ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਸ਼ੁਰੂ

ਅੰਮ੍ਰਿਤਸਰ, 22 ਮਈ- ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਲਈ ਅੱਜ ਸਿੱਖ ਸ਼ਰਧਾਲੂਆਂ ਦਾ ਪਹਿਲਾ ਜਥਾ ਰਿਸ਼ੀਕੇਸ਼ ਸਥਿਤ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋਇਆ ਹੈ, ਜਿਸ ਨੂੰ ਉੱਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ (ਸੇਵਾਮੁਕਤ) ਗੁਰਮੀਤ ਸਿੰਘ ਅਤੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਧਾਮੀ ਨੇ ਰਵਾਨਾ ਕੀਤਾ। ਉਨ੍ਹਾਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ ਅਤੇ ਇਨ੍ਹਾਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ ਹੋਇਆ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦੁਆਰ ਸ਼ਰਧਾਲੂਆਂ ਲਈ 25 ਮਈ ਨੂੰ ਖੋਲ੍ਹੇ ਜਾਣਗੇ।

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਸਿੱਖ ਸ਼ਰਧਾਲੂਆਂ ਦਾ ਪਹਿਲਾ ਜਥਾ ਅੱਜ ਰਵਾਨਾ ਹੋਇਆ ਹੈ, ਜਿਸ ਨਾਲ ਇਸ ਯਾਤਰਾ ਦੀ ਸ਼ੁਰੂਆਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 25 ਮਈ ਨੂੰ ਖੋਲ੍ਹੇ ਜਾਣਗੇ ਅਤੇ ਉਸ ਦਿਨ ਇਸ ਸਾਲਾਨਾ ਯਾਤਰਾ ਦੀ ਆਰੰਭਤਾ ’ਤੇ ਪਹਿਲਾ ਪ੍ਰਕਾਸ਼ ਕੀਤਾ ਜਾਵੇਗਾ। ਯਾਤਰਾ ਦੀ ਸ਼ੁਰੂਆਤ ਸਬੰਧੀ ਅੱਜ ਇੱਥੇ ਗੁਰਦੁਆਰਾ ਰਿਸ਼ੀਕੇਸ਼ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਨੇ ਕੀਰਤਨ ਕੀਤਾ। ਇਸ ਉਪਰੰਤ ਰਾਜਪਾਲ ਅਤੇ ਮੁੱਖ ਮੰਤਰੀ ਨੇ ਜਥੇ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ ਅਤੇ ਇਸ ਸਾਲਾਨਾ ਯਾਤਰਾ ਦੀ ਸ਼ੁਰੂਆਤ ਕੀਤੀ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਯਾਤਰਾ ਦੌਰਾਨ ਅਨੁਸ਼ਾਸਨ ਬਣਾਏ ਰੱਖਣ ਦੀ ਅਪੀਲ ਕੀਤੀ ਅਤੇ ਯਾਤਰਾ ਦੀ ਸਫ਼ਲਤਾ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਯਾਤਰਾ ਦੇ ਮਾਰਗ ਵਿੱਚ ਹਰ ਸੰਭਵ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।
ਰਾਜਪਾਲ ਨੇ ਆਪਣੇ ਸੰਬੋਧਨ ਦੌਰਾਨ ਜਿੱਥੇ ਸਿੱਖ ਸੰਗਤ ਨੂੰ ਇਸ ਸਾਲਾਨਾ ਯਾਤਰਾ ਦੀ ਵਧਾਈ ਦਿੱਤੀ, ਉੱਥੇ ਸਿੱਖ ਧਰਮ ਅਤੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਇਤਿਹਾਸ ਤੋਂ ਵੀ ਜਾਣੂ ਕਰਵਾਇਆ। ਉਨ੍ਹਾਂ ਯਾਤਰਾ ਸਬੰਧੀ ਸਰਕਾਰ ਅਤੇ ਟਰੱਸਟ ਵੱਲੋਂ ਕੀਤੇ ਗਏ ਪ੍ਰਬੰਧਾਂ ਦੀ ਸ਼ਲਾਘਾ ਕੀਤੀ।
ਸਮਾਗਮ ਤੋਂ ਪਹਿਲਾਂ ਰਾਜਪਾਲ ਅਤੇ ਮੁੱਖ ਮੰਤਰੀ ਦੋਵਾਂ ਨੇ ਗੁਰੂ ਘਰ ਮੱਥਾ ਟੇਕਿਆ ਅਤੇ ਸਮਾਗਮ ਤੋਂ ਬਾਅਦ ਲੰਗਰ ਘਰ ਵਿੱਚ ਬੈਠ ਕੇ ਲੰਗਰ ਵੀ ਛਕਿਆ। ਪ੍ਰਬੰਧਕੀ ਟਰੱਸਟ ਵੱਲੋਂ ਪ੍ਰਧਾਨ ਸ੍ਰੀ ਬਿੰਦਰਾ ਨੇ ਰਾਜਪਾਲ, ਮੁੱਖ ਮੰਤਰੀ ਤੇ ਹੋਰ ਪਤਵੰਤਿਆਂ ਦਾ ਸਨਮਾਨ ਕੀਤਾ ਗਿਆ।