ਅਹਿਮ ਅਹੁਦਿਆਂ ਉੱਤੇ ਦਿੱਲੀ ਦੇ ਵਿਅਕਤੀਆਂ ਦੀਆਂ ਕੀਤੀਆਂ ਗਈਆਂ ਨਿਯੁਕਤੀਆਂ ਪੰਜਾਬ ਦੇ ਹਿੱਤਾਂ ਨਾਲ ਖਿਲਵਾੜ - ਬਲਬੀਰ ਸਿੰਘ ਸਿੱਧੂ

ਐਸ.ਏ.ਐਸ. ਨਗਰ, 20 ਮਈ- ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸੂਬੇ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਅਹਿਮ ਜਨਤਕ ਅਹੁਦਿਆਂ ਉੱਤੇ ਦਿੱਲੀ ਦੇ ਵਿਅਕਤੀਆਂ ਦੀਆਂ ਨਿਯੁਕਤੀਆਂ ਕਰਕੇ ਪੰਜਾਬ ਦੇ ਹਿੱਤਾਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।

ਐਸ.ਏ.ਐਸ. ਨਗਰ, 20 ਮਈ- ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸੂਬੇ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਅਹਿਮ ਜਨਤਕ ਅਹੁਦਿਆਂ ਉੱਤੇ ਦਿੱਲੀ ਦੇ ਵਿਅਕਤੀਆਂ ਦੀਆਂ ਨਿਯੁਕਤੀਆਂ ਕਰਕੇ ਪੰਜਾਬ ਦੇ ਹਿੱਤਾਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।
ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਕੁਰਸੀ ਬਚਾਉਣ ਲਈ ਪੰਜਾਬ ਨੂੰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਕੋਲ ਗਹਿਣੇ ਰੱਖ ਦਿੱਤਾ ਹੈ ਜਿਹੜਾ ਹਰ ਛੋਟੇ-ਵੱਡੇ ਮਾਮਲੇ ਵਿੱਚ ਆਪਣੀ ਮਨਮਰਜ਼ੀ ਕਰ ਰਿਹਾ ਹੈ। ਉਹਨਾਂ ਕਿਹਾ ਕਿ ਦਿੱਲੀ ਦੇ ਲੋਕਾਂ ਵੱਲੋਂ ਨਕਾਰੇ ਅਤੇ ਕਰੋੜਾਂ ਦੇ ਘਪਲਿਆਂ ਦੇ ਕੇਸਾਂ ਵਿੱਚ ਫਸੇ ਹੋਏ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਹੁਣ ਸੂਬੇ ਦੇ ਅਹਿਮ ਮਹਿਕਮਿਆਂ ਵਿੱਚ ਆਪਣੇ ਚਹੇਤੇ ਵਿਅਕਤੀਆਂ ਨੂੰ ਫਿੱਟ ਕਰ ਰਹੇ ਹਨ ਤਾਂ ਕਿ ਹਰ ਮਹਿਕਮੇ ਦੇ ਧੁਰ ਹੇਠਾਂ ਤੱਕ ਸਿੱਧੀ ਪਕੜ ਬਣਾਈ ਜਾ ਸਕੇ।
ਉਹਨਾਂ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਪੰਜਾਬ ਲਾਰਜ ਸਕੇਲ ਇੰਡਸਟਰੀ ਡਿਵੈਲਪਮੈਂਟ ਬੋਰਡ ਦੇ ਚੇਅਰਮੈਨਾਂ ਦੀਆਂ ਪਦਵੀਆਂ ਉੱਤੇ ਦਿੱਲੀ ਤੋਂ ਲਿਆ ਕੇ ਉਹ ਵਿਅਕਤੀ ਬਿਠਾ ਦਿੱਤੇ ਹਨ ਜਿਨ੍ਹਾਂ ਨੂੰ ਨਾ ਤਾਂ ਪੰਜਾਬ ਦੀ ਕੋਈ ਸਮਝ ਹੈ ਅਤੇ ਨਾ ਹੀ ਉਹਨਾਂ ਨੂੰ ਪੰਜਾਬ ਨਾਲ ਕੋਈ ਲਗਾਅ ਹੈ। ਉਹਨਾਂ ਦਾ ਇੱਕੋ ਇੱਕ ਮਕਸਦ ਆਪਣੀਆਂ ਅਤੇ ਆਪਣੇ ਸਿਆਸੀ ਆਕਾਵਾਂ ਦੀਆਂ ਝੋਲੀਆਂ ਭਰਨਾ ਹੈ।
ਉਹਨਾਂ ਕਿਹਾ ਕਿ ਦਿੱਲੀ ਤੋਂ ਲਿਆਂਦੇ ਜਾ ਰਹੇ ਇਹ ਸਾਰੇ ਵਿਅਕਤੀ ਉਹੀ ਹਨ ਜਿਹੜੇ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਦਿੱਲੀ ਵਿੱਚ ਕਿਸੇ ਨਾ ਕਿਸੇ ਤਰ੍ਹਾਂ ਘੋਟਾਲਾ ਮੰਤਰੀਆਂ ਨਾਲ ਸਬੰਧਤ ਸਨ ਅਤੇ ਹੁਣ ਇਹਨਾਂ ਵਿਹਲੇ ਹੋ ਗਏ ਵਿਅਕਤੀਆਂ ਨੂੰ ਪੰਜਾਬ ਲਿਆਂਦਾ ਜਾ ਰਿਹਾ ਹੈ ਤਾਂ ਕਿ ਇਹਨਾਂ ਦੇ “ਤਜਰਬੇ” ਦਾ ਲਾਹਾ ਇੱਥੇ ਵੀ ਲਿਆ ਜਾ ਸਕੇ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਐਡਵੋਕੇਟ ਜਨਰਲ ਦੇ ਦਫਤਰ ਵਿੱਚ ਐਡੀਸ਼ਨਲ ਐਡਵੋਕੇਟ ਜਨਰਲ ਦੀਆਂ ਤਿੰਨੇ ਅਸਾਮੀਆਂ ਉੱਤੇ ਪੰਜਾਬ ਦੇ ਵਕੀਲਾਂ ਨੂੰ ਛੱਡ ਕੇ ਦਿੱਲੀ ਦੇ ਤਿੰਨ ਵਕੀਲਾਂ ਮੋਹੰਮਦ ਇਰਸ਼ਾਦ, ਪ੍ਰਸ਼ਾਂਤ ਮਨਚੰਡਾ ਅਤੇ ਆਰ.ਵੀ. ਸਿਨਹਾ ਨੂੰ ਨਿਯੁਕਤ ਕਰ ਕੇ ਸੂਬੇ ਦੇ ਹਿੱਤਾਂ ਨਾਲ ਗੱਦਾਰੀ ਕੀਤੀ ਹੈ। ਉਹਨਾਂ ਕਿਹਾ ਕਿ ਐਡੀਸ਼ਨਲ ਐਡਵੋਕੇਟ ਜਨਰਲ ਵਰਗੇ ਮਹੱਤਵਪੂਰਨ ਅਹੁਦਿਆਂ ਉੱਤੇ ਗੈਰ ਪੰਜਾਬੀਆਂ ਨੂੰ ਨਿਯੁਕਤ ਕਰਨਾ ਇੱਕ ਗੰਭੀਰ ਅਪਰਾਧ ਹੈ ਕਿਉਂਕਿ ਗੈਰ ਪੰਜਾਬੀ ਵਿਅਕਤੀਆਂ ਤੋਂ ਇਹ ਆਸ ਨਹੀਂ ਕੀਤੀ ਜਾਣੀ ਚਾਹੀਦੀ ਕਿ ਉਹ ਪੰਜਾਬ ਦੇ ਹਿੱਤਾਂ ਲਈ ਲੜਣਗੇ।
ਉਹਨਾਂ ਪੰਜਾਬ ਦੀਆਂ ਲੋਕ ਪੱਖੀ ਜਥੇਬੰਦੀਆਂ, ਅਦਾਰਿਆਂ ਅਤੇ ਬੁੱਧੀਜੀਵੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਿੱਤਾਂ ਨਾਲ ਕੀਤੇ ਜਾ ਰਹੇ ਖਿਲਵਾੜ ਵਿਰੁੱਧ ਹਰ ਸੰਭਵ ਤਰੀਕੇ ਨਾਲ ਆਵਾਜ਼ ਉਠਾਉਣ।