ਸ਼ਹਿਰ 'ਚ ਅਵਾਰਾ ਕੁੱਤਿਆਂ ਦੀ ਵਧ ਰਹੀ ਗਿਣਤੀ ਨੂੰ ਰੋਕਣ ਲਈ ਨਸਬੰਦੀ ਤੇਜ਼ ਕਰਨ ਦੇ ਨਿਰਦੇਸ਼

ਪਟਿਆਲਾ, 18 ਫਰਵਰੀ- ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸ਼ਾਮ ਇੱਥੇ ਨਗਰ ਨਿਗਮ ਦਫ਼ਤਰ ਵਿਖੇ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਅਤੇ ਬੁਨਿਆਦੀ ਢਾਂਚੇ ਦੇ ਸੁਧਾਰਾਂ ਦਾ ਮੁਲਾਂਕਣ ਕਰਨ ਲਈ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਵਿਧਾਇਕ ਪਟਿਆਲਾ ਸ਼ਹਿਰੀ ਅਜੀਤਪਾਲ ਸਿੰਘ ਕੋਹਲੀ, ਮੇਅਰ ਕੁੰਦਨ ਗੋਗੀਆ, ਚੇਅਰਮੈਨ ਇੰਪਰੂਵਮੈਂਟ ਟਰੱਸਟ ਮੇਘ ਚੰਦ ਸ਼ੇਰਮਾਜਰਾ, ਆਪ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਨਗਰ ਨਿਗਮ ਕਮਿਸ਼ਨਰ ਡਾ. ਰਜਤ ਓਬਰਾਏ ਅਤੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ।

ਪਟਿਆਲਾ, 18 ਫਰਵਰੀ- ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸ਼ਾਮ ਇੱਥੇ ਨਗਰ ਨਿਗਮ ਦਫ਼ਤਰ ਵਿਖੇ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਅਤੇ ਬੁਨਿਆਦੀ ਢਾਂਚੇ ਦੇ ਸੁਧਾਰਾਂ ਦਾ ਮੁਲਾਂਕਣ ਕਰਨ ਲਈ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਵਿਧਾਇਕ ਪਟਿਆਲਾ ਸ਼ਹਿਰੀ ਅਜੀਤਪਾਲ ਸਿੰਘ ਕੋਹਲੀ, ਮੇਅਰ ਕੁੰਦਨ ਗੋਗੀਆ, ਚੇਅਰਮੈਨ ਇੰਪਰੂਵਮੈਂਟ ਟਰੱਸਟ ਮੇਘ ਚੰਦ ਸ਼ੇਰਮਾਜਰਾ, ਆਪ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਨਗਰ ਨਿਗਮ ਕਮਿਸ਼ਨਰ ਡਾ. ਰਜਤ ਓਬਰਾਏ ਅਤੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ।
ਇਸ ਦੌਰਾਨ ਡਾ. ਰਵਜੋਤ ਸਿੰਘ ਨੇ ਸਫਾਈ, ਸੁੰਦਰੀਕਰਨ, ਸੜਕ ਨਿਰਮਾਣ, ਸਟਰੀਟ ਲਾਈਟਿੰਗ, ਪਾਣੀ ਦੀ ਸਪਲਾਈ ਅਤੇ ਸੀਵਰੇਜ ਪ੍ਰਬੰਧਨ ਸਮੇਤ ਬੁਨਿਆਦੀ ਸਹੂਲਤਾਂ ਵਿੱਚ ਹੋਰ ਸੁਧਾਰਾਂ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕੌਂਸਲਰਾਂ ਨਾਲ ਤਾਲਮੇਲ ਕਰਨ ਅਤੇ ਵਾਰਡ ਪੱਧਰ ਦੇ ਮੁੱਖ ਪ੍ਰੋਜੈਕਟਾਂ ਨੂੰ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਇਹ ਵੀ ਕਿਹਾ ਕੀਤਾ ਕਿ ਉਹ ਇੱਕ ਮਹੀਨੇ ਬਾਅਦ ਸਾਰੇ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਨਿੱਜੀ ਤੌਰ 'ਤੇ ਸਮੀਖਿਆ ਕਰਨਗੇ। ਡਾ. ਰਵਜੋਤ ਸਿੰਘ ਨੇ 24x7 ਨਹਿਰੀ ਪਾਣੀ ਸਪਲਾਈ ਪ੍ਰੋਜੈਕਟ ਨੂੰ ਸਮੇਂ ਸਿਰ ਪੂਰਾ ਕਰਨ ਅਤੇ ਪਾਈਪਲਾਈਨ ਪਾਉਣ ਲਈ ਪੁੱਟੀਆਂ ਸੜਕਾਂ ਦੀ ਤੁਰੰਤ ਮੁਰੰਮਤ 'ਤੇ ਜ਼ੋਰ ਦਿੱਤਾ।
 ਇਸ ਪ੍ਰਾਜੈਕਟ ‘ਚ ਹੋ ਰਹੀ ਦੇਰੀ 'ਤੇ ਚਿੰਤਾ ਪ੍ਰਗਟ ਕਰਦੇ ਹੋਏ, ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪ੍ਰੋਜੈਕਟ ‘ਚੋਂ ਦੇਰੀ ਲਈ ਜ਼ਿੰਮੇਵਾਰ ਐਲ ਐਂਡ ਟੀ ਅਤੇ ਹੋਰਨਾਂ ਵਿਰੁੱਧ ਕਾਰਵਾਈ ਕਰਨ ਦੀ ਗੱਲ ਕੀਤੀ। ਡਾ. ਰਵਜੋਤ ਸਿੰਘ ਨੇ ਵੱਡੀ ਨਦੀ ਅਤੇ ਛੋਟੀ ਨਦੀ ਦੇ ਨੇੜੇ ਸੀਵਰ ਲਾਈਨਾਂ ਵਿਛਾਉਣ ਵਿੱਚ ਬੇਨਿਯਮੀਆਂ ਦਾ ਵੀ ਗੰਭੀਰ ਨੋਟਿਸ ਲਿਆ, ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਸਪੱਸ਼ਟੀਕਰਨ ਲਈ ਸੱਦਿਆ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਮੇਅਰ ਕੁੰਦਨ ਗੋਗੀਆ ਸਮੇਤ ਹੋਰਨਾਂ ਨੇ ਵੀ ਮਸਲੇ ਉਠਾਏ, ਜਿਸ ‘ਤੇ ਮੰਤਰੀ ਨੇ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਨਗਰ ਨਿਗਮ ਨੂੰ ਨਵੇਂ ਮਾਲੀਆ ਸਰੋਤਾਂ ਦੀ ਖੋਜ ਕਰਨ ਅਤੇ ਸ਼ਹਿਰ ਦੀ ਸਫਾਈ ਦੇ ਯਤਨਾਂ ਵਿੱਚ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਸਫਾਈ ਕਰਮਚਾਰੀਆਂ ਦੀ ਹਾਜ਼ਰੀ ਦੀ ਫਿਜੀਕਲ ਤਸਦੀਕ ਕਰਨ ਦੇ ਨਿਰਦੇਸ਼ ਦਿੱਤੇ।
ਮੰਤਰੀ ਨੇ ਐਮਆਰਐਫ (ਮਟੀਰੀਅਲ ਰਿਕਵਰੀ ਫੈਸਿਲਿਟੀ) ਸੈਂਟਰਾਂ ਅਤੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਪਲਾਂਟਾਂ ਦੇ ਕੰਮਕਾਜ ਦੀ ਵੀ ਸਮੀਖਿਆ ਕੀਤੀ। ਕੂੜੇ ਦੇ ਪੁਰਾਣੇ ਢੇਰਾਂ ਦੇ ਵਿਗਿਆਨਕ ਢੰਗ ਨਾਲ ਨਿਪਟਾਰੇ ਦੀ ਲੋੜ 'ਤੇ ਜ਼ੋਰ ਦਿੰਦੇ ਹੋਏ, ਉਨ੍ਹਾਂ ਅਧਿਕਾਰੀਆਂ ਨੂੰ ਰੋਜ਼ਾਨਾ ਗਲੀਆਂ ਦੀ ਸਫਾਈ ਯਕੀਨੀ ਬਣਾਉਣ ਲਈ ਡੰਪਿੰਗ ਸਾਈਟਾਂ ਨੂੰ ਘਟਾਉਣ ਅਤੇ ਘਰਾਂ ਤੋਂ ਕੂੜਾ ਇਕੱਠਾ ਕਰਨ ਨੂੰ ਵਧਾਉਣ ਲਈ ਠੋਸ ਕੰਮ ਕਰਨ ਦੇ ਨਿਰਦੇਸ਼ ਦਿੱਤੇ। 
ਉਨ੍ਹਾਂ ਨੇ ਸ਼ਹਿਰੀ ਖੇਤਰਾਂ ਦੀ ਦਿੱਖ ਨੂੰ ਬਿਹਤਰ ਬਣਾਉਣ ਲਈ ਪੁਰਾਣੀਆਂ ਸਟਰੀਟ ਲਾਈਟਾਂ ਦੀ ਤੁਰੰਤ ਮੁਰੰਮਤ ਅਤੇ ਨਵੀਆਂ ਤੇਜ਼ੀ ਨਾਲ ਲਗਾਉਣ 'ਤੇ ਵੀ ਜ਼ੋਰ ਦਿੱਤਾ। ਕੁੱਤਿਆਂ ਦੇ ਕੱਟਣ ਦੇ ਵਧ ਰਹੇ ਮਾਮਲਿਆਂ ਨਾਲ ਨਜਿੱਠਣ ਲਈ, ਉਨ੍ਹਾਂ ਨੇ ਨਗਰ ਨਿਗਮ ਨੂੰ ਨਸਬੰਦੀ ਪ੍ਰੋਗਰਾਮ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਅਵਾਰਾ ਕੁੱਤਿਆਂ ਦੀ ਗਿਣਤੀ ‘ਤੇ ਕੰਟਰੋਲ ਕੀਤਾ ਜਾ ਸਕੇ। 
ਮੀਟਿੰਗ ਵਿੱਚ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਡਿਪਟੀ ਮੇਅਰ ਜਗਦੀਪ ਜੱਗਾ, ਸਥਾਨਕ ਸਰਕਾਰਾਂ ਵਿਭਾਗ ਦੇ ਸੰਯੁਕਤ ਡਾਇਰੈਕਟਰ ਜਗਦੀਪ ਸਹਿਗਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ ਅਤੇ ਦੀਪਜੋਤ ਕੌਰ ਅਤੇ ਨਗਰ ਨਿਗਮ ਦੇ ਹੋਰ ਅਧਿਕਾਰੀ ਵੀ ਸ਼ਾਮਲ ਹੋਏ।