ਖ਼ਾਲਸਾ ਕਾਲਜ ’ਚ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ

ਗੜ੍ਹਸ਼ੰਕਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਲਿਬਰਲ ਆਰਟਸ ਸੁਸਾਇਟੀ ਦੇ ਬੈਨਰ ਹੇਠ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਦੀ ਅਗਵਾਈ ਹੇਠ ‘ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ’ ਮਨਾਇਆ ਗਿਆ।

ਗੜ੍ਹਸ਼ੰਕਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਲਿਬਰਲ ਆਰਟਸ ਸੁਸਾਇਟੀ ਦੇ ਬੈਨਰ ਹੇਠ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਦੀ ਅਗਵਾਈ ਹੇਠ ‘ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ’ ਮਨਾਇਆ ਗਿਆ। 
‘ਮਾਤ-ਭਾਸ਼ਾ ਦੁਆਰਾ ਹੁਨਰ ਅਤੇ ਯੋਗਤਾ ਦਾ ਵਿਕਾਸ’’ ਵਿਸ਼ੇ ਦੇ ਅੰਤਰਗਤ ਮਨਾਏ ਗਏ ਇਸ ਮਾਤ-ਭਾਸ਼ਾ ਦਿਵਸ ਮੌਕੇ ਭਾਸ਼ਣ ਪ੍ਰਤੀਯੋਗਤਾ ਤੇ ਨਿਬੰਧ ਲੇਖਣ ਮੁਕਾਬਲੇ ਕਰਵਾਏ ਜਿਸ ਵਿਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਸਮਾਰੋਹ ਦਾ ਆਗ਼ਾਜ਼ ਕਰਦਿਆਂ ਡਾ. ਕੰਵਲਜੀਤ ਕੌਰ ਨੇ ਸਮਾਗਮ ਦਾ ਹਿੱਸਾ ਬਣੇ ਕਾਲਜ ਪਿ੍ਰੰਸੀਪਲ, ਸਟਾਫ਼ ਤੇ ਵਿਦਿਆਰਥੀਆਂ ਨੂੰ ਜੀ ਆਇਆ ਕਹਿ ਕੇ ਮਾਂ ਬੋਲੀ ਦੇ ਮਹੱਤਵ ਬਾਰੇ ਜਾਣਕਾਰੀ ਸਾਂਝੀ ਕੀਤੀ। 
ਕਾਲਜ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਮਾਤ-ਭਾਸ਼ਾ ਬਾਰੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਜਿਹੜਾ ਵਿਅਕਤੀ ਆਪਣੀ ਮਾਤ-ਭਾਸ਼ਾ ਨੂੰ ਚੰਗੀ ਤਰ੍ਹਾਂ ਸਮਝ, ਬੋਲ, ਲਿਖ ਤੇ ਪੜ੍ਹ ਸਕਦਾ ਹੈ ਉਹ ਦੂਸਰੀਆਂ ਭਾਸ਼ਾਵਾਂ ਨੂੰ ਸਿੱਖਣ ਦੇ ਸਮਰੱਥ ਹੋ ਸਕਦਾ ਹੈ। ਉਨ੍ਹਾਂ ਆਪਣੇ ਨਿੱਜੀ ਤਜ਼ਰਬਿਆਂ ਰਾਹੀਂ ਵਿਦਿਆਰਥੀਆਂ ਨੂੰ ਮਾਤ-ਭਾਸ਼ਾ ਨਾਲ ਜੁੜਨ ਲਈ ਪ੍ਰੇਰਿਤ ਕਰਦਿਆਂ ਪੰਜਾਬੀ ਵਿਭਾਗ ਦੇ ਉਪਰਾਲੇ ਦੀ ਸ਼ਲਾਘਾ ਕੀਤੀ। 
ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਤੇ ਉਨ੍ਹਾਂ ਦੀ ਸਖਸ਼ੀਅਤ ਨੂੰ ਨਿਖਾਰਨ ਵਿਚ ਮੁੱਖ ਰੋਲ ਅਦਾ ਕਰਦੇ ਹਨ। ਇਸ ਮੌਕੇ ਭਾਸ਼ਣ ਮੁਕਾਬਲੇ ਵਿਚ ਸਿਮਰਨ, ਜਸਮੀਨ ਕੌਰ ਤੇ ਜਸਪਿੰਦਰ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਨਿਬੰਧ ਲੇਖਣ ਵਿਚ ਜਸਮੀਨ ਕੌਰ, ਰਾਜਵਿੰਦਰ ਕੌਰ ਤੇ ਦਿਲਪ੍ਰੀਤ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕੀਤਾ। ਜੇਤੂ ਰਹੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ। 
ਸਮਾਪਤੀ ਮੌਕੇ ਪ੍ਰੋ. ਸੌਰਵ ਦਾਦਰੀ ਨੇ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰੋ. ਲਖਵਿੰਦਰਜੀਤ ਕੌਰ, ਡਾ. ਮਨਬੀਰ ਕੌਰ, ਡਾ. ਜਾਨਕੀ ਅਗਰਵਾਲ ਤੇ ਪ੍ਰੋ. ਰਿਤੂ ਸਿੰਘ ਹਾਜ਼ਰ ਹੋਏ।