‘ਯੁੱਧ ਨਸ਼ਿਆਂ ਵਿਰੁੱਧ’; ਨਸ਼ਿਆਂ ਖਿਲਾਫ਼ ਪੰਜਾਬ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹੈ ਲੋਕਾਂ ਦਾ ਸਮਰਥਨ

ਹੁਸ਼ਿਆਰਪੁਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੇ ਨਸ਼ਾ ਮੁਕਤੀ ਮੁਹਿੰਮ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਭਾਰੀ ਲੋਕ ਸਮਰਥਨ ਮਿਲ ਰਿਹਾ ਹੈ।

ਹੁਸ਼ਿਆਰਪੁਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੇ ਨਸ਼ਾ ਮੁਕਤੀ ਮੁਹਿੰਮ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਭਾਰੀ ਲੋਕ ਸਮਰਥਨ ਮਿਲ ਰਿਹਾ ਹੈ।
 ਜ਼ਿਲ੍ਹੇ ਭਰ ਵਿਚ ਕਰਵਾਈਆਂ ਜਾ ਰਹੀਆਂ ਨਸ਼ਾ ਵਿਰੋਧੀ ਯਾਤਰਾਵਾਂ ਵਿਚ ਸਥਾਨਕ ਵਿਧਾਇਕਾਂ, ਪ੍ਰਸ਼ਾਸਨਿਕ ਅਧਿਕਾਰੀਆਂ, ਸਮਾਜਿਕ ਸੰਗਠਨਾਂ, ਨੌਜ਼ਵਾਨਾਂ ਅਤੇ ਨਾਗਰਿਕਾਂ ਨੇ ਉਤਸ਼ਾਹਪੂਰਵਕ ਹਿੱਸਾ ਲਿਆ। ਸ਼ਾਮਚੁਰਾਸੀ ਵਿਧਾਨ ਸਭਾ ਹਲਕੇ ਵਿਚ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੀ ਅਗਵਾਈ ਵਿਚ ਚੱਕ ਗੁਜ਼ਰਾਂ, ਢੱਕੀ ਅਤੇ ਬਸੀ ਕਾਲੇ ਖਾਂ ਵਿਚ ਨਸ਼ਾ ਮੁਕਤੀ ਪ੍ਰੋਗਰਾਮ ਕਰਵਾਏ ਗਏ ਜਿਸ ਵਿਚ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਹਿੱਸਾ ਲੈ ਕੇ ਨਸ਼ੇ ਖਿਲਾਫ਼ ਇਕਜੁਟਤਾ ਦਿਖਾਈ। 
ਚੱਬੇਵਾਲ ਵਿਧਾਨ ਸਭਾ ਹਲਕੇ ਵਿਚ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਚਾਂਸੂ ਬ੍ਰਾਹਮਣਾਂ, ਖੰਨੀ ਅਤੇ ਰਾਮਪੁਰ ਪਿੰਡਾਂ ਵਿਚ ਯਾਤਰਾਵਾਂ ਦੀ ਅਗਵਾਈ ਕੀਤੀ ਅਤੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ। ਗੜ੍ਹਸ਼ੰਕਰ ਵਿਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਨੇ ਵਾਹਿਦਪੁਰ, ਚਾਹਲਪੁਰ ਅਤੇ ਮੋਹਣੋਵਾਲ ਪਿੰਡਾਂ ਵਿਚ ਜਾਗਰੂਕਤਾ ਪ੍ਰੋਗਰਾਮ ਕਰਵਾ ਕੇ ਨੌਜ਼ਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਗਈ। 
ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਅਲਾਹਾਬਾਦ, ਬਜਵਾੜਾ ਅਤੇ ਹਰਕ੍ਰਿਸ਼ਨ ਨਗਰ ਵਿਚ ਰੈਲੀ ਕੱਢ ਕੇ ਆਮ ਜਨਤਾ ਨੂੰ ਨਸ਼ਿਆਂ ਖਿਲਾਫ਼ ਇਕਜੁਟ ਹੋਣ ਦੀ ਅਪੀਲ ਕੀਤੀ। ਉੜਮੁੜ ਟਾਂਡਾ ਹਲਕੇ ਵਿਚ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਕੋਈ, ਬਰੂਹੀ ਅਤੇ ਨਰੂੜ ਵਿਚ ਜਾਗਰੂਕਤਾ ਰੈਲੀਆਂ ਕੀਤੀਆਂ। ਦਸੂਹਾ ਵਿਚ ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਕਾਕੋਆ, ਭਟੋਲੀ ਅਤੇ ਰਛਪਲਵਾਂ ਵਿਚ ਯਾਤਰਾਵਾਂ ਕੱਢੀਆਂ ਗਈਆਂ। ਮੁਕੇਰੀਆਂ ਵਿਚ ਹਲਕਾ ਇੰਚਾਰਜ ਪ੍ਰੋ: ਜੀ.ਐਸ. ਮੁਲਤਾਨੀ ਨੇ ਡੁਗਰੀ ਰਾਜਪੂਤਾਂ, ਸੁਲੈਹਰਿਆ ਖੁਰਦ ਅਤੇ ਟਾਂਡਾ ਰਾਮ ਸਹਾਏ ਵਿਚ ਨਸ਼ਾ ਵਿਰੋਧੀ ਮੁਹਿੰਮ ਦੀ ਅਗਵਾਈ ਕੀਤੀ।
ਜਨਤਕ ਨੁਮਾਇੰਦਿਆਂ  ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵਚਨਬੱਧ ਹੈ ਅਤੇ ਇਹ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦ ਤੱਕ ਸਮਾਜ ਨੂੰ ਨਸ਼ਿਆਂ ਤੋਂ ਪੂਰੀ ਤਰ੍ਹਾਂ ਮੁਕਤ ਨਹੀਂ ਕਰ ਦਿੱਤਾ ਜਾਂਦਾ। ਉਨ੍ਹਾਂ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਆਣੇ ਹਲਕੇ ਨੂੰ ਨਸ਼ਾ ਮੁਕਤ ਬਣਾਉਣ ਵਿਚ ਸਹਿਯੋਗ ਕਰਨ।