
ਆਬਕਾਰੀ ਵਿਭਾਗ ਨੇ ਹੁਸ਼ਿਆਰਪੁਰ 'ਚ ਨਾਜਾਇਜ਼ ਸ਼ਰਾਬ ਵਿਰੁੱਧ ਜੰਗੀ ਪੱਧਰ 'ਤੇ ਚਲਾਈ ਮੁਹਿੰਮ
ਹੁਸ਼ਿਆਰਪੁਰ- ਹਾਲ ਹੀ ਵਿਚ ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਇਲਾਕੇ ਵਿਚ ਵਾਪਰੀ ਮੰਦਭਾਗੀ ਘਟਨਾ ਦੇ ਮੱਦੇਨਜ਼ਰ, ਪੰਜਾਬ ਸਰਕਾਰ ਦੇ ਨਿਰਦੇਸ਼ਾਂ 'ਤੇ ਆਬਕਾਰੀ ਵਿਭਾਗ, ਹੁਸ਼ਿਆਰਪੁਰ ਵੱਲੋਂ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹੇ ਵਿਚ ਵੱਡੇ ਪੱਧਰ 'ਤੇ ਛਾਪੇਮਾਰੀ ਕਰਕੇ ਨਾਜਾਇਜ਼ ਸ਼ਰਾਬ ਬਰਾਮਦੀ ਕੀਤੀ ਜਾ ਰਹੀ ਹੈ।
ਹੁਸ਼ਿਆਰਪੁਰ- ਹਾਲ ਹੀ ਵਿਚ ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਇਲਾਕੇ ਵਿਚ ਵਾਪਰੀ ਮੰਦਭਾਗੀ ਘਟਨਾ ਦੇ ਮੱਦੇਨਜ਼ਰ, ਪੰਜਾਬ ਸਰਕਾਰ ਦੇ ਨਿਰਦੇਸ਼ਾਂ 'ਤੇ ਆਬਕਾਰੀ ਵਿਭਾਗ, ਹੁਸ਼ਿਆਰਪੁਰ ਵੱਲੋਂ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹੇ ਵਿਚ ਵੱਡੇ ਪੱਧਰ 'ਤੇ ਛਾਪੇਮਾਰੀ ਕਰਕੇ ਨਾਜਾਇਜ਼ ਸ਼ਰਾਬ ਬਰਾਮਦੀ ਕੀਤੀ ਜਾ ਰਹੀ ਹੈ।
ਸਹਾਇਕ ਕਮਿਸ਼ਨਰ (ਆਬਕਾਰੀ) ਹਨੂਵੰਤ ਸਿੰਘ, ਆਬਕਾਰੀ ਅਧਿਕਾਰੀ ਨਵਜੋਤ ਭਾਰਤੀ (ਹੁਸ਼ਿਆਰਪੁਰ-1) ਅਤੇ ਪ੍ਰੀਤ ਭੁਪਿੰਦਰ ਸਿੰਘ (ਹੁਸ਼ਿਆਰਪੁਰ-2) ਦੀ ਨਿਗਰਾਨੀ ਹੇਠ ਜ਼ਿਲ੍ਹੇ ਭਰ ਵਿਚ ਨਾਜਾਇਜ਼ ਸ਼ਰਾਬ ਵਿਰੁੱਧ ਜੰਗੀ ਪੱਧਰ 'ਤੇ ਮੁਹਿੰਮ ਚਲਾਈ ਜਾ ਰਹੀ ਹੈ। ਮਜੀਠਾ ਕਾਂਡ ਤੋਂ ਬਾਅਦ ਪਿਛਲੇ ਇਕ ਹਫ਼ਤੇ ਵਿਚ ਆਬਕਾਰੀ ਵਿਭਾਗ ਵੱਲੋਂ 50 ਤੋਂ ਵੱਧ ਛਾਪੇ ਮਾਰੇ ਗਏ ਹਨ।
ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ (ਆਬਕਾਰੀ) ਹਨੂਵੰਤ ਸਿੰਘ ਨੇ ਦੱਸਿਆ ਕਿ ਪਿਛਲੇ ਇਕ ਹਫ਼ਤੇ ਵਿਚ 13 ਐਫ.ਆਈ.ਆਰ ਦਰਜ ਕਰਕੇ 11 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਅਤੇ 152 ਬੋਤਲਾਂ, 25000 ਕਿਲੋ ਲਾਹਣ ਅਤੇ 101.25 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਉਨ੍ਹਾਂ ਕਿਹਾ ਕਿ ਮੰਡ ਇਲਾਕਿਆਂ ਤੋਂ ਭਾਰੀ ਮਾਤਰਾ ਵਿਚ ਸ਼ਰਾਬ ਬਰਾਮਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੰਡ ਇਲਾਕਿਆਂ ਤੋਂ ਵੱਡੀ ਮਾਤਰਾ ਵਿਚ ਲਾਹਣ ਬਰਾਮਦ ਕੀਤੀ ਗਈ ਹੈ।
ਇਸ ਵਿਚ 40 ਤਰਪਾਲਾਂ, 10 ਡਰੰਮ ਅਤੇ ਨਾਜਾਇਜ਼ ਸ਼ਰਾਬ ਲਈ ਵਰਤੋਂ ਕੀਤੇ ਗਏ ਹੋਰ ਉਪਕਰਣ ਸ਼ਾਮਿਲ ਹਨ। ਸਹਾਇਕ ਕਮਿਸ਼ਨਰ ਨੇ ਕਿਹਾ ਕਿ ਆਬਕਾਰੀ ਵਿਭਾਗ ਵੱਲੋਂ ਜ਼ਿਲ੍ਹੇ ਵਿਚ ਲਗਾਤਾਰ ਨਾਕੇ ਲਗਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਅਧਿਕਾਰੀ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਨਾਜਾਇਜ਼ ਸ਼ਰਾਬ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇ ਰਹੇ ਹਨ ਅਤੇ ਨਾਗਰਿਕਾਂ ਨੂੰ ਇਸ ਮੁਹਿੰਮ ਵਿਚ ਸਹਿਯੋਗ ਦੀ ਅਪੀਲ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਸੁੰਦਰ ਨਗਰ ਅਤੇ ਬਲਬੀਰ ਕਲੋਨੀ (ਹੁਸ਼ਿਆਰਪੁਰ ਸ਼ਹਿਰ) ਵਿਚ ਆਬਕਾਰੀ ਵਿਭਾਗ ਅਤੇ ਪੁਲਿਸ ਵੱਲੋਂ ਸਾਂਝਾ ਫਲੈਗ ਮਾਰਚ ਕੱਢਿਆ ਗਿਆ। ਇਸ ਦੌਰਾਨ ਨਾਗਰਿਕਾਂ ਨੂੰ ਗੈਰ-ਕਾਨੂੰਨੀ ਸ਼ਰਾਬ ਦੀ ਰਿਪੋਰਟ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਗੈਰ-ਕਾਨੂੰਨੀ ਸ਼ਰਾਬ ਦੇ ਕਾਰੋਬਾਰ ਵਿਚ ਸ਼ਾਮਿਲ ਕਿਸੇ ਵਿਅਕਤੀ ਬਾਰੇ ਜਾਣਕਾਰੀ ਹੈ ਤਾਂ ਉਹ ਤੁਰੰਤ ਆਬਕਾਰੀ ਵਿਭਾਗ ਨੂੰ ਸੂਚਿਤ ਕਰੇ। ਇਸ ਮੰਤਵ ਲਈ ਅਧਿਕਾਰੀਆਂ ਦੇ ਮੋਬਾਈਲ ਨੰਬਰ ਆਮ ਲੋਕਾਂ ਨਾਲ ਸਾਂਝੇ ਕੀਤੇ ਜਾ ਰਹੇ ਹਨ।
ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਾਰੇ ਸਬੰਧਤ ਅਧਿਕਾਰੀਆਂ (ਐਸ.ਡੀ.ਐਮਜ਼., ਬੀ.ਡੀ.ਪੀ.ਓਜ਼., ਥਾਣਾ ਮੁਖੀਆਂ ਆਦਿ) ਨੂੰ ਮੁਹਿੰਮ ਵਿਚ ਪੂਰਾ ਸਹਿਯੋਗ ਦੇਣ ਦੇ ਨਿਰਦੇਸ਼ ਦਿੱਤੇ ਹਨ। ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਨੇ ਵਿਭਾਗੀ ਅਧਿਕਾਰੀਆਂ ਨੂੰ ਤਾਲਮੇਲ ਅਤੇ ਸਹਿਯੋਗ ਲਈ ਵੀ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਆਬਕਾਰੀ ਵਿਭਾਗ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਅਤੇ ਸਰਕਾਰੀ ਮਾਲੀਏ ਦੀ ਰੱਖਿਆ ਲਈ ਹਰ ਸੰਭਵ ਯਤਨ ਕਰ ਰਿਹਾ ਹੈ।
