਾਲ ਸਿੰਘ ਸੋਢੀ, ਸਹਾਇਕ ਮੁੱਖ ਪ੍ਰਬੰਧਕ, ਵੈਂਕੀ ਇੰਡੀਆ ਲਿਮ. ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਨੇ ਪੋਲਟਰੀ ਉਦਯੋਗ ਸੰਬੰਧੀ ਆਪਣੇ ਵਿਸ਼ੇਸ਼ ਤਜਰਬੇ ਅਤੇ ਅੰਤਰਝਾਤ ਸਿੱਖਿਆਰਥੀਆਂ ਨਾਲ ਸਾਂਝੇ ਕੀਤੇ। ਉਨ੍ਹਾਂ ਸਿੱਖਿਆਰਥੀਆਂ ਦਾ ਹੌਸਲਾ ਵਧਾਉਂਦਿਆਂ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਆ।
ਇਸ ਸਮਾਰੋਹ ਵਿੱਚ ਡਾ. ਪਰਮਿੰਦਰ ਸਿੰਘ, ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਅਤੇ ਡਾ. ਰਾਕੇਸ਼ ਕੁਮਾਰ ਸ਼ਰਮਾ, ਨਿਰਦੇਸ਼ਕ, ਖੇਤਰੀ ਖੋਜ ਅਤੇ ਸਿਖਲਾਈ ਕੇਂਦਰ, ਤਲਵਾੜਾ ਵੀ ਮੌਜੂਦ ਰਹੇ। ਉਨ੍ਹਾਂ ਨੇ ਵੀ ਵਿਦਿਆਰਥੀਆਂ ਨਾਲ ਕਈ ਮੁੱਲਵਾਨ ਵਿਚਾਰ ਸਾਂਝੇ ਕੀਤੇ।
ਇਸ ਸਿਖਲਾਈ ਦਾ ਸੰਯੋਜਨ ਡਾ. ਰਵਦੀਪ ਸਿੰਘ ਅਤੇ ਡਾ. ਪ੍ਰਤੀਕ ਸਿੰਘ ਧਾਲੀਵਾਲ ਨੇ ਬਹੁਤ ਸੁਚਾਰੂ ਢੰਗ ਨਾਲ ਕੀਤਾ।
