
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮੋਹਾਲੀ ਦੇ ਜ਼ਿਲ੍ਹਾ ਨਸ਼ਾ ਛਡਾਊ ਤੇ ਮੁੜ ਵਸੇਬਾ ਕੇਂਦਰ ਦਾ ਦੌਰਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਅਪ੍ਰੈਲ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਅੱਜ ਇਥੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ੇ ਦਾ ਮੁਕੰਮਲ ਤੌਰ ਤੇ ਸਫਾਇਆ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਨਸ਼ਾ ਤਸਕਰਾਂ ਖਿਲਾਫ ਸਖ਼ਤੀ ਅਤੇ ਨਸ਼ਾ ਪੀੜਤਾਂ ਨਾਲ ਹਮਦਰਦੀ ਰੱਖੀ ਜਾਵੇਗੀ।
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਅਪ੍ਰੈਲ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਅੱਜ ਇਥੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ੇ ਦਾ ਮੁਕੰਮਲ ਤੌਰ ਤੇ ਸਫਾਇਆ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਨਸ਼ਾ ਤਸਕਰਾਂ ਖਿਲਾਫ ਸਖ਼ਤੀ ਅਤੇ ਨਸ਼ਾ ਪੀੜਤਾਂ ਨਾਲ ਹਮਦਰਦੀ ਰੱਖੀ ਜਾਵੇਗੀ।
ਅੱਜ ਮੋਹਾਲੀ ਦੇ ਸੈਕਟਰ 66 ਸਥਿਤ ਸਰਕਾਰੀ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਦੇ ਦੌਰੇ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨਸ਼ਾ ਪੀੜਤਾਂ ਨੂੰ ਸਰਕਾਰੀ ਤਰਜ 'ਤੇ ਇਲਾਜ ਮੁਹਈਆ ਕਰਵਾਉਣ ਲਈ ਨਿੱਜੀ ਖੇਤਰ ਦੇ ਵੱਡੇ ਹਸਪਤਾਲਾਂ ਨਾਲ ਵੀ ਤਾਲਮੇਲ ਕੀਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਪਾਸੋਂ ਕੁਝ ਬੈਡ ਸਰਕਾਰ ਵੱਲੋਂ ਲੈ ਕੇ ਨਸ਼ਾ ਪੀੜਤਾਂ ਦਾ ਇਲਾਜ ਅਤੇ ਪੁਨਰ ਵਸੇਬਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੋਹਾਲੀ ਦੇ ਸੁਹਾਣਾ ਹਸਪਤਾਲ ਦੇ ਪ੍ਰਬੰਧਕਾਂ ਨਾਲ ਗੱਲਬਾਤ ਚੱਲ ਰਹੀ ਹੈ ਅਤੇ ਉਹਨਾਂ ਵੱਲੋਂ ਹਾਂ-ਪੱਖੀ ਹੁੰਗਾਰਾ ਵੀ ਮਿਲ ਰਿਹਾ ਹੈ ਜਿਸ ਤਹਿਤ 100 ਬੈਡ ਨਸ਼ਾ ਪੀੜਤਾਂ ਦੇ ਇਲਾਜ ਲਈ ਸਰਕਾਰ ਵੱਲੋਂ ਵਰਤੋਂ ਵਿਚ ਲਿਆਂਦੇ ਜਾਣਗੇ।
ਉਨ੍ਹਾਂ ਦੱਸਿਆ ਕਿ ਮੋਹਾਲੀ ਦੇ ਇਸ ਜ਼ਿਲ੍ਹਾ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ ਵਿੱਚ ਮੌਜੂਦਾ 50 ਬਿਸਤਰਿਆਂ ਦੀ ਆਈ ਪੀ ਡੀ ਵਿੱਚ ਵਾਧਾ ਕਰਕੇ ਇਸ ਨੂੰ 70 ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਇੱਥੇ ਇਲਾਜ ਕਰਵਾ ਰਹੇ ਨਸ਼ਾ ਪੀੜਤ ਨੌਜਵਾਨਾਂ ਨੂੰ ਨਸ਼ੇ ਤੋਂ ਬਾਹਰ ਕੱਢਣ ਲਈ ਖੇਡਾਂ, ਘਰੇਲੂ ਬਾਗਬਾਨੀ, ਯੋਗਾ, ਜਿਮ ਅਤੇ ਕੌਂਸਲਰ ਸੇਵਾਵਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਅੱਜ ਇਨ੍ਹਾਂ ਨੌਜਵਾਨਾਂ ਲਈ ਯੋਗਾ ਕੇਂਦਰ ਦੀ ਸ਼ੁਰੂਆਤ ਵੀ ਕੀਤੀ। ਉਨ੍ਹਾਂ ਦੱਸਿਆ ਕਿ ਹਫ਼ਤੇ ਵਿੱਚ ਦੋ ਦਿਨ ਇਨ੍ਹਾਂ ਨੌਜਵਾਨਾਂ ਨੂੰ ਭੰਗੜਾ ਵੀ ਸਿਖਾਇਆ ਜਾਏਗਾ, ਜਿਸ ਲਈ ਜ਼ਿਲ੍ਹ ਪ੍ਰਸ਼ਾਸਨ ਵੱਲੋਂ ਸਥਾਨਕ ਪੱਧਰ ਤੇ ਸਰਕਾਰੀ ਬਹੁਤ ਤਕਨੀਕੀ ਕਾਲਜ ਖੂਨੀ ਮਾਜਰਾ ਦੇ ਪ੍ਰੋਫੈਸਰ ਗੁਰ ਬਖਸ਼ੀਸ਼ ਸਿੰਘ ਅੰਟਾਲ ਦੀਆਂ ਸੇਵਾਵਾਂ ਵੀ ਲਈਆਂ ਗਈਆਂ ਹਨ। ਅੱਜ ਇਲਾਜ ਕਰਵਾ ਰਹੇ ਇੱਕ ਨੌਜੁਆਨ ਨੇ ਉਨ੍ਹਾਂ ਨੂੰ ਆਪਣੇ ਲਿਖੇ ਗੀਤ ਵੀ ਸੁਣਾਏ।
ਸਿਹਤ ਮੰਤਰੀ ਨੇ ਦੱਸਿਆ ਕਿ ਨਸ਼ਾ ਪੀੜਤਾਂ ਨੂੰ ਇਲਾਜ ਦੇ ਨਾਲ-ਨਾਲ ਭਵਿੱਖ ਵਿੱਚ ਪੁਨਰ ਵਸੇਬੇ ਅਤੇ ਸਵੈ ਰੋਜ਼ਗਾਰ ਦੇ ਯੋਗ ਬਣਾਉਣ ਲਈ ਸਨਅਤ ਦੀਆਂ ਲੋੜਾਂ ਅਨੁਸਾਰ ਸਕਿਲ ਟ੍ਰੇਨਿੰਗ ਦਿੱਤੀ ਜਾਵੇਗੀ ਤਾਂ ਜੋ ਉਹਨਾਂ ਨੂੰ ਇਲਾਜ ਤੋਂ ਬਾਅਦ ਆਪਣੇ ਰੋਜ਼ਗਾਰ ਦੀ ਚਿੰਤਾ ਨਾ ਰਹੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜੋ ਨਸ਼ਾ ਪੀੜਤ ਕਿਸਾਨੀ ਪਰਿਵਾਰਾਂ ਨਾਲ ਸੰਬੰਧਿਤ ਹਨ, ਉਨ੍ਹਾਂ ਨੂੰ ਡਰੈਗਨ ਫਰੂਟ ਅਤੇ ਹਲਦੀ ਜਿਹੀਆਂ ਜਿਆਦਾ ਮੁੱਲ ਦੇਣ ਵਾਲੀਆਂ ਫਸਲਾਂ ਦੀ ਸਿਖਲਾਈ ਖੇਤੀਬਾੜੀ ਵਿਭਾਗ, ਬਾਗਬਾਨੀ ਵਿਭਾਗ ਅਤੇ ਕੇ ਵੀ ਕੇ ਰਾਹੀਂ ਦਿਵਾਉਣ ਦਾ ਪ੍ਰਬੰਧ ਕੀਤਾ ਜਾਵੇਗਾ।
ਉਨ੍ਹਾਂ ਇਸ ਮੌਕੇ ਨਸ਼ਾ ਪੀੜਤਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਨੂੰ ਨਸ਼ੇ ਨੂੰ ਤਿਲਾਂਜਲੀ ਦੇ ਕੇ ਆਪਣੀ ਨਵੀਂ ਜ਼ਿੰਦਗੀ ਸ਼ੁਰੂ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਵੀਂ ਜ਼ਿੰਦਗੀ ਸ਼ੁਰੂ ਕਰਨ ਲਈ ਸਵੈ-ਰੋਜ਼ਗਾਰ ਦੇ ਪ੍ਰਬੰਧ ਕਰਨ ਵਿੱਚ ਵੀ ਉਨ੍ਹਾਂ ਦੀ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਇੱਕ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਸਾਨੂੰ ਇਸ ਭੈੜੀ ਵਾਦੀ ਨੂੰ ਛੱਡ ਕੇ ਦ੍ਰਿੜ ਨਿਸ਼ਚੇ ਨਾਲ ਅੱਗੇ ਆਉਣਾ ਪਵੇਗਾ ਅਤੇ ਆਪਣੇ ਵਰਗੇ ਹੋਰ ਅਜਿਹੇ ਪੀੜਤਾਂ ਨੂੰ ਇਸ ਹਨ੍ਹੇਰੀ ਜ਼ਿੰਦਗੀ 'ਚੋਂ ਬਾਹਰ ਕੱਢਣ ਲਈ ਉਨ੍ਹਾਂ ਦੇ ਮਾਰਗਦਰਸ਼ਕ ਬਣਨਾ ਪਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਰੰਭੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਨੂੰ ਹਾਂ-ਪੱਖੀ ਹੁੰਗਾਰਾ ਮਿਲ ਰਿਹਾ ਹੈ ਅਤੇ ਇਸ ਨਾਲ ਜਿੱਥੇ ਪੰਜਾਬ ਵਿੱਚ ਨਸ਼ਿਆਂ ਦੀ ਸਪਲਾਈ ਨੂੰ ਵੱਡੇ ਪੱਧਰ ਤੇ ਠੱਲ੍ਹ ਪਾਉਣ ਵਿੱਚ ਮਦਦ ਮਿਲੀ ਹੈ ਉੱਥੇ ਨਸ਼ਾ ਪੀੜਤਾਂ ਨੂੰ ਇਲਾਜ ਦੇ ਕੇ ਸਮਾਜ ਦੀ ਮੁੱਖ ਧਾਰਾ ਦਾ ਹਿੱਸਾ ਬਣਾਉਣ ਵੱਲ ਵੀ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੁਹਰਾਇਆ ਕਿ ਇਸ ਮੁਹਿੰਮ ਦੌਰਾਨ ਜਾਂ ਤਾਂ ਨਸ਼ਾ ਤਸਕਰਾਂ ਨੂੰ ਆਪਣੇ ਕੰਮ ਤੋਂ ਬਾਜ ਆਉਣਾ ਪਵੇਗਾ ਜਾਂ ਫਿਰ ਪੰਜਾਬ ਦੀ ਧਰਤੀ ਛੱਡ ਕੇ ਬਾਹਰ ਜਾਣਾ ਪਵੇਗਾ।
ਇਸ ਮੌਕੇ ਉਨ੍ਹਾਂ ਦੇ ਨਾਲ ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਕੁਮਾਰ ਰਾਹੁਲ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਏ ਡੀ ਸੀ (ਵਿਕਾਸ) ਸੋਨਮ ਚੌਧਰੀ, ਸਿਵਲ ਸਰਜਨ ਡਾ. ਸੰਗੀਤਾ ਜੈਨ, ਡਿਪਟੀ ਮੈਡੀਕਲ ਕਮਿਸ਼ਨਰ ਅਤੇ ਨੋਡਲ ਅਫ਼ਸਰ ਜ਼ਿਲ੍ਹਾ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਡਾ. ਪਰਵਿੰਦਰ ਕੌਰ ਅਤੇ ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਦੇ ਸੁਪਰਡੈਂਟ ਡਾ. ਨਵਦੀਪ ਵੀ ਮੌਜੂਦ ਸਨ।
