"ਆਪ ਦੀ ਸਰਕਾਰ ਆਪ ਦੇ ਦੁਆਰ" ਮੁਹਿੰਮ ਤਹਿਤ ਡੇਰਾਬੱਸੀ ਹਲਕੇ ਵਿੱਚ ਹੁਣ ਤੱਕ ਲਏ ਗਏ 265 ਕੈਂਪ: ਐਮ ਐਲ ਏ ਕੁਲਜੀਤ ਸਿੰਘ ਰੰਧਾਵਾ

ਜ਼ੀਰਕਪੁਰ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਮਈ: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ "ਆਪ ਦੀ ਸਰਕਾਰ ਆਪ ਦੇ ਦੁਆਰ" ਮੁਹਿੰਮ ਤਹਿਤ ਹੁਣ ਤੱਕ ਡੇਰਾਬੱਸੀ ਹਲਕੇ ਵਿੱਚ 265 ਕੈਂਪ ਲੋਕਾਂ ਦੀ ਸੁਵਿਧਾ ਲਈ ਲਾਏ ਜਾ ਚੁੱਕੇ ਹਨ, ਜਿਨ੍ਹਾਂ ਤੀ ਹਜ਼ਾਰਾਂ ਹੀ ਲੋਕ ਲਾਭ ਉਠਾ ਚੁੱਕੇ ਹਨ।

ਜ਼ੀਰਕਪੁਰ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਮਈ: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ "ਆਪ ਦੀ ਸਰਕਾਰ ਆਪ ਦੇ ਦੁਆਰ" ਮੁਹਿੰਮ ਤਹਿਤ ਹੁਣ ਤੱਕ ਡੇਰਾਬੱਸੀ ਹਲਕੇ ਵਿੱਚ 265 ਕੈਂਪ ਲੋਕਾਂ ਦੀ ਸੁਵਿਧਾ ਲਈ ਲਾਏ ਜਾ ਚੁੱਕੇ ਹਨ, ਜਿਨ੍ਹਾਂ ਤੀ ਹਜ਼ਾਰਾਂ ਹੀ ਲੋਕ ਲਾਭ ਉਠਾ ਚੁੱਕੇ ਹਨ।
    ਇਹ ਪ੍ਰਗਟਾਵਾ ਹਲਕਾ ਡੇਰਾਬੱਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਅੱਜ ਜ਼ੀਰਕਪੁਰ ਦੇ ਵਾਰਡ ਨੰਬਰ 12, ਢਕੋਲੀ ਖੇਤਰ ਵਿੱਚ ਲੱਗੇ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਉਪਰੰਤ ਕੀਤਾ। ਉਹਨਾਂ ਕਿਹਾ ਕਿ ਇਹਨਾਂ ਕੈਂਪਾਂ ਦਾ ਉਦੇਸ਼ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਹੀ ਸਰਕਾਰੀ ਸਰਟੀਫਿਕੇਟ ਤੇ ਹੋਰ ਕੰਮ ਕਰਵਾਉਣ ਦੀ ਸਹੂਲਤ ਦੇਣਾ ਹੈ। ਉਹਨਾਂ ਦੱਸਿਆ ਕਿ ਸਰਕਾਰ ਵੱਲੋਂ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾਂਦੀਆਂ ਸੇਵਾਵਾਂ ਵਿੱਚੋਂ 406 ਸੇਵਾਵਾਂ ਹੁਣ ਕੇਵਲ ਇੱਕ ਟੋਲ ਫਰੀ ਨੰਬਰ 1076 ਡਾਇਲ ਕਰਕੇ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ।
  ਉਨ੍ਹਾਂ ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਲਏ ਸਟੈਂਡ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਪੰਜਾਬ ਦੇ ਰਾਜਨੀਤਕ ਇਤਿਹਾਸ ਵਿੱਚ ਇਹ ਪਹਿਲੇ ਮੁੱਖ ਮੰਤਰੀ ਹੋ ਨਿੱਬੜੇ ਹਨ, ਜਿਨ੍ਹਾਂ ਨੇ ਪੰਜਾਬ ਦੇ ਹੱਕ ਵਿੱਚ ਪੂਰੀ ਦਲੇਰੀ ਨਾਲ ਪਹਿਰੇਦਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਡੈਮ ਤੋਂ ਵਾਧੂ ਪਾਣੀ ਦੀ ਸਪਲਾਈ ਨੂੰ ਰੋਕਣਾ ਅਤੇ ਬਾਅਦ ਵਿੱਚ ਇਸ ਮਾਮਲੇ ਤੇ ਵਿਧਾਨ ਸਭਾ ਦਾ ਸੈਸ਼ਨ ਬੁਲਾਉਣਾ, ਪੰਜਾਬ ਦੇ ਮੁੱਖ ਮੰਤਰੀ ਦੀ ਆਪਣੇ ਸੂਬੇ ਦੇ ਲੋਕਾਂ ਪ੍ਰਤੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ।
    ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਸ਼ਾ ਵਿਰੋਧੀ ਮੁਹਿੰਮ, ਸਕੂਲਾਂ ਅਤੇ ਸਿੱਖਿਆ ਸੁਧਾਰ ਲਈ ਪੰਜਾਬ ਸਿੱਖਿਆ ਕ੍ਰਾਂਤੀ ਅਤੇ ਸਿਹਤ ਸੇਵਾਵਾਂ ਵਿੱਚ ਸੁਧਾਰ, 300 ਯੂਨਿਟ ਤੱਕ ਦੀ ਘਰੇਲੂ ਬਿਜਲੀ ਯੂਨਿਟਾਂ ਦੀ ਮੁਆਫ਼ੀ ਆਦਿ ਸਰਕਾਰ ਦੀ ਲੋਕ ਪੱਖੀ ਸੋਚ ਨੂੰ ਦਰਸਾਉਂਦਾ ਹੈ।
ਕੈਂਪ ਦੌਰਾਨ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਕੈਂਪ ਵਿਚ ਆਏ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਸਬੰਧਤ ਅਧਿਕਾਰੀਆਂ ਨੂੰ ਮੌਕੇ ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ।
 ਉਪ ਮੰਡਲ ਮੈਜਿਸਟਰੇਟ, ਡੇਰਾਬਸੀ, ਸ੍ਰੀ ਅਮਿਤ ਗੁਪਤਾ ਨੇ ਦੱਸਿਆ ਕਿ ਡੇਰਾਬਸੀ ਦੇ ਜ਼ੀਰਕਪੁਰ ਦੇ ਢਕੋਲੀ ਖੇਤਰ ਦੇ ਵਾਰਡ ਨੰਬਰ 12 ਅਤੇ ਨੇੜੇ ਦੀਆਂ ਸੁਸਾਇਟੀ ਵਿਖੇ ਲਾਏ ਕੈਂਪ ਵਿਚ ਲੋਕਾਂ ਨੇ ਵੱਡੀ ਗਿਣਤੀ ਵਿਚ ਪਹੁੰਚ ਕੇ ਸੇਵਾਵਾਂ ਦਾ ਲਾਭ ਲਿਆ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
  ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।
ਇਸ ਮੌਕੇ ਨੇੜੇ ਲੱਗਦੀਆਂ ਵੱਖ ਵੱਖ ਸੋਸਾਇਟੀਆਂ ਦੇ ਪ੍ਰਧਾਨ ਅਮਿਤ ਕਸ਼ਯਪ, ਸ਼ਿਵਾਨੀ ਭੱਲਾ, ਸਲਿਲ ਬਰਾੜ ਮਿਸਟਰ ਰਾਠੀ, ਅਮਿਤ ਅਗਰਵਾਲ ਅਤੇ ਬੀ ਐਮ ਸ਼ਰਮਾ ਜੀ ਨੇ ਕੈਂਪ ਵਿੱਚ ਸ਼ਾਮਲ ਹੋ ਕੇ ਲਾਭ ਉਠਾਇਆ ਤੇ ਵਿਧਾਇਕ ਰੰਧਾਵਾ ਵੱਲੋਂ ਉਨ੍ਹਾਂ ਦੇ ਹੋਰ ਕੰਮ ਵੀ ਜਲਦੀ ਤੋਂ ਜਲਦੀ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ।