ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਬਤ ਕੀਤਾ ਗਿਆ ਜਾਗਰੂਕ

ਹੁਸ਼ਿਆਰਪੁਰ- ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧ ਸਬੰਧੀ ਅਪਣਾਏ ਪਿੰਡ ਭੀਲੋਵਾਲ, ਬਲਾਕ ਹੁਸ਼ਿਆਰਪੁਰ-2 ਵਿਖੇ ਪਿੰਡ ਪੱਧਰੀ ਜਾਗਰੁਕਤਾ ਕੈਂਪ ਲਗਾਇਆ ਗਿਆ।

ਹੁਸ਼ਿਆਰਪੁਰ- ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧ ਸਬੰਧੀ ਅਪਣਾਏ ਪਿੰਡ ਭੀਲੋਵਾਲ, ਬਲਾਕ ਹੁਸ਼ਿਆਰਪੁਰ-2 ਵਿਖੇ ਪਿੰਡ ਪੱਧਰੀ ਜਾਗਰੁਕਤਾ ਕੈਂਪ ਲਗਾਇਆ ਗਿਆ।
ਕੈਂਪ ਦੀ ਸ਼ੁਰੁਆਤ ਵਿੱਚ ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਦੇ ਇੰਚਾਰਜ ਡਾ. ਮਨਿੰਦਰ ਸਿੰਘ ਬੌਂਸ ਨੇ ਮੌਜੂਦ ਕਿਸਾਨਾਂ ਨੂੰ ਜੀ ਆਇਆਂ ਕਿਹਾ ਅਤੇ ਕਿਸਾਨ ਭਲਾਈ ਸਬੰਧੀ ਕੇਂਦਰ ਦੀਆਂ ਪਸਾਰ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। 
ਉਨ੍ਹਾਂ ਦੱਸਿਆ ਕਿ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਮੁਹਿੰਮ ਰੂਪ ਵਿੱਚ ਵੱਖ-ਵੱਖ ਪਸਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ ਅਤੇ ਸਮੂਹਿਕ ਰੂਪ ਵਿੱਚ ਇਸ ਮੁਹਿੰਮ ਨੂੰ ਸਫਲ਼ ਕਰਨ ਲਈ ਪ੍ਰੇਰਿਆ। ਉਨ੍ਹਾਂ ਦੱਸਿਆ ਕਿ ਬਲਾਕ ਵਿੱਚ ਪਰਾਲੀ ਪ੍ਰਬੰਧਨ ਸਬੰਧੀ ਮਸ਼ੀਨਰੀ ਬੈਕਾਂ ਦਾ ਗਠਨ ਕੀਤਾ ਗਿਆ ਹੈ ਅਤੇ ਕਿਸਾਨ ਪਰਾਲੀ ਪ੍ਰਬੰਧਨ ਸਬੰਧਿਤ ਮਸ਼ੀਨਰੀ ਦੀ ਵਰਤੋਂ ਸਾਂਝੇ ਤੌਰ ‘ਤੇ ਕਰਨ, ਤਾਂ ਜੋ ਇਸ ਦਾ ਪੂਰਾ ਲਾਭ ਲਿਆ ਜਾ ਸਕੇ।
 ਇਸ ਮੌਕੇ ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜੀਨਿਅਰਿੰਗ) ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ ਡਾ. ਅਜੈਬ ਸਿੰਘ ਨੇ ਪਰਾਲੀ ਵਿੱਚ ਮੌਜੂਦ ਵੱਖ-ਵੱਖ ਤੱਤਾਂ ਦੀ ਮਹਤੱਤਾ, ਖੇਤੀ ਮਸ਼ੀਨਰੀ ਰਾਹੀਂ ਝੋਨੇ ਦੀ ਪਰਾਲੀ ਪ੍ਰਬੰਧਨ, ਝੋਨੇ ਦੀ ਪਰਾਲੀ ਦੀ ਖੁੰਬ ਉਤਪਾਦਨ, ਊਰਜਾ, ਮਲਚ ਤੇ ਗੋਬਰ ਗੈਸ ਪਲਾਂਟ ਵਿੱਚ ਵਰਤੋਂ ਅਤੇ ਪਸ਼ੂ ਖੁਰਾਕ ਵਜੋਂ ਵਰਤੋਂ ਬਾਰੇ ਵਿਸਥਾਰ ਨਾਲ ਤਕਨੀਕੀ ਜਾਣਕਾਰੀ ਸਾਂਝੀ ਕੀਤੀ।
ਇਸ ਜਾਗਰੁਕਤਾ ਕੈਂਪ ਵਿੱਚ ਪਿੰਡ ਭੀਲੋਵਾਲ ਦੇ ਅਗਾਂਹਵਧੂ ਕਿਸਾਨ ਰਣਬੀਰ ਸਿੰਘ, ਸੁਖਜੋਤ ਸਿੰਘ, ਬਲਵਿੰਦਰ ਸਿੰਘ, ਨਿਰਵੈਰ ਸਿੰਘ, ਸਿਮਰਨਜੀਤ ਸਿੰਘ ਨਰਿੰਦਰ ਸਿੰਘ ਤੋਂ ਇਲਾਵਾ ਹੋਰ ਕਿਸਾਨ ਵੀ ਮੌਜੂਦ ਸਨ।
ਹਾਜਿਰ ਕਿਸਾਨਾਂ ਦੀ ਸਹੂਲਤ ਲਈ ਸਰਦੀ ਦੀਆਂ ਸਬਜੀਆ ਦੀਆਂ ਕਿੱਟਾਂ ਅਤੇ ਖੇਤੀ ਸਾਹਿੱਤ ਵੀ ਉਪਲਬਧ ਕਰਵਾਇਆ ਗਿਆ। ਅੰਤ ਵਿੱਚ ਸ. ਸੁਖਜੋਤ ਸਿੰਘ ਵੱਲੋਂ ਆਏ ਮਾਹਿਰਾਂ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਪਰਾਲੀ ਪ੍ਰਬੰਧਨ ਦੇ ਸੁਨੇਹੇ ਨੂੰ ਹੋਰ ਕਿਸਾਨਾਂ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ ਗਿਆ।