ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂਆਂ ਨੂੰ ਦਬਾਉਣਾ ਪੰਜਾਬ ਸਰਕਾਰ ਦੇ ਦਲਿਤ,ਮਜ਼ਦੂਰ ਵਿਰੋਧੀ ਚਿਹਰੇ ਨੂੰ ਕੀਤਾ ਬੇਪਰਦ-ਆਗੂ

ਨਵਾਂਸ਼ਹਿਰ- ਕਿਰਤੀ ਕਿਸਾਨ ਯੂਨੀਅਨ ਨੇ ਸੰਗਰੂਰ ਜਿਲ੍ਹੇ ਦੇ ਬੀੜ ਐਸ਼ਵਿਨ ਵਿੱਚ ਜੀਂਦ ਦੇ ਰਾਜੇ ਦੀ 927 ਏਕੜ ਜ਼ਮੀਨ ਉੱਤੇ ਬੇਗਮਪੁਰਾ ਵਸਾਉਣ ਲਈ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਕੀਤੇ ਜਾਣ ਵਾਲੇ ਜਮਹੂਰੀ ਪ੍ਰਦਰਸ਼ਨ ਨੂੰ ਛੇ ਜ਼ਿਲ੍ਹਿਆਂ ਦੀ ਪੁਲਿਸ ਦੇ ਜ਼ੋਰ ਰੋਕਣ, ਸੈਂਕੜਿਆਂ ਦੀ ਗਿਣਤੀ ਵਿੱਚ ਕਾਰਕੁੰਨਾਂ ਅਤੇ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ।

ਜੱਥੇਬੰਦੀ ਦੇ ਜਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਸੁਰਿੰਦਰ ਸਿੰਘ ਬੈਂਸ, ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੜੈਚ ਅਤੇ ਜਿਲਾ ਸਕੱਤਰ ਤਰਸੇਮ ਸਿੰਘ ਬੈਂਸ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਹਾਰ ਮਗਰੋਂ ਸੂਬੇ ਦੇ ਲੋਕਾਂ ਦੇ ਹਰ ਜਮਹੂਰੀ ਸੰਘਰਸ਼ ਨੂੰ ਪੁਲਿਸ ਜ਼ਬਰ ਰਾਹੀ ਕੁਚਲਣ ਦੇ ਆਤਮਘਾਤੀ ਰਾਹ ਪੈ ਗਈ ਹੈ।
     ਉਹਨਾਂ ਨੇ ਕਿਹਾ ਕਿ ਸਮਾਜ ਦੇ ਸੱਭ ਤੋਂ ਵੱਧ ਪੀੜਤ ਲੋਕਾਂ ਵਿੱਚ ਸ਼ਾਮਲ ਬੇਜ਼ਮੀਨੇ ਦਲਿਤ ਵਰਗ ਵਲੋਂ ਬੇਚਿਰਾਗ ਪਿੰਡ ਦੀ 927 ਏਕੜ ਜ਼ਮੀਨ ਜੋਕਿ ਜੀਂਦ ਦੇ ਰਾਜੇ ਨਾਲ ਸਬੰਧਤ ਹੈ, ਨੂੰ ਬੇਜ਼ਮੀਨਿਆਂ ਵਿੱਚ ਵੰਡਣ ਲਈ ਬੀਤੇ ਲੰਮੇਂ ਸਮੇਂ ਤੋਂ ਛੇੜੀ ਮੁਹਿੰਮ ਪ੍ਰਤੀ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਦਾ ਰਵੱਈਆ ਲੋਕਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਘੇਸਲ ਵੱਟ ਜਾਣ ਦੀ ਘਟੀਆ ਆਦਤ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਅੱਜ ਬੇਗਮਪੁਰਾ ਵਸਾਉਣ ਲਈ ਆ ਰਹੇ ਜਥਿਆਂ ਨੂੰ ਪੁਲਿਸ ਵਲੋਂ ਰੋਕਾਂ ਖੜੀਆਂ ਕਰਕੇ ਰੋਕਣ, ਧੱਕਾਮੁੱਕੀ ਕਰਨ,ਸੈਂਕੜਿਆਂ ਦੀ ਗਿਣਤੀ ਵਿੱਚ ਗ੍ਰਿਫਤਾਰੀਆਂ ਨੇ ਦੱਸ ਦਿੱਤਾ ਹੈ ਕਿ ਆਪ ਸਰਕਾਰ ਕਿਸਾਨਾਂ ਮਗਰੋਂ ਹੁਣ ਦਲਿਤਾਂ ਦੇ ਸੰਘਰਸ਼ ਨੂੰ ਵੀ ਜਬਰ ਦੇ ਜ਼ੋਰ ਕੁਚਲਣ ਦੇ ਰਾਹ ਪੈ ਗਈ ਹੈ।
    ਕਿਸਾਨ ਆਗੂਆਂ ਨੇ ਕਿਹਾ ਕਿ ਦਿੱਲੀ ਵਿਚ ਵਿਧਾਨਸਭਾ ਚੋਣਾਂ ਵਿੱਚ ਹਾਰ ਮਗਰੋਂ ਆਪ ਸਰਕਾਰ ਨੇ ਸੂਬੇ ਨੂੰ ਪੁਲਿਸ ਰਾਜ ਵਿੱਚ ਤਬਦੀਲ ਕਰ ਦਿੱਤਾ ਹੈ। ਸੂਬੇ ਦੇ ਲੋਕਾਂ ਦੇ ਹਰ ਜਮਹੂਰੀ ਸੰਘਰਸ਼ਾਂ ਉੱਤੇ ਪੁਲਿਸ ਜ਼ਬਰ ਢਾਹਿਆ ਜਾ ਰਿਹਾ ਹੈ।
     ਆਗੂਆਂ ਨੇ ਕਿਹਾ ਕਿ ਸਦੀਆਂ ਤੋਂ ਦਬਾਏ ਹੋਏ ਤੇ ਲਤਾੜੇ ਦਲਿਤ ਲੋਕਾਂ ਲਈ ਆਵਾਜ ਚੁੱਕਣ ਕਰਕੇ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂਆਂ ਨੂੰ ਦਬਾਉਣਾ ਪੰਜਾਬ ਸਰਕਾਰ ਦੇ ਦਲਿਤ,ਮਜ਼ਦੂਰ ਵਿਰੋਧੀ ਚਿਹਰੇ ਨੂੰ ਬੇਪਰਦ ਕਰਦਾ ਹੈ।