ਸਰਕਾਰੀ ਸਿਹਤ ਸੰਸਥਾਵਾਂ ਵਿਚ ਦਿਤੀਆਂ ਜਾ ਰਹੀਆਂ ਹਨ ਮਿਆਰੀ ਦੰਦ ਸਿਹਤ ਸਹੂਲਤਾਂ : ਕੁਮਾਰ ਰਾਹੁਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਮਾਰਚ: ਵਿਸ਼ਵ ਮੌਖਿਕ ਸਿਹਤ ਦਿਵਸ ਮੌਕੇ ਅੱਜ ਸਥਾਨਕ ਮੈਡੀਕਲ ਕਾਲਜ (ਡਾ. ਬੀ ਆਰ ਅੰਬੇਡਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ) ਵਿਖੇ ਸੂਬਾ ਪੱਧਰੀ ਜਾਗਰੂਕਤਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ, ਕੁਮਾਰ ਰਾਹੁਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਮਾਰਚ: ਵਿਸ਼ਵ ਮੌਖਿਕ ਸਿਹਤ ਦਿਵਸ ਮੌਕੇ ਅੱਜ ਸਥਾਨਕ ਮੈਡੀਕਲ ਕਾਲਜ (ਡਾ. ਬੀ ਆਰ ਅੰਬੇਡਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ) ਵਿਖੇ ਸੂਬਾ ਪੱਧਰੀ ਜਾਗਰੂਕਤਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ, ਕੁਮਾਰ ਰਾਹੁਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
 ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ੍ਰੀ ਕੁਮਾਰ ਰਾਹੁਲ ਨੇ ਆਖਿਆ ਕਿ ਦੰਦਾਂ ਦੀ ਸਿਹਤ ਨੂੰ ਠੀਕ ਰੱਖਣ ਵਾਸਤੇ ਜਾਗਰੂਕਤਾ ਪੈਦਾ ਕਰਨ ਲਈ ਇਹ ਦਿਨ ਦੁਨੀਆਂ ਭਰ ਵਿਚ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਦੰਦਾਂ ਦੀ ਸਮੇਂ-ਸਮੇਂ ਸਿਰ ਜਾਂਚ ਅਤੇ ਸਾਂਭ-ਸੰਭਾਲ ਬੇਹੱਦ ਜ਼ਰੂਰੀ ਹੈ ਅਤੇ ਸੂਬੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਲੋਕਾਂ ਨੂੰ ਦੰਦਾਂ ਦੀ ਜਾਂਚ ਅਤੇ ਇਲਾਜ ਦੀਆਂ ਮਿਆਰੀ ਸਿਹਤ ਸਹੂਲਤਾਂ ਦਿਤੀਆਂ ਜਾ ਰਹੀਆਂ ਹਨ। 
ਉਨ੍ਹਾਂ ਦਸਿਆ ਕਿ ਪੰਜਾਬ ਵਿਚ ਪਿਛਲੇ ਕੁੱਝ ਸਾਲਾਂ ਦੌਰਾਨ ਕੌਮੀ ਓਰਲ ਹੈਲਥ ਪ੍ਰੋਗਰਾਮ ਨੇ ਨਵੀਂਆਂ ਪੁਲਾਂਘਾਂ ਪੁੱਟੀਆਂ ਹਨ। ਸੂਬੇ ਦੇ ਵੱਖ-ਵੱਖ ਜ਼ਿਲ੍ਹਾ ਹਸਪਤਾਲਾਂ ਵਿਖੇ ਪੰਜ ਨਵੇਂ ਐਡਵਾਂਸਡ ਡੈਂਟਲ ਇੰਪਲਾਂਟ ਸੈਂਟਰ ਸਥਾਪਤ ਕੀਤੇ ਗਏ ਹਨ, ਜੋ ਜਲਦੀ ਹੀ ਕਾਰਜਸ਼ੀਲ ਹੋ ਜਾਣਗੇ ਅਤੇ ਜਿਨ੍ਹਾਂ ਜ਼ਰੀਏ ਲੋਕਾਂ ਨੂੰ ਬਿਹਤਰ ਦੰਦ ਸਿਹਤ ਸਹੂਲਤਾਂ ਮਿਲਣਗੀਆਂ। ਇਸ ਤੋਂ ਇਲਾਵਾ, ਮੋਹਾਲੀ ਅਤੇ ਅੰਮ੍ਰਿਤਸਰ ਦੇ ਜ਼ਿਲ੍ਹਾ ਹਸਪਤਾਲਾਂ ਵਿਚ ਡੈਂਟਲ ਓ.ਪੀ.ਜੀ. ਮਸ਼ੀਨਾਂ ਲਗਾਈਆਂ ਗਈਆਂ ਹਨ। ਸੂਬੇ ਵਿਚ ‘ਸਟਾਪ ਓਰਲ ਕੈਂਸਰ ਸਕਰੀਨਿੰਗ’ ਪ੍ਰਾਜੈਕਟ ਵੀ ਸ਼ੁਰੂ ਕੀਤਾ ਗਿਆ ਹੈ, ਜੋ ਅੱਜਕਲ ਚੱਲ ਰਹੀ ਐਨ.ਸੀ.ਡੀ. ਮੁਹਿੰਮ ਦਾ ਵੀ ਹਿੱਸਾ ਹੈ।
         ਇਸ ਮੌਕੇ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੇ ਦੰਦਾਂ ਦੇ ਡਾਕਟਰਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ ਜਿਨ੍ਹਾਂ ਵਿਚ ਡਾ. ਅਬੂ ਬਕਰ-ਮਲੌਦ ਹਸਪਤਾਲ, ਡਾ. ਹਰਪ੍ਰੀਤ ਕੌਰ-ਮੋਹਾਲੀ ਹਸਪਤਾਲ, ਡਾ. ਪਰਮਿੰਦਰ ਸਿੰਘ-ਲੋਪੋਕੇ ਹਸਪਤਾਲ, ਡਾ. ਹਰਮਨਦੀਪ ਸਿੰਘ-ਖ਼ਿਆਲਾ ਕਲ੍ਹਾਂ ਹਸਪਤਾਲ, ਡਾ. ਗੁਰਦੇਵ ਸਿੰਘ ਭੱਟੀ-ਕਪੂਰਥਲਾ ਹਸਪਤਾਲ ਸ਼ਾਮਲ ਸਨ। ਸੂਬੇ ਵਿਚ ਦੰਦਾਂ ਦੀ ਸਾਂਭ-ਸੰਭਾਲ ਲਈ ਕੀਤੀਆਂ ਜਾ ਰਹੀਆਂ ਸਰਗਰਮੀਆਂ ਦੀ ਵੀਡੀਉ ਵੀ ਵਿਖਾਈ ਗਈ। ਅਖ਼ੀਰ ਵਿਚ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੇ ਦੰਦਾਂ ਦੀ ਸੰਭਾਲ ਸਬੰਧੀ ਜਾਗਰੂਕਤਾ ਰੈਲੀ ਕੱਢੀ।
 ਸਮਾਗਮ ਵਿਚ ਡਾਇਰੈਕਟਰ ਪਰਿਵਾਰ ਭਲਾਈ ਡਾ. ਜਸਮਿੰਦਰ, ਡਾਇਰੈਕਟਰ ਈ.ਐਸ.ਆਈ. ਡਾ. ਜਸਪ੍ਰੀਤ ਕੌਰ, ਡਾਇਰੈਕਟਰ ਪੀ.ਐਚ.ਐਸ.ਸੀ. ਡਾ. ਅਨਿਲ ਗੋਇਲ, ਡਿਪਟੀ ਡਾਇਰੈਕਟਰ ਡਾ. ਸੁਰਿੰਦਰ ਕੌਰ, ਡਾ. ਨਿਧੀ ਕੌਸ਼ਲ, ਸਿਵਲ ਸਰਜਨ ਡਾ. ਸੰਗੀਤਾ ਜੈਨ, ਡਾ. ਆਸ਼ੂ ਵਰਮਾ, ਜ਼ਿਲ੍ਹਾ ਡੈਂਟਲ ਸਿਹਤ ਅਫ਼ਸਰ ਡਾ. ਪਰਨੀਤ ਗਰੇਵਾਲ, ਡਾ. ਹਰਪ੍ਰੀਤ ਕੌਰ, ਡਾ. ਅਮਿਤ ਅਗਰਵਾਲ ਅਤੇ ਹੋਰ ਅਧਿਕਾਰੀ ਮੌਜੂਦ ਸਨ।