
ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਚੌਕਸ : ਆਸ਼ਿਕਾ ਜੈਨ
ਹੁਸ਼ਿਆਰਪੁਰ- ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਸਬੰਧੀ ਇਕ ਉੱਚ ਪੱਧਰੀ ਮੀਟਿੰਗ ਹੋਈ। ਮੀਟਿੰਗ ਵਿਚ ਜ਼ਿਲ੍ਹੇ ਦੇ ਸਾਰੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ। ਮੀਟਿੰਗ ਦਾ ਮਕਸਦ ਹੜ੍ਹਾਂ ਦੀ ਸੰਭਾਵਨਾ ਦੇ ਮੱਦੇਨਜ਼ਰ ਤਿਆਰੀਆਂ ਦੀ ਸਮੀਖਿਆ ਕਰਨਾ ਅਤੇ ਸਾਰੇ ਵਿਭਾਗਾਂ ਨੂੰ ਉਨ੍ਹਾਂ ਦੇ ਫਰਜ਼ਾਂ ਅਤੇ ਜ਼ਿੰਮੇਵਾਰੀਆਂ ਤੋਂ ਜਾਣੂ ਕਰਵਾਉਣਾ ਸੀ।
ਹੁਸ਼ਿਆਰਪੁਰ- ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਸਬੰਧੀ ਇਕ ਉੱਚ ਪੱਧਰੀ ਮੀਟਿੰਗ ਹੋਈ। ਮੀਟਿੰਗ ਵਿਚ ਜ਼ਿਲ੍ਹੇ ਦੇ ਸਾਰੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ। ਮੀਟਿੰਗ ਦਾ ਮਕਸਦ ਹੜ੍ਹਾਂ ਦੀ ਸੰਭਾਵਨਾ ਦੇ ਮੱਦੇਨਜ਼ਰ ਤਿਆਰੀਆਂ ਦੀ ਸਮੀਖਿਆ ਕਰਨਾ ਅਤੇ ਸਾਰੇ ਵਿਭਾਗਾਂ ਨੂੰ ਉਨ੍ਹਾਂ ਦੇ ਫਰਜ਼ਾਂ ਅਤੇ ਜ਼ਿੰਮੇਵਾਰੀਆਂ ਤੋਂ ਜਾਣੂ ਕਰਵਾਉਣਾ ਸੀ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਹਦਾਇਤ ਕੀਤੀ ਕਿ ਮਾਲ ਵਿਭਾਗ ਹੜ੍ਹ ਪ੍ਰਭਾਵਿਤ ਖੇਤਰਾਂ ਦੀ ਪਛਾਣ ਕਰੇ ਅਤੇ ਰਾਹਤ ਅਤੇ ਬਚਾਅ ਕੇਂਦਰਾਂ ਦੀ ਨਿਸ਼ਾਨਦੇਹੀ ਕਰੇ। ਪਟਵਾਰੀਆਂ ਅਤੇ ਕਾਨੂੰਗੋਆਂ ਦੀਆਂ ਡਿਊਟੀਆਂ ਪਹਿਲਾਂ ਹੀ ਤੈਅ ਕਰ ਲਈਆਂ ਜਾਣ ਤਾਂ ਜੋ ਐਮਰਜੈਂਸੀ ਦੀ ਸਥਿਤੀ ਵਿਚ ਬਚਾਅ ਅਤੇ ਰਾਹਤ ਕਾਰਜਾਂ ਵਿਚ ਦੇਰੀ ਨਾ ਹੋਵੇ।
ਡਿਪਟੀ ਕਮਿਸ਼ਨਰ ਨੇ ਨਗਰ ਨਿਗਮ/ਨਗਰ ਕੌਂਸਲਾਂ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ ਹਦਾਇਤ ਕੀਤੀ ਕਿ ਸਾਰੇ ਨਾਲਿਆਂ ਅਤੇ ਸੀਵਰਾਂ ਦੀ ਸਫ਼ਾਈ ਜੰਗੀ ਪੱਧਰ 'ਤੇ ਪੂਰੀ ਕੀਤੀ ਜਾਵੇ। ਪਾਣੀ ਭਰੇ ਇਲਾਕਿਆਂ ਦੀ ਸੂਚੀ ਬਣਾ ਕੇ ਵਿਸ਼ੇਸ਼ ਇੰਤਜ਼ਾਮ ਕੀਤੇ ਜਾਣ ਤਾਂ ਜੋ ਪਾਣੀ ਦੀ ਨਿਕਾਸੀ ਬਿਨ੍ਹਾਂ ਕਿਸੇ ਰੁਕਾਵਟ ਦੇ ਹੋ ਸਕੇ।
ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਸੰਭਾਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਜਾਣ। ਇਸ ਤੋਂ ਇਲਾਵਾ ਜ਼ਰੂਰੀ ਦਵਾਈਆਂ, ਕਲੋਰੀਨ ਦੀਆਂ ਗੋਲੀਆਂ ਅਤੇ ਜੀਵਨ ਬਚਾਉਣ ਵਾਲੇ ਉਪਕਰਣਾਂ ਦੀ ਢੁਕਵੀਂ ਉਪਲਬੱਧਤਾ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ।
ਡਿਪਟੀ ਕਮਿਸ਼ਨਰ ਨੇ ਪਾਵਰ ਕਾਰਪੋਰੇਸ਼ਨ ਨੂੰ ਹਦਾਇਤ ਕੀਤੀ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਟਰਾਂਸਫਾਰਮਰਾਂ, ਤਾਰਾਂ ਅਤੇ ਖੰਭਿਆਂ 'ਤੇ ਵਿਸ਼ੇਸ਼ ਨਜ਼ਰ ਰੱਖੀ ਜਾਵੇ ਅਤੇ ਲੋੜ ਅਨੁਸਾਰ ਉਨ੍ਹਾਂ ਨੂੰ ਸੁਰੱਖਿਅਤ ਥਾਵਾਂ 'ਤੇ ਤਬਦੀਲ ਕੀਤਾ ਜਾਵੇ। ਐਮਰਜੈਂਸੀ ਦੀ ਸਥਿਤੀ ਵਿਚ ਸਪਲਾਈ ਤੁਰੰਤ ਬਹਾਲ ਕਰਨ ਲਈ ਇਕ ਰੈਪਿਡ ਰਿਸਪਾਂਸ ਟੀਮ ਨੂੰ ਤਿਆਰ ਰੱਖਣ ਲਈ ਵੀ ਕਿਹਾ ਗਿਆ।
ਉਨ੍ਹਾਂ ਨੇ ਪੁਲਿਸ ਵਿਭਾਗ, ਸਿਵਲ ਡਿਫੈਂਸ, ਨਹਿਰੂ ਯੁਵਾ ਕੇਂਦਰ ਨੂੰ ਭੀੜ ਕੰਟਰੋਲ, ਆਵਾਜਾਈ ਪ੍ਰਬੰਧਨ ਅਤੇ ਰਾਹਤ ਕਾਰਜਾਂ ਵਿਚ ਸਹਾਇਤਾ ਲਈ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ। ਜ਼ਿਲ੍ਹਾ ਰੈੱਡ ਕ੍ਰਾਸ ਸੋਸਾਇਟੀ ਨੂੰ ਸਵੈ-ਇੱਛੁਕ ਸੰਸਥਾਵਾਂ ਦੇ ਸਹਿਯੋਗ ਨਾਲ ਰਾਹਤ ਸਮੱਗਰੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ।
ਡਰੇਨੇਜ ਵਿਭਾਗ ਨੂੰ ਚੋਆਂ ਅਤੇ ਡੈਮਾਂ ਦੇ ਪਾਣੀ ਦੇ ਪੱਧਰ ਦੀ ਨਿਯਮਤ ਤੌਰ 'ਤੇ ਨਿਗਰਾਨੀ ਕਰਨ ਲਈ ਕਿਹਾ ਗਿਆ ਸੀ। ਐਸ.ਡੀ.ਐਮਜ਼ ਨੂੰ ਐਨ.ਡੀ.ਆਰ.ਐਫ ਅਤੇ ਐਸ.ਡੀ.ਆਰ.ਐਫ ਨਾਲ ਤਾਲਮੇਲ ਕਰਨ ਲਈ ਕਿਹਾ ਗਿਆ। ਇਸ ਤੋਂ ਇਲਾਵਾ ਜ਼ਰੂਰੀ ਸਾਮਾਨ ਅਤੇ ਕਿਸ਼ਤੀਆਂ ਆਦਿ ਦੀ ਉਪਲਬੱਧਤਾ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਕੀ ਤਿਆਰੀਆਂ ਦੇ ਨਾਲ-ਨਾਲ ਜਨਤਕ ਸਹਿਯੋਗ ਵੀ ਬਹੁਤ ਜ਼ਰੂਰੀ ਹੈ। ਪੰਚਾਇਤਾਂ, ਨਗਰ ਨਿਗਮ, ਨਗਰ ਕੌਂਸਲਾਂ ਅਤੇ ਸਮਾਜਿਕ ਸੰਗਠਨ ਲੋਕਾਂ ਨੂੰ ਜਾਗਰੂਕ ਕਰਨ ਲਈ ਮਿਲ ਕੇ ਕੰਮ ਕਰਨ।
ਆਸ਼ਿਕਾ ਜੈਨ ਨੇ ਸਾਰੇ ਅਧਿਕਾਰੀਆਂ ਨੂੰ ਆਪਣੇ-ਆਪਣੇ ਵਿਭਾਗੀ ਪੱਧਰ 'ਤੇ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਐਮਰਜੈਂਸੀ ਸਥਿਤੀ ਵਿਚ ਤੁਰੰਤ ਕੰਮ ਕਰਨਾ ਸਾਡੀ ਪਹਿਲੀ ਤਰਜੀਹ ਹੋਣੀ ਚਾਹੀਦੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੜ੍ਹਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਪੱਧਰ 'ਤੇ ਇਕ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ, ਜੋ ਹਫ਼ਤੇ ਦੇ ਸੱਤੇ ਦਿਨ 24 ਘੰਟੇ ਕੰਮ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਕੰਟਰੋਲ ਰੂਮ ਰਾਹੀਂ ਹੜ੍ਹ ਨਾਲ ਸਬੰਧਤ ਸਾਰੀ ਜਾਣਕਾਰੀ ਦਾ ਆਦਾਨ-ਪ੍ਰਦਾਨ ਜਲਦੀ ਕੀਤਾ ਜਾ ਸਕਦਾ ਹੈ ਅਤੇ ਲੋੜਵੰਦ ਲੋਕਾਂ ਨੂੰ ਤੁਰੰਤ ਰਾਹਤ ਪ੍ਰਦਾਨ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ 'ਤੇ ਸਥਾਪਤ ਇਸ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01882-220412 ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਤਹਿਸੀਲ ਪੱਧਰ ‘ਤੇ ਵੀ ਹੜ੍ਹ ਕੰਟਰੋਲ ਰੂਪ ਸਥਾਪਿਤ ਕੀਤਾ ਗਿਆ ਹੈ, ਜਿਸ ਵਿਚ ਤਹਿਸੀਲ ਹੁਸ਼ਿਆਰਪੁਰ ਦੇ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01882-244175, ਤਹਿਸੀਲ ਗੜ੍ਹਸ਼ੰਕਰ ਵਿਚ ਕੰਟਰੋਲ ਰੂਮ ਦਾ ਨੰਬਰ 01884-282026, ਤਹਿਸੀਲ ਦਸੂਹਾ ਵਿਚ ਕੰਟਰੋਲ ਰੂਮ ਦਾ ਨੰਬਰ 01883-506268, ਤਹਿਸੀਲ ਟਾਂਡਾ ਵਿਚ ਕੰਟਰੋਲ ਰੂਮ ਦਾ ਨੰਬਰ 01886-512952 ਅਤੇ ਤਹਿਸੀਲ ਮੁਕੇਰੀਆਂ ਦਾ ਕੰਟਰੋਲ ਰੂਮ ਨੰਬਰ 01883-244310 ਹੈ।
ਉਨ੍ਹਾਂ ਕਿਹਾ ਕਿ ਜੇਕਰ ਜ਼ਿਲ੍ਹੇ ਵਿੱਚ ਬਰਸਾਤ ਦੇ ਮੌਸਮ ਦੌਰਾਨ ਹੜ੍ਹਾਂ ਬਾਰੇ ਕੋਈ ਜਾਣਕਾਰੀ ਮਿਲਦੀ ਹੈ, ਤਾਂ ਉਹ ਤੁਰੰਤ ਇਨ੍ਹਾਂ ਕੰਟਰੋਲ ਰੂਮਾਂ ਨੂੰ ਸੂਚਿਤ ਕਰਨ। ਇਸ ਤੋਂ ਇਲਾਵਾ ਜੇਕਰ ਹੜ੍ਹਾਂ ਸੰਬੰਧੀ ਕੋਈ ਜਾਣਕਾਰੀ ਦੀ ਲੋੜ ਹੋਵੇ ਤਾਂ ਉਪਰੋਕਤ ਨੰਬਰਾਂ 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਰਬੀਰ ਕੌਰ ਭੁੱਲਰ, ਐਸ.ਡੀ.ਐਮ ਦਸੂਹਾ ਕੰਵਲਜੀਤ ਸਿੰਘ, ਐਸ.ਡੀ.ਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ, ਡੀ.ਆਰ.ਓ ਲਾਰਸਨ ਸਿੰਗਲਾ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
