ਸਰਕਾਰੀ ਕਾਲਜ ਡੇਰਾਬੱਸੀ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪ੍ਰੋਗਰਾਮ ਕਰਵਾਇਆ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਮਈ: ਸਰਕਾਰੀ ਕਾਲਜ ਡੇਰਾਬੱਸੀ ਵਿਖੇ ਪ੍ਰਿੰਸੀਪਲ ਸ੍ਰੀਮਤੀ ਗਿਤਾਂਜਲੀ ਕਾਲੜਾ ਦੀ ਸਰਪ੍ਰਸਤੀ ਹੇਠ ਕਾਲਜ ਦੇ ਰੈੱਡ ਰਿਬਨ ਕਲੱਬ, ਬਡੀ ਗਰੁੱਪ ਤੇ ਐੱਨ.ਐੱਸ.ਐੱਸ. ਵੱਲੋਂ ਪੰਜਾਬ ਸਰਕਾਰ ਦੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਉਪ-ਮੰਡਲ ਮੈਜਿਸਟਰੇਟ ਡੇਰਾਬੱਸੀ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਕਰਵਾਇਆ ਗਿਆ ਜਿਸ ਵਿਚ ਤਹਿਸੀਲਦਾਰ ਸ੍ਰੀ ਸੁਮਿਤ ਸਿੰਘ ਢਿੱਲੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਪ੍ਰੋਗਰਾਮ ਦੌਰਾਨ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ਼ ਕਾਲਜ ਦੇ ਵਿਦਿਆਰਥੀਆਂ ਵੱਲੋਂ ਗੀਤ, ਭਾਸ਼ਣਾਂ ਅਤੇ ਨੁੱਕੜ ਨਾਟਕ ਦੀ ਪੇਸ਼ਕਾਰੀ ਕੀਤੀ ਗਈ। ਉਹਨਾਂ ਨੇ ਇਹਨਾਂ ਪੇਸ਼ਕਾਰੀਆਂ ਰਾਹੀਂ ਜਿੱਥੇ ਖ਼ੁਦ ਜਿੰਮੇਵਾਰ ਨੌਜਵਾਨ ਹੋਣ ਦਾ ਸਬੂਤ ਦਿੱਤਾ ਉੱਥੇ ਬਾਕੀ ਵਿਦਿਆਰਥੀਆਂ ਨੂੰ ਨਸ਼ਿਆਂ ਵਰਗੀ ਸਮਾਜਕ ਅਲਾਮਤ ਨੂੰ ਜੜੋਂ ਮੁਕਾਉਣ ਦੀ ਲੋੜ ਦਾ ਸੁਨੇਹਾ ਦਿੱਤਾ।
ਫਾਈਨ ਆਰਟਸ ਵਿਸ਼ੇ ਦੇ ਵਿਦਿਆਰਥੀਆਂ ਵੱਲੋਂ ਨਸ਼ਿਆਂ ਵਿਰੁੱਧ ਸੁਨੇਹਾ ਦੇਣ ਵਾਲੇ ਪੋਸਟਰਾਂ ਦੀ ਇਕ ਪ੍ਰਦਰਸ਼ਨੀ ਵੀ ਲਗਾਈ ਗਈ।
ਮੁੱਖ ਮਹਿਮਾਨ ਸ੍ਰੀ ਸੁਮਿਤ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਸਰੀਰਕ ਅਤੇ ਮਾਨਸਿਕ ਤੌਰ 'ਤੇ ਖੋਖਲਾ ਕਰ ਰਿਹਾ ਹੈ। ਨਸ਼ਿਆਂ ਦੇ ਚੁੰਗਲ ਵਿਚ ਫਸੇ ਨੌਜਵਾਨ ਪੜ੍ਹਾਈ ਤੋਂ ਟੁੱਟ ਜਾਂਦੇ ਹਨ ਅਤੇ ਰੁਜ਼ਗਾਰ ਪ੍ਰਾਪਤੀ ਲਈ ਹੋਣ ਵਾਲੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿਚ ਵੀ ਭਾਗ ਨਹੀਂ ਲੈਂਦੇ। ਇਸ ਤਰ੍ਹਾਂ ਨਸ਼ੇ, ਬੇਰੁਜ਼ਗਾਰੀ ਅਤੇ ਅਪਰਾਧ ਉਹਨਾਂ ਦੀ ਜ਼ਿੰਦਗੀ ਨੂੰ ਮੌਤ ਵੱਲ ਲੈ ਜਾਂਦੇ ਹਨ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਆਰੰਭੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਸਾਥ ਦੇ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਚ ਸਹਿਯੋਗ ਮੰਗਿਆ।
ਪ੍ਰਿੰਸੀਪਲ ਸ੍ਰੀਮਤੀ ਗਿਤਾਂਜਲੀ ਕਾਲੜਾ ਨੇ ਮੁਖਾਤਿਬ ਹੁੰਦਿਆਂ ਕਿਹਾ ਕਿ ਵਿਦਿਆਰਥੀਆਂ ਨੇ ਆਪਣੀਆਂ ਕਲਾਤਮਕ ਪੇਸ਼ਕਾਰੀਆਂ ਰਾਹੀਂ ਨਸ਼ਿਆਂ ਵਿਰੁੱਧ ਜੋ ਸੁਨੇਹਾ ਦਿੱਤਾ ਹੈ, ਉਸਨੂੰ ਘਰ ਘਰ ਪਹੁੰਚਾਉਣਾ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣਾ ਸਮੇਂ ਦੀ ਲੋੜ ਹੈ। ਉਹਨਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਇਸ ਕੋਹੜ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦੇ ਅੰਤ ਉੱਪਰ ਪੇਸ਼ਕਾਰੀਆਂ ਦੇਣ ਵਾਲੇ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਅਤੇ ਪ੍ਰਿੰਸੀਪਲ ਵਲੋਂ ਪ੍ਰਮਾਣ-ਪੱਤਰ ਅਤੇ ਇਨਾਮ ਦਿੱਤੇ ਗਏ।