
557ਵੇਂ ਨਾਨਕਸ਼ਾਹੀ ਸਾਲ ਦਾ ਆਗਮਨ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ
ਐਸ ਏ ਐਸ ਨਗਰ, 15 ਮਾਰਚ- ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਨਾਨਕਸ਼ਾਹੀ ਸੰਮਤ ਦੇ 557ਵੇਂ ਸਾਲ ਦਾ ਆਗਮਨ ਦਿਵਸ ਪੂਰੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ।
ਐਸ ਏ ਐਸ ਨਗਰ, 15 ਮਾਰਚ- ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਨਾਨਕਸ਼ਾਹੀ ਸੰਮਤ ਦੇ 557ਵੇਂ ਸਾਲ ਦਾ ਆਗਮਨ ਦਿਵਸ ਪੂਰੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ।
ਇਸ ਗੁਰਮਤਿ ਸਮਾਗਮ ਵਿੱਚ ਭਾਈ ਮਨਜੀਤ ਸਿੰਘ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਵੱਲੋਂ ਮਨੁੱਖਤਾ ਦੀ ਭਲਾਈ ਲਈ ਕੀਤੀਆਂ ਉਦਾਸੀਆਂ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ। ਮੀਰੀ ਪੀਰੀ ਖਾਲਸਾ ਜੱਥਾ ਜਗਾਧਰੀ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣੇ ਵਾਲਿਆਂ ਨੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੁਆਰਾ ਉਚਾਰਨ ਕੀਤੀ ਧੁਰ ਕੀ ਬਾਣੀ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਦੱਸਿਆ।
ਇਸ ਤੋਂ ਇਲਾਵਾ ਭਾਈ ਲਖਵਿੰਦਰ ਸਿੰਘ ਅੰਮ੍ਰਿਤਸਰ ਵਾਲੇ, ਭਾਈ ਪਰਦੀਪ ਸਿੰਘ, ਭਾਈ ਓਂਕਾਰ ਸਿੰਘ, ਭਾਈ ਮਹਾਵੀਰ ਸਿੰਘ, ਤੇਰੇ ਪੰਜਾਬ ਕਵੀਸ਼ਰੀ ਜਥਾ, ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ, ਭਾਈ ਸੁਖਵਿੰਦਰ ਸਿੰਘ, ਮਿੱਤਰ ਪਿਆਰੇ ਨੂੰ ਕੀਰਤਨੀ ਜੱਥਾ, ਭਾਈ ਜਸਵਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਰਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਨਾਨਕਸ਼ਾਹੀ ਸਾਲ ਦੇ ਆਗਮਨ ਦਿਵਸ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਨੂੰ ਬਾਹਰੋਂ ਅਤੇ ਗੇਟ ਤੱਕ ਦੇ ਰਸਤੇ ਨੂੰ ਵਿਸ਼ੇਸ਼ ਢੰਗ ਨਾਲ ਸਜਾਇਆ ਗਿਆ ਸੀ। ਇਸ ਮੌਕੇ ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ। ਕਈ ਮਿਠਾਈਆਂ ਅਤੇ ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ।
