ਰਾਸ਼ਟਰਪਤੀ ਰਾਜ ਦੀ ਧਮਕੀ ਦੇ ਕੇ ਰਾਜਪਾਲ ਨੇ ਸਾਢੇ ਤਿੰਨ ਕਰੋੜ ਪੰਜਾਬੀਆਂ ਦੀਆਂ ਭਾਵਨਾਵਾਂ ਦੀ ਤੌਹੀਨ ਕੀਤੀ : ਭਗਵੰਤ ਮਾਨ ਮੁੱਖ ਮੰਤਰੀ ਨੇ ਰਾਜਪਾਲ ਦੇ ਪੱਤਰ ਦਾ ਦਿੱਤਾ ਠੋਕਵਾਂ ਜਵਾਬ, ਕਿਹਾ ਧਮਕੀਆਂ ਅੱਗੇ ਝੁਕਣ ਵਾਲਾ ਨਹੀਂ, ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਨਹੀਂ ਕਰਾਂਗਾ ਕੋਈ ਸਮਝੌਤਾ

ਚੰਡੀਗੜ੍ਹ, 26 ਅਗਸਤ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸੂਬੇ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਸਿਫਾਰਸ਼ ਕਰਨ ਦੀ ਧਮਕੀ ਭਰੀ ਚਿੱਠੀ ਸਾਢੇ ਤਿੰਨ ਕਰੋੜ ਪੰਜਾਬੀਆਂ ਦੀ ਤੌਹੀਨ ਦੱਸਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਉਹ ਅਜਿਹੀਆਂ ਧਮਕੀਆਂ ਅੱਗੇ ਝੁਕਣ ਵਾਲੇ ਨਹੀਂ ਹਨ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਕੋਈ ਸਮਝੌਤਾ ਨਹੀਂ ਕਰਣਗੇ।

ਚੰਡੀਗੜ੍ਹ, 26 ਅਗਸਤ  ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸੂਬੇ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਸਿਫਾਰਸ਼ ਕਰਨ ਦੀ ਧਮਕੀ ਭਰੀ ਚਿੱਠੀ ਸਾਢੇ ਤਿੰਨ ਕਰੋੜ ਪੰਜਾਬੀਆਂ ਦੀ ਤੌਹੀਨ ਦੱਸਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਉਹ ਅਜਿਹੀਆਂ ਧਮਕੀਆਂ ਅੱਗੇ ਝੁਕਣ ਵਾਲੇ ਨਹੀਂ ਹਨ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਕੋਈ ਸਮਝੌਤਾ ਨਹੀਂ ਕਰਣਗੇ। ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰਾਜਪਾਲ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਲਾਮਿਸਾਲ ਕੁਰਬਾਨੀਆਂ ਦੇਣ ਅਤੇ ਮੁਲਕ ਨੂੰ ਅਨਾਜ ਪੱਖੋਂ ਸਵੈ-ਨਿਰਭਰ ਬਣਾਉਣ ਵਾਲੇ ਅਮਨਪਸੰਦ ਅਤੇ ਮਿਹਨਤਕਸ਼ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਮਾਰੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸੱਚ ਤਾਂ ਰਾਜਪਾਲ ਜਾਣਦੇ ਹਨ ਕਿ ਉਨ੍ਹਾਂ ਨੇ ਕਿਸ ਦੇ ਦਬਾਅ ਹੇਠ ਇਹ ਚਿੱਠੀ ਲਿਖੀ ਹੈ ਪਰ ਇਸ ਚਿੱਠੀ ਦੀ ਇਬਾਰਤ ਸਿੱਧੇ ਤੌਰ ਉਤੇ ਪੰਜਾਬੀਆਂ ਦੀ ਹੇਠੀ ਕਰਦੀ ਹੈ ਕਿਉਂਕਿ ਜਮਹੂਰੀਅਤ ਪਸੰਦ ਪੰਜਾਬੀਆਂ ਨੇ ਅਜੇ ਡੇਢ ਸਾਲ ਪਹਿਲਾਂ ਵੱਡਾ ਫਤਵਾ ਦੇ ਕੇ ਸਰਕਾਰ ਚੁਣੀ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਨੂੰ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਗੱਦੀ ਉਤੋਂ ਲਾਹੁਣ ਦੀਆਂ ਧਮਕੀਆਂ ਦੇਣ ਦਾ ਕੋਈ ਹੱਕ ਨਹੀਂ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਮੁਤਾਬਕ ਲੋਕਾਂ ਨੂੰ ਆਪਣੀ ਮਰਜ਼ੀ ਦੀ ਸਰਕਾਰ ਚੁਣਨ ਦਾ ਪੂਰਾ ਹੱਕ ਹੁੰਦਾ ਹੈ ਪਰ ਕੇਂਦਰ ਸਰਕਾਰ ਦੇ ਇਸ਼ਾਰੇ ਉਤੇ ਦੇਸ਼ ਵਿਚ ਦਿੱਲੀ, ਪੱਛਮੀ ਬੰਗਾਲ, ਕੇਰਲਾ, ਤਾਮਿਲਨਾਡੂ ਸਮੇਤ ਹੋਰ ਗੈਰ-ਭਾਜਪਾ ਸਰਕਾਰਾਂ ਨੂੰ ਉਥੋਂ ਦੇ ਰਾਜਪਾਲਾਂ ਵੱਲੋਂ ਕੰਮ ਨਹੀਂ ਕਰਨ ਦਿੱਤਾ ਜਾ ਰਿਹਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਾਜਪਾਲ ਨੇ ਧਾਰਾ 356 ਤਹਿਤ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਧਮਕੀ ਦਿੱਤੀ ਹੈ। ਉਹਨਾਂ ਕਿਹਾ ਕਿ ਦੇਸ਼ ਵਿਚ ਪੰਜਾਬ ਅਜਿਹਾ ਸੂਬਾ ਹੈ ਜਿਸ ਨੂੰ ਧਾਰਾ 356 ਦੀ ਦੁਰਵਰਤੋਂ ਦਾ ਖਮਿਆਜ਼ਾ ਸਭ ਤੋਂ ਵੱਧ ਭੁਗਤਣਾ ਪਿਆ ਹੈ। ਇਹ ਬੜੇ ਦੁੱਖ ਦੀ ਗੱਲ ਹੈ ਕਿ ਬੀਤੇ ਸਮੇਂ ਵਿੱਚ ਕੇਂਦਰ ਸਰਕਾਰਾਂ ਦੇ ਆਪਹੁਦਰੇਪਣ ਤੇ ਧੱਕੇਸ਼ਾਹੀ ਪੰਜਾਬ ਨੇ ਆਪਣੇ ਪਿੰਡੇ ਉਤੇ ਹੰਢਾਈ ਹੈ ਅਤੇ ਹੁਣ ਇਕ ਵਾਰ ਫੇਰ ਕੇਂਦਰ ਸਰਕਾਰ ਨੇ ਰਾਜਪਾਲ ਰਾਹੀਂ ਪੰਜਾਬ ਵਿਚ ਜਮਹੂਰੀ ਕਦਰਾਂ-ਕੀਮਤਾਂ ਨੂੰ ਮੁੜ ਛਿੱਕੇ ਟੰਗਣ ਦੀ ਕੋਸ਼ਿਸ਼ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿਚ ਰਾਜਪਾਲ ਸੱਤਾ ਦੀ ਵਾਗਡੋਰ ਆਪਣੇ ਹੱਥ ਵਿਚ ਲੈਣ ਲਈ ਸਾਜ਼ਿਸ਼ਾਂ ਰਚ ਰਹੇ ਹਨ ਅਤੇ ਉਨ੍ਹਾਂ ਦੀ ਸਰਕਾਰ ਨੂੰ ਸੱਤਾ ਤੋਂ ਲਾਹੁਣ ਦੀਆਂ ਧਮਕੀਆਂ ਦੇ ਰਹੇ ਹਨ। ਉਨ੍ਹਾਂ ਨੇ ਰਾਜਪਾਲ ਨੂੰ ਰਾਜਸਥਾਨ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਆਪਣੀ ਕਿਸਮਤ ਅਜ਼ਮਾਉਣ ਦੀ ਸਲਾਹ ਦਿੱਤੀ।