
ਪਹਿਲਗਾਮ ਕਤਲੇਆਮ ਦੀ ਸਾਰੇ ਪਾਸਿਓਂ ਨਿਖੇਧੀ
ਐਸ ਏ ਐਸ ਨਗਰ, 23 ਅਪ੍ਰੈਲ- ਪਹਿਲਗਾਮ ਵਿੱਚ ਅੱਤਵਾਦੀਆਂ ਵੱਲੋਂ ਕਸ਼ਮੀਰ ਵਿੱਚ ਘੁੰਮਣ ਆਏ ਸੈਲਾਨੀਆਂ ਤੇ ਗੋਲੀਆਂ ਚਲਾ ਕੇ ਕੀਤੇ ਗਏ ਕਤਲੇਆਮ ਦੀ ਸਾਰੇ ਪਾਸਿਓਂ ਨਿਖੇਧੀ ਹੋ ਰਹੀ ਹੈ। ਇਸ ਸੰਬੰਧੀ ਵੱਖ ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ, ਸਮਾਜਸੇਵੀ ਆਗੂਆਂ ਅਤੇ ਜਥੇਬੰਦੀਆਂ ਵੱਲੋਂ ਪੀੜਿਤ ਪਰਿਵਾਰਾਂ ਨਾਲ ਦੁੱਖ ਜਾਹਿਰ ਕੀਤਾ ਜਾ ਰਿਹਾ ਹੈ।
ਐਸ ਏ ਐਸ ਨਗਰ, 23 ਅਪ੍ਰੈਲ- ਪਹਿਲਗਾਮ ਵਿੱਚ ਅੱਤਵਾਦੀਆਂ ਵੱਲੋਂ ਕਸ਼ਮੀਰ ਵਿੱਚ ਘੁੰਮਣ ਆਏ ਸੈਲਾਨੀਆਂ ਤੇ ਗੋਲੀਆਂ ਚਲਾ ਕੇ ਕੀਤੇ ਗਏ ਕਤਲੇਆਮ ਦੀ ਸਾਰੇ ਪਾਸਿਓਂ ਨਿਖੇਧੀ ਹੋ ਰਹੀ ਹੈ। ਇਸ ਸੰਬੰਧੀ ਵੱਖ ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ, ਸਮਾਜਸੇਵੀ ਆਗੂਆਂ ਅਤੇ ਜਥੇਬੰਦੀਆਂ ਵੱਲੋਂ ਪੀੜਿਤ ਪਰਿਵਾਰਾਂ ਨਾਲ ਦੁੱਖ ਜਾਹਿਰ ਕੀਤਾ ਜਾ ਰਿਹਾ ਹੈ।
ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਸ੍ਰੀ ਅਮਰੀਕ ਸਿੰਘ ਸੋਮਲ ਨੇ ਕਿਹਾ ਕਿ ਨਿਹੱਥੇ ਸੈਲਾਨੀਆਂ ਤੇ ਅੱਤਵਾਦੀਆਂ ਦੀ ਇਹ ਕਾਰਵਾਈ ਕਾਇਰਤਾ ਪੂਰਨ ਹੈ ਅਤੇ ਇਸ ਨਾਲ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਸਰਕਾਰ ਦੇ ਕਸ਼ਮੀਰ ਦੇ ਹਾਲਾਤ ਸੁਧਰਨ ਦੇ ਦਾਅਵਿਆਂ ਦੀ ਪੋਲ ਵੀ ਖੁੱਲ੍ਹ ਗਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਜਿੰਮੇਵਾਰੀ ਬਣਦੀ ਹੈ ਕਿ ਅੱਤਵਾਦੀਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।
ਡਿਪਟੀ ਮੇਅਰ ਸ੍ਰੀ ਕੁਲਜੀਤ ਸਿੰਘ ਬੇਦੀ ਨੇ ਇਸ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਸ ਵਾਰਦਾਤ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸਮਾਂ ਪੀੜਿਤ ਪਰਿਵਾਰਾਂ ਦੇ ਨਾਲ ਖੜ੍ਹਨ ਅਤੇ ਉਨ੍ਹਾਂ ਦਾ ਦੁੱਖ ਵੰਡਾਉਣ ਦਾ ਹੈ ਅਤੇ ਇਸ ਦੇ ਨਾਲ ਹੀ ਅੱਤਵਾਦੀਆਂ ਦੇ ਖਾਤਮੇ ਲਈ ਸਖਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
ਇੰਡੀਅਨ ਐਸੋਸੀਏਸ਼ਨ ਆਫ ਲਾਇਰਜ਼ ਨੇ ਪੰਜਾਬ ਇਕਾਈ ਵੱਲੋਂ ਪਹਿਲਗਾਮ (ਜੰਮੂ ਕਸ਼ਮੀਰ) ਵਿਖੇ 26 ਬੇਦੋਸ਼ੇ ਸੈਲਾਨੀਆਂ ਨੂੰ ਮੌਤ ਦੇ ਘਾਟ ਉਤਾਰਨ ਅਤੇ ਕਈਆਂ ਨੂੰ ਜਖਮੀ ਕਰਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਉਨ੍ਹਾਂ ਨੂੰ ਸਖਤ ਤੋਂ ਸਖਤ ਸਜਾ ਦਿੱਤੀ ਜਾਵੇ।
ਸੰਸਥਾ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਸਪਾਲ ਸਿੰਘ ਦੀਪਰ ਅਤੇ ਬੁਲਾਰੇ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ ਨੇ ਦੱਸਿਆ ਕਿ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਐਡਵੋਕੇਟ ਨਵਲ ਕੁਮਾਰ ਛਿੱਬੜ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਪੀੜਿਤ ਪਰਿਵਾਰਾਂ ਨਾਲ ਹਮਦਰਦੀ ਜਾਹਿਰ ਕੀਤੀ ਗਈ। ਮੀਟਿੰਗ ਦੌਰਾਨ ਕਿਹਾ ਗਿਆ ਕਿ ਅੱਤਵਾਦੀਆਂ ਵੱਲੋਂ ਕੀਤਾ ਇਹ ਹਮਲਾ ਦੇਸ਼ ਵਿੱਚ ਸ਼ਾਂਤੀ, ਭਾਈਚਾਰੇ ਅਤੇ ਸਦਭਾਵਨਾ ਨੂੰ ਠੇਸ ਪਹੁੰਚਾਉਣ ਲਈ ਕੀਤਾ ਗਿਆ ਹੈ।
ਬੁਲਾਰਿਆਂ ਨੇ ਕਿਹਾ ਕਿ ਅੱਤਵਾਦੀਆਂ ਵੱਲੋਂ ਇਹ ਹਮਲਾ ਕਿਸੇ ਯੋਜਨਾਬੱਧ ਤਰੀਕੇ ਨਾਲ ਕਸ਼ਮੀਰ ਦੇ ਲੋਕਾਂ ਦਾ ਅਕਸ ਖਰਾਬ ਕਰਨ ਲਈ ਕੀਤਾ ਗਿਆ ਹੈ। ਬੁਲਾਰਿਆਂ ਨੇ ਕਿਹਾ ਕਿ ਸਾਰੀਆਂ ਰਾਜਨੀਤਕ ਪਾਰਟੀਆਂ, ਸਮਾਜਸੇਵੀ, ਜਮਹੂਰੀ ਤਾਕਤਾਂ ਨੂੰ ਇਸ ਘਿਨੌਣੀ ਹਰਕਤ ਦੇ ਖਿਲਾਫ ਆਪਣੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ ਅਤੇ ਦੇਸ਼ ਵਿਰੋਧੀ ਤਾਕਤਾਂ ਦੇ ਮਨਸੂਬਿਆਂ ਨੂੰ ਕਾਮਯਾਬ ਹੋਣ ਤੋਂ ਇਨਕਾਰ ਕਰਕੇ ਇਸ ਦੀ ਵਿਰੋਧਤਾ ਕਰਨੀ ਚਾਹੀਦੀ ਹੈ।
ਇਸ ਮੌਕੇ ਮੰਗ ਕੀਤੀ ਗਈ ਕਿ ਸੂਬਾ ਅਤੇ ਕੇਂਦਰ ਸਰਕਾਰ ਨੂੰ ਇਸ ਗੱਲ ਦੀ ਪੜਤਾਲ ਕਰਨੀ ਚਾਹੀਦੀ ਹੈ ਕਿ ਸੁਰੱਖਿਆ ਵਿੱਚ ਕਿੱਥੇ ਚੁੱਕ ਹੋਈ ਹੈ ਜਦੋਂ ਕਿ ਹਰ ਰੋਜ਼ ਹਜ਼ਾਰਾਂ ਸੈਲਾਨੀ ਸਾਰੇ ਦੇਸ਼ ਵਿਦੇਸ਼ਾਂ ਤੋਂ ਇੱਥੇ ਘੁੰਮਣ ਆਉਂਦੇ ਹਨ ਪਰ ਸਰਕਾਰ ਵੱਲੋਂ ਇਹਨਾਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਿਉਂ ਨਹੀਂ ਕੀਤੇ ਗਏ।
ਇਸ ਦੌਰਾਨ ਭਾਜਪਾ ਦੇ ਸਾਬਕਾ ਕੌਂਸਲਰਾਂ ਅਰੁਣ ਸ਼ਰਮਾ, ਅਸ਼ੋਕ ਝਾ, ਹਰਦੀਪ ਸਰਾਓ, ਬੋਬੀ ਕੰਬੋਜ ਅਤੇ ਭਾਜਪਾ ਆਗੂ ਕੁਲਵਿੰਦਰ ਆਨੰਦ ਵੱਲੋਂ ਇੱਥੇ ਇਕ ਮੀਟਿੰਗ ਦੌਰਾਨ ਕਤਲੇਆਮ ਦੀ ਨਿਖੇਧੀ ਕਰਦਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਸ ਸਾਜਿਸ਼ ਦੇ ਪਿੱਛੇ ਜਿਹੜੇ ਵੀ ਅੱਤਵਾਦੀ ਹਨ, ਉਨ੍ਹਾਂ ਨੂੰ ਠਹਿਰਗਾਹਾਂ ਵਿੱਚੋਂ ਕੱਢ ਕੇ ਮੌਤ ਦੇ ਘਾਟ ਉਤਾਰਿਆ ਜਾਵੇ ਤੇ ਇਸ ਸਾਜਿਸ਼ ਦੇ ਪਿੱਛੇ ਪਾਕਿਸਤਾਨ ਵਿੱਚ ਬੈਠੇ ਇਹਨਾਂ ਦੇ ਆਕਾਵਾਂ ਨੂੰ ਵੀ ਘਰ ਵਿੱਚ ਘੁਸ ਕੇ ਮਾਰਿਆ ਜਾਵੇ। ਉਨ੍ਹਾਂ ਮੰਗ ਕੀਤੀ ਕਿ ਸ਼ਹੀਦ ਹੋਏ ਪਰਿਵਾਰਾਂ ਨੂੰ ਪੰਜ ਪੰਜ ਕਰੋੜ ਦਾ ਮੁਆਵਜ਼ਾ ਦਿੱਤਾ ਜਾਵੇ ਤੇ ਜਖਮੀਆਂ ਦਾ ਮੁਫਤ ਇਲਾਜ ਤੇ ਮੁਆਵਜ਼ਾ ਦਿੱਤਾ ਜਾਵੇ।
ਮੁਸਲਿਮ ਭਾਈਚਾਰੇ ਦੇ ਆਗੂ ਡਾ. ਅਨਵਰ ਹੁਸੈਨ ਨੇ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਮਾਸੂਮ ਲੋਕਾਂ ਦੇ ਕਤਲੇਆਮ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਇਹ ਹਮਲਾ ਕੇਂਦਰ ਸਰਕਾਰ ਦੀ ਨਾਕਾਮੀ ਨੂੰ ਪ੍ਰਗਟਾਉਂਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਕਸ਼ਮੀਰ ਦੇ ਲੋਕਾਂ ਅਤੇ ਕਸ਼ਮੀਰ ਘੁੰਮਣ ਗਏ ਸੈਲਾਨੀਆਂ ਨੂੰ ਸੁਰੱਖਿਆ ਦੇਣ ਵਿੱਚ ਪੂਰੀ ਤਰ੍ਹਾਂ ਫੇਲ ਸਾਬਤ ਹੋਈ ਹੈ ਅਤੇ ਸੁਰੱਖਿਆ ਨੂੰ ਲੈ ਕੇ ਸਰਕਾਰ ਦੀ ਨਾਕਾਮੀ ਛੁਪਾਉਣ ਖਾਤਰ ਕੁਝ ਸ਼ੋਸ਼ਲ ਮੀਡੀਆ ਉੱਤੇ ਜ਼ਹਿਰੀਲਾ ਪ੍ਰਚਾਰ ਕਰ ਰਹੇ ਹਨ, ਜਿਸ ਦੌਰਾਨ ਅੱਤਵਾਦੀ ਹਮਲੇ ਨੂੰ ਗਲਤ ਰੰਗਤ ਦੇ ਕੇ ਮੁਸਲਮਾਨਾਂ ਅਤੇ ਹਿੰਦੂਆਂ ਵਾਲੀ ਰਾਜਨੀਤੀ ਖੇਡੀ ਜਾ ਰਹੀ ਹੈ।
ਉਨ੍ਹਾਂ ਕੇਂਦਰ ਸਰਕਾਰ ਅਤੇ ਫੌਜ ਮੁਖੀ ਤੋਂ ਮੰਗ ਕੀਤੀ ਹੈ ਕਿ ਜਿਨ੍ਹਾਂ ਦਹਿਸ਼ਤਗਰਦਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ, ਉਨ੍ਹਾਂ ਨੂੰ ਕਾਬੂ ਕਰਕੇ ਉਨ੍ਹਾਂ ਨੂੰ ਸਖਤ ਸਜਾ ਦਿੱਤੀ ਜਾਵੇ।
ਅਮੇ ਫਾਊਂਡੇਸ਼ਨ ਦੀ ਚੇਅਰਪਰਸਨ ਅਤੇ ਸਮਾਜ ਸੇਵਿਕਾ ਆਭਾ ਬੁਸਲ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਸੈਲਾਨੀਆਂ ਤੇ ਹੋਏ ਅੱਤਵਾਦੀ ਹਮਲੇ ਦੀ ਨਿਖੇਧੀ ਕੀਤੀ ਹੈ। ਕਤਲੇਆਮ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਅੱਤਵਾਦੀਆਂ ਵਿਰੁੱਧ ਠੋਸ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਸੈਲਾਨੀਆਂ ਦਾ ਨਾਮ ਅਤੇ ਧਰਮ ਪੁੱਛਣ ਤੋਂ ਬਾਅਦ ਉਨ੍ਹਾਂ ਤੇ ਗੋਲੀ ਚਲਾਉਣ ਵਾਲੇ ਅੱਤਵਾਦੀਆਂ ਨੂੰ ਮੌਤ ਦੀ ਸਜਾ ਦਿੱਤੀ ਜਾਣੀ ਚਾਹੀਦੀ ਹੈ।
ਰਾਜਪੁਰਾ, 23 ਅਪ੍ਰੈਲ (ਜਤਿੰਦਰ ਲੁਕੀ)- ਪਹਿਲਗਾਮ ਵਿੱਚ ਕੀਤੇ ਗਏ ਅੱਤਵਾਦੀ ਹਮਲੇ ਦੌਰਾਨ 27 ਸੈਲਾਨੀਆਂ ਦੇ ਕਤਲੇਆਮ ਦੀ ਨਿਖੇਧੀ ਕਰਦਿਆਂ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਰਾਜਪੁਰਾ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਘਟਨਾ ਹੈ। ਉਨ੍ਹਾਂ ਮੰਗ ਕੀਤੀ ਕਿ ਭਾਰਤ ਸਰਕਾਰ ਇਨ੍ਹਾਂ ਅੱਤਵਾਦੀਆਂ ਨੂੰ ਢੁਕਵਾਂ ਜਵਾਬ ਦੇਣ ਲਈ ਇਸ ਵਾਰਦਾਤ ਲਈ ਜਿੰਮੇਵਾਰ ਅੱਤਵਾਦੀਆਂ ਨੂੰ ਲੱਭ ਕੇ ਉਨ੍ਹਾਂ ਉੱਤੇ ਸਖਤ ਕਾਰਵਾਈ ਕਰੇ।
