ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 315ਵੇਂ ਸਰਹਿੰਦ ਫਤਹਿ ਦਿਵਸ ਦੀ ਖੁਸ਼ੀ ਵਿੱਚ ਗੁਰਮਤਿ ਸਮਾਗਮ ਦਾ ਆਯੋਜਨ

ਐਸ ਏ ਐਸ ਨਗਰ, 12 ਮਈ- ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ 315ਵੇਂ ਸਰਹਿੰਦ ਫਤਹਿ ਦਿਵਸ ਦੀ ਖੁਸ਼ੀ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਕਰਵਾਇਆ ਗਿਆ।

ਐਸ ਏ ਐਸ ਨਗਰ, 12 ਮਈ- ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ 315ਵੇਂ ਸਰਹਿੰਦ ਫਤਹਿ ਦਿਵਸ ਦੀ ਖੁਸ਼ੀ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਕਰਵਾਇਆ ਗਿਆ।
ਇਸ ਗੁਰਮਤਿ ਸਮਾਗਮ ਵਿੱਚ ਭਾਈ ਪ੍ਰੇਮ ਸਿੰਘ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਬਾਬਾ ਬੰਦਾ ਸਿੰਘ ਜੀ ਬਹਾਦਰ ਦੁਆਰਾ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦਾ ਬਦਲਾ ਲੈਂਦੇ ਹੋਏ ਸੰਨ 1710 ਈ. ਵਿੱਚ ਵਜ਼ੀਰ ਖਾਨ ਨੂੰ ਮਾਰ ਕੇ, ਸਰਹਿੰਦ ਦੀ ਇੱਟ ਨਾਲ ਇੱਟ ਖੜਕਾ ਕੇ ਫਤਹਿ ਕਰਨ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਵਿਸਥਾਰ ਨਾਲ ਸੁਣਾਇਆ। 
ਭਾਈ ਮਨਦੀਪ ਸਿੰਘ, ਗੁਰਦੁਆਰਾ ਸ੍ਰੀ ਭਾਮੀਆਂ ਸਾਹਿਬ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਜੋੜ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸੁਖਵਿੰਦਰ ਸਿੰਘ ਦਮਦਮੀ ਟਕਸਾਲ ਸਾਹਿਬ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਸਿੱਖ ਰਾਜ ਦੀ ਸਥਾਪਨਾ ਕਰਨ ਅਤੇ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਦੇ ਨਾਮ ’ਤੇ ਸ਼ਹਿਰ ਦਾ ਨਾਮ ਸ੍ਰੀ ਫਤਿਹਗੜ੍ਹ ਸਾਹਿਬ ਰੱਖਣ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ।
ਇਸ ਤੋਂ ਇਲਾਵਾ ਭਾਈ ਕਰਨਵੀਰ ਸਿੰਘ, ਭਾਈ ਸਰੂਪ ਸਿੰਘ, ਹਰਜਸ ਕੀਰਤਨੀ ਜਥਾ, ਭਾਈ ਗੁਰਦੀਪ ਸਿੰਘ, ਭਾਈ ਮਹਿੰਦਰ ਸਿੰਘ, ਭਾਈ ਗੁਰਵਿੰਦਰ ਸਿੰਘ, ਭਾਈ ਕੁਲਦੀਪ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਜਸਵਿੰਦਰ ਸਿੰਘ ਦੇ ਜਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜਥੇ ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਹਰਬਖਸ਼ ਸਿੰਘ ਅਤੇ ਭਾਈ ਇੰਦਰਜੀਤ ਸਿੰਘ ਨੇ ਕਥਾ-ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਗੁਰੂ ਕਾ ਲੰਗਰ ਸੰਗਤਾਂ ਨੂੰ ਸਾਰਾ ਦਿਨ ਅਤੁੱਟ ਵਰਤਾਇਆ ਗਿਆ।
ਪ੍ਰਬੰਧਕ ਕਮੇਟੀ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ 14 ਮਈ ਨੂੰ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬਲਵੰਤ ਸਿੰਘ ਦੀ 40ਵੀਂ ਬਰਸੀ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਜਾਵੇਗੀ। ਇਸ ਦਿਨ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜਥੇ, ਇੰਟਰਨੈਸ਼ਨਲ ਢਾਡੀ ਜਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਹਰਿਜਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ।