
*ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ(ਪੀ.ਪੀ.ਪੀ. ਐੱਫ਼) ਵਲੋਂ 1 ਮਈ ਨੂੰ ਮਜ਼ਦੂਰ ਦਿਵਸ ਤੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ- ਦਫਤਰਾਂ ਅੱਗੇ ਦਿੱਤੇ ਜਾਣਗੇ ਧਰਨੇ*
ਗੜਸ਼ੰਕਰ,26 ਅਪ੍ਰੈਲ: ਸੂਬੇ ਦੇ ਐੱਨ.ਪੀ.ਐੱਸ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਸੰਘਰਸ਼ੀਲ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ (PPPF) ਵੱਲੋਂ 1 ਮਈ ਨੂੰ ਮਜ਼ਦੂਰ ਦਿਵਸ ਤੇ ਜ਼ਿਲ੍ਹਾ ਕੇਂਦਰਾਂ ਤੇ ਆਪ ਸਰਕਾਰ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੇ ਦਫਤਰਾਂ/ਘਰਾਂ ਅੱਗੇ ਉਲੀਕੇ ਜ਼ਿਲਾ ਪੱਧਰੀ ਧਰਨਿਆਂ ਦੀ ਤਿਆਰੀ ਲਈ ਬਲਾਕ ਕਮੇਟੀ ਦੀ ਮੀਟਿੰਗ ਅਧਿਆਪਕ ਆਗੂਆਂ ਸੁਖਦੇਵ ਡਾਨਸੀਵਾਲ,ਬਲਕਾਰ ਸਿੰਘ ਮਘਾਣੀਆ ਅਤੇ ਰਾਜਦੀਪ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ।
ਗੜਸ਼ੰਕਰ,26 ਅਪ੍ਰੈਲ: ਸੂਬੇ ਦੇ ਐੱਨ.ਪੀ.ਐੱਸ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਸੰਘਰਸ਼ੀਲ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ (PPPF) ਵੱਲੋਂ 1 ਮਈ ਨੂੰ ਮਜ਼ਦੂਰ ਦਿਵਸ ਤੇ ਜ਼ਿਲ੍ਹਾ ਕੇਂਦਰਾਂ ਤੇ ਆਪ ਸਰਕਾਰ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੇ ਦਫਤਰਾਂ/ਘਰਾਂ ਅੱਗੇ ਉਲੀਕੇ ਜ਼ਿਲਾ ਪੱਧਰੀ ਧਰਨਿਆਂ ਦੀ ਤਿਆਰੀ ਲਈ ਬਲਾਕ ਕਮੇਟੀ ਦੀ ਮੀਟਿੰਗ ਅਧਿਆਪਕ ਆਗੂਆਂ ਸੁਖਦੇਵ ਡਾਨਸੀਵਾਲ,ਬਲਕਾਰ ਸਿੰਘ ਮਘਾਣੀਆ ਅਤੇ ਰਾਜਦੀਪ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ।ਮੀਟਿੰਗ ਵਿੱਚ ਪੁਰਾਣੀ ਪੈਨਸ਼ਨ ਦੇ ਨੋਟੀਫ਼ਿਕੇਸ਼ਨ ਨੂੰ ਲਾਗੂ ਕਰਨ ਤੋਂ ਇਨਕਾਰੀ ਆਪ ਸਰਕਾਰ ਖਿਲਾਫ 1 ਮਈ ਦੇ ਰੋਸ ਪ੍ਰਦਰਸ਼ਨਾਂ ਦਾ ਸੁਨੇਹਾ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮਾਂ ਤੱਕ ਪਹੁੰਚਾਉਣ ਲਈ ਵੱਡੀ ਤਿਆਰੀ ਮੁਹਿੰਮ ਚਲਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ।
ਮੀਟਿੰਗ ਦੀ ਜਾਣਕਾਰੀ ਸਾਂਝੀ ਕਰਦਿਆਂ ਬਲਾਕ ਗੜਸ਼ੰਕਰ ਦੇ ਆਗੂਆਂ ਵਿਨੇ ਕੁਮਾਰ ਅਤੇ ਜਗਦੀਪ ਕੁਮਾਰ ਨੇ ਆਖਿਆ ਕਿ 1 ਮਈ ਨੂੰ ਮਨਾਇਆ ਜਾਣ ਵਾਲਾ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮਿਹਨਤਕਸ਼ ਜਮਾਤ ਦੇ ਹਿੱਤਾਂ ਦੀ ਰਾਖੀ ਦਾ ਅਤੇ ਲੁਟੇਰੇ ਪੂੰਜੀਵਾਦੀ ਪ੍ਰਬੰਧ ਖਿਲਾਫ ਸੰਘਰਸ਼ਾਂ ਦਾ ਪ੍ਰਤੀਕ ਹੈ।ਅਜੋਕੇ ਸੰਸਾਰ ਸਾਮਰਾਜੀ ਵਿਵਸਥਾ ਵਿੱਚ ਜਿੱਥੇ ਸਾਮਰਾਜੀ ਦੇਸ਼ ਵਿਕਾਸਸ਼ੀਲ ਮੁਲਕਾਂ ਦੀ ਬਾਂਹ ਮਰੋੜ ਕੇ ਕਾਰਪੋਰੇਟ ਪੱਖੀ ਨੀਤੀਆਂ ਨੂੰ ਠੋਸ ਰਹੇ ਹਨ ਉੱਥੇ ਭਾਰਤ ਵਰਗੇ ਦੇਸ਼ਾਂ ਦੇ ਹਾਕਮ ਇਹਨਾਂ ਸਾਮਰਾਜੀ ਨੀਤੀਆਂ ਅੱਗੇ ਅੜਨ ਦੀ ਬਜਾਏ ਦੇਸ਼ ਦੇ ਮਨੁੱਖੀ ਅਤੇ ਕੁਦਰਤੀ ਸੰਸਾਧਨਾਂ ਦੀ ਲੁੱਟ ਨੂੰ ਹੋਰ ਤੇਜ਼ ਕਰ ਰਹੇ ਹਨ।
ਮੌਜੂਦਾ ਕੇਂਦਰੀ ਮੋਦੀ ਸਰਕਾਰ ਅਤੇ ਪੰਜਾਬ ਦੀ ਆਪ ਸਰਕਾਰ ਦੀ ਕਾਰਜਪ੍ਰਣਾਲੀ ਅਤੇ ਦਿਸ਼ਾ ਸਾਮਰਾਜੀ ਨੀਤੀਆਂ ਨੂੰ ਹੀ ਅੱਗੇ ਵਧਾਉਣ ਵਾਲੀ ਸਾਬਤ ਹੋਈ ਹੈ।ਕੇਂਦਰ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਵੱਡੇ ਵਿਰੋਧ ਨੂੰ ਦਰਕਿਨਾਰ ਕਰਕੇ ਲਿਆਂਦੀ ਭੁਲੇਖਾ ਪਾਊ ਯੂਪੀਐੱਸ ਸਕੀਮ ਅਤੇ ਪੰਜਾਬ ਸਰਕਾਰ ਵੱਲੋਂ 18 ਨਵੰਬਰ 2022 ਨੂੰ ਕੀਤੇ ਪੁਰਾਣੀ ਪੈਨਸ਼ਨ ਦੇ ਆਪਣੇ ਹੀ ਨੋਟੀਫਿਕੇਸ਼ਨ ਨੂੰ ਪਾਸੇ ਕਰਕੇ ਯੂਪੀਐੱਸ ਸਕੀਮ ਨੂੰ ਲਾਗੂ ਕਰਨ ਵੱਲ ਅੱਗੇ ਵੱਧਣਾ ਕਾਰਪਰੇਟ ਮੁਨਾਫੇ ਦੀ ਕੀਤੀ ਜਾ ਰਹੀ ਸੇਵਾ ਦਾ ਹੀ ਪ੍ਰਗਟਾਵਾ ਹੈ।
ਉਹਨਾਂ ਕਿਹਾ ਕਿ ਪਿਛਲੇ ਤਿੰਨ ਸਾਲ ਤੋਂ ਪੁਰਾਣੀ ਪੈਨਸ਼ਨ ਦਾ ਨੋਟੀਫਿਕੇਸ਼ਨ ਲਟਕ ਰਿਹਾ ਹੈ,ਇੱਕ ਵੀ ਐੱਨ.ਪੀ.ਐੱਸ ਮੁਲਾਜ਼ਮ ਦਾ ਜੀਪੀਐੱਫ ਖਾਤਾ ਨਹੀਂ ਖੋਲਿਆ ਗਿਆ ਪਰ ਸੂਬੇ ਵਿੱਚ ਪੁਰਾਣੀ ਪੈਨਸ਼ਨ ਲਾਗੂ ਕਰਨ ਦੀ ਝੂਠੀ ਇਸ਼ਤਿਹਾਰਬਾਜ਼ੀ ਤੇ ਕਰੋੜਾਂ ਰੁਪਏ ਖ਼ਰਚ ਕਰ ਦਿੱਤੇ ਗਏ ਹਨ।ਇਸ ਤੋਂ ਇਲਾਵਾ ਵਿਧਾਨ ਸਭਾ ਦੇ ਚੌਥੇ ਬਜਟ ਵਿੱਚ ਵੀ ਪੁਰਾਣੀ ਪੈਨਸ਼ਨ ਸਬੰਧੀ ਕੋਈ ਫੈਸਲਾ ਨਹੀਂ ਕੀਤਾ ਗਿਆ ਜੋ ਮੁਲਾਜ਼ਮਾਂ ਨਾਲ਼ ਵੱਡਾ ਧੋਖਾ ਹੈ।
ਫਰੰਟ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਆਪ ਸਰਕਾਰ ਵੱਲੋਂ ਬੇਰੁਜ਼ਗਾਰਾਂ ਅਧਿਆਪਕਾਂ ਤੇ ਕੀਤੇ ਅੰਨੇ ਤਸ਼ੱਦਦ ਅਤੇ ਕਿਸਾਨਾਂ ਦੇ ਅੰਦੋਲਨ ਨੂੰ ਪੁਲਿਸ ਜਬਰ ਨਾਲ਼ ਦਬਾ ਕੇ ਜਮਹੂਰੀ ਸੰਘਰਸ਼ਾਂ ਨੂੰ ਦਬਾਉਣ ਦੀ ਦਮਨਕਾਰੀ ਨੀਤੀ ਲਾਗੂ ਕੀਤੀ ਜਾ ਰਹੀ ਹੈ।ਪੁਰਾਣੀ ਪੈਨਸ਼ਨ ਦੇ ਮੁੱਦੇ ਤੇ ਆਪ ਸਰਕਾਰ ਦੀ ਵਾਅਦਾਖਿਲਾਫੀ ਦੇ ਰੋਸ ਵਿੱਚ ਮਜ਼ਦੂਰ ਦਿਵਸ ਦੇ ਗੌਰਵਮਈ ਇਤਿਹਾਸ ਤੋਂ ਪ੍ਰੇਰਨਾ ਲੈਂਦਿਆਂ ਜ਼ਿਲਾ ਪੱਧਰੀ ਧਰਨਿਆਂ ਵਿੱਚ ਪੁਰਾਣੀ ਪੈਨਸ਼ਨ ਦਾ ਨੋਟੀਫਿਕੇਸ਼ਨ ਅਮਲ ਵਿੱਚ ਲਿਆਉਣ ਲਈ ਅਵਾਜ਼ ਬੁਲੰਦ ਕੀਤੀ ਜਾਵੇਗੀ।
ਇਸ ਮੌਕੇ ਜਰਨੈਲ ਸਿੰਘ, ਰਮੇਸ਼ ਮਲਕੋਵਾਲ,ਜਸਵਿੰਦਰ ਸਿੰਘ ਜੱਸੋਵਾਲ,ਕੁਲਜੀਤ ਸਿੰਘ, ਅਮਰਜੀਤ ਸਿੰਘ ਬੰਗੜ, ਸਤਪਾਲ ਕਲੇਰ, ਮਨਦੀਪ ਸਿੰਘ, ਸੁਨੀਤਾ ਕੁਮਾਰੀ ਆਦਿ ਹਾਜ਼ਰ ਰਹੇ।
