ਜ਼ਿਲ੍ਹੇ ‘ਚ ਸਥਿਤੀ ਪੂਰੀ ਤਰ੍ਹਾਂ ਆਮ ਵਾਂਗ, ਅਫ਼ਵਾਹਾਂ ਤੋਂ ਰਿਹਾ ਜਾਵੇ ਸਾਵਧਾਨ: ਆਸ਼ਿਕਾ ਜੈਨ
ਹੁਸ਼ਿਆਰਪੁਰ- ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਪ੍ਰਧਾਨਗੀ ਹੇਠ ਅੱਜ ਹੋਈ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਸਿਵਲ ਡਿਫੈਂਸ ਤਿਆਰੀ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਅਤੇ ਕਿਸੇ ਵੀ ਹੰਗਾਮੀ ਸਥਿਤੀ ਦੌਰਾਨ ਪੂਰੀ ਚੌਕਸੀ ਵਰਤਣ ਲਈ ਕਿਹਾ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਸਿਵਲ ਡਿਫੈਂਸ ਸਬੰਧੀ ਵਿਸਥਾਰਤ ਆਰਡਰ ਜਾਰੀ ਕਰਕੇ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਜ਼ਿਲ੍ਹੇ ਦੀਆਂ ਸਾਰੀਆਂ ਸਬ-ਡਵੀਜ਼ਨਾਂ ਦੇ ਉਪ ਮੰਡਲ ਮੈਜਿਸਟਰੇਟਾਂ ਕੋਲੋਂ ਲਗਾਤਾਰ ਰਿਪੋਰਟ ਲਈ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਸਥਿਤੀ ਪੂਰੀ ਤਰ੍ਹਾਂ ਆਮ ਵਾਂਗ ਹੈ, ਫਿਰ ਵੀ ਜਨਰਲ ਤਿਆਰੀ ਦੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਲਗਾਤਾਰ ਏਅਰ ਫੋਰਸ ਅਤੇ ਆਰਮੀ ਨਾਲ ਤਾਲਮੇਲ ਬਣਾਇਆ ਹੋਇਆ ਹੈ। ਉਨ੍ਹਾਂ ਇਕ ਖਾਸ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਮੁਹੱਲੇ, ਪਿੰਡ ਜਾਂ ਸ਼ਹਿਰ ਵਿੱਚ ਕਿਸੇ ਨੂੰ ਕੋਈ ਵੀ ਸ਼ੱਕੀ ਜਾਂ ਅਣਪਛਾਤੀ ਵਸਤੂ ਮਿਲਦੀ ਹੈ ਤਾਂ ਉਸ ਦੇ ਨੇੜੇ ਨਾ ਜਾਇਆ ਜਾਵੇ ਅਤੇ ਨਾ ਹੀ ਛੇੜਨ ਦੀ ਕੋਸ਼ਿਸ਼ ਕੀਤੀ ਜਾਵੇ, ਬਲਕਿ ਇਸ ਦੀ ਸੂਚਨਾ ਨੇੜੇ ਦੇ ਥਾਣੇ ਜਾਂ ਸਿਵਲ ਪ੍ਰਸ਼ਾਸਨ ਨੂੰ ਦਿੱਤੀ ਜਾਵੇ, ਤਾਂ ਜੋ ਉਸ ਵਸਤੂ ਦੀ ਫੋਰੈਂਸਿਕ ਜਾਂਚ ਕਰਵਾ ਕੇ ਆਰਮੀ ਜਾ ਏਅਰ ਫੋਰਸ ਤੱਕ ਰਿਕਵਰੀ ਲਈ ਪਹੁੰਚਾਇਆ ਜਾ ਸਕੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਜ਼ਿਲ੍ਹੇ ਵਿੱਚ ਹਾਲਾਤ ਪੂਰੀ ਤਰ੍ਹਾਂ ਆਮ ਵਾਂਗ ਹਨ ਅਤੇ ਕਿਸੇ ਵੀ ਤਰ੍ਹਾਂ ਘਬਰਾਉਣ ਵਾਲੀ ਗੱਲ ਨਹੀਂ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ 24 ਘੰਟੇ ਕਾਰਜਸ਼ੀਲ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜਿਸ ਦਾ ਨੰਬਰ 01882-220412 ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਇਸ ਕੰਟਰੋਲ ਰੂਮ ‘ਤੇ ਸੰਪਰਕ ਕਰ ਸਕਦੇ ਹਨ।
ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਗੁੰਮਰਾਹਕੁੰਨ ਅਫਵਾਹਾਂ ਤੋਂ ਪੂਰੀ ਤਰ੍ਹਾਂ ਸੁਚੇਤ ਰਹਿਣ ਅਤੇ ਸਰਕਾਰ ਵਲੋਂ ਸਮੇਂ-ਸਮੇਂ ‘ਤੇ ਲੋਕ ਹਿੱਤ ਵਿਚ ਜਾਰੀ ਹੋਣ ਵਾਲੀ ਅਡਵਾਈਜ਼ਰੀ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸ਼ਰਾਰਤੀ ਅਨਸਰ ਅਫਵਾਹ ਫੈਲਾਉਂਦਾ ਪਾਇਆ ਗਿਆ ਤਾਂ ਉਸ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ, ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਓਇਸ਼ੀ ਮੰਡਲ, ਐਸ.ਡੀ.ਐਮ ਹੁਸ਼ਿਆਰਪੁਰ ਸੰਜੀਵ ਕੁਮਾਰ, ਐਸ.ਡੀ.ਐਮ ਟਾਂਡਾ ਪਰਮਪ੍ਰੀਤ ਸਿੰਘ, ਐਸ.ਪੀ ਨਵਨੀਤ ਕੌਰ ਗਿੱਲ, ਡੀ.ਐਸ.ਪੀ ਮਨਪ੍ਰੀਤ ਸ਼ੀਮਾਰ ਅਤੇ ਸਿਵਲ ਡਿਫੈਂਸ ਅਧਿਕਾਰੀ ਮੌਜੂਦ ਸਨ।