
ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸੇਵਾ ਸੁਸਾਇਟੀ ਨੇ ਗੁਰਦੁਆਰਾ ਸਿੰਘ ਸਭਾ ਪਿੰਡ ਭਾਮ ਵਿਖੇ ਧਾਰਮਿਕ ਸਮਾਗਮ ਕਰਵਾਇਆ
ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸੇਵਾ ਸੁਸਾਇਟੀ ਇਲਾਕਾ ਮਾਹਿਲਪੁਰ ਵੱਲੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਪਿੰਡ ਭਾਮ ਵਿਖੇ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਮਹੀਨਾਵਾਰ ਗੁਰਮਤਿ ਕਥਾ ਸਮਾਗਮ ਕਰਵਾਇਆ ਗਿਆ।
ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸੇਵਾ ਸੁਸਾਇਟੀ ਇਲਾਕਾ ਮਾਹਿਲਪੁਰ ਵੱਲੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਪਿੰਡ ਭਾਮ ਵਿਖੇ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਮਹੀਨਾਵਾਰ ਗੁਰਮਤਿ ਕਥਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਭ ਤੋਂ ਪਹਿਲਾਂ ਭਾਈ ਬਲਬੀਰ ਸਿੰਘ ਮਨੋਲੀਆਂ ਦੇ ਰਾਗੀ ਜਥੇ ਨੇ ਕਥਾ ਕੀਰਤਨ ਕਰਦਿਆਂ ਸੰਗਤਾਂ ਨੂੰ ਉਸ ਸਰਵ ਸ਼ਕਤੀਮਾਨ ਪ੍ਰਮਾਤਮਾ ਦੇ ਰੰਗ ਵਿੱਚ ਰੰਗਿਆ, ਜੋ ਇਸ ਬ੍ਰਹਿਮੰਡ ਦੇ ਕਣ ਕਣ ਵਿੱਚ ਮੌਜੂਦ ਹੈ। ਇਸ ਮੌਕੇ ਭਾਈ ਨਛੱਤਰ ਸਿੰਘ ਬ੍ਰਹਮਜੀਤ ਨੇ ਧਾਰਮਿਕ ਗ੍ਰੰਥਾਂ ਦੀ ਮੁੱਢਲੀ ਮੁਢਲੀ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਿਖਣ ਅਤੇ ਰਾਗਾਂ ਬਾਰੇ ਵਿਸਥਾਰ ਪੂਰਵਕ ਵਿਚਾਰ ਪੇਸ਼ ਕੀਤੇl ਇਸ ਮੌਕੇ ਉਨ੍ਹਾਂ ਸੰਗਤਾਂ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹਿਲੇ ਪ੍ਰਕਾਸ਼ ਕਰਨ ਦਾ ਇਤਿਹਾਸ ਸਾਂਝਾ ਕੀਤਾl ਇਸ ਮੌਕੇ ਪਿੰਡ ਦੀ ਸਮੂਹ ਸੰਗਤ ਸਮੇਤ ਹਰੀ ਸਿੰਘ ਪ੍ਰਧਾਨ, ਹਰਜਿੰਦਰ ਸਿੰਘ, ਪਰਮਜੀਤ ਸਿੰਘ, ਕੁਲਜਿੰਦਰ ਸਿੰਘ, ਸੁਰਜੀਤ ਸਿੰਘ, ਹਰਜਾਪ ਸਿੰਘ, ਸੋਹਣ ਸਿੰਘ ਦਾਦੂਵਾਲ, ਦਲਜੀਤ ਸਿੰਘ ਰੂਪੋਵਾਲ ਜਸਵੀਰ ਕੌਰ, ਕੁਲਵੰਤ ਸਿੰਘ ਪ੍ਰਧਾਨ ਗੁਰਦੁਆਰਾ ਟਾਹਲੀ ਸਾਹਿਬ, ਲੰਬੜਦਾਰ ਸਾਹਿਬ ਪਿੰਡ ਥੱਪਲ,ਹਰਜਿੰਦਰ ਸਿੰਘ ਸਮੇਤ ਸਿੱਖ ਸੰਗਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨl ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰੀ ਸਿੰਘ ਨੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾl ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸੇਵਾ ਸੁਸਾਇਟੀ ਦੇ ਪ੍ਰਧਾਨ ਜਥੇਦਾਰ ਹਰਬੰਸ ਸਿੰਘ ਸਰਹਾਲਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਕਰਵਾਉਣ ਦਾ ਮੁੱਖ ਮਨੋਰਥ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਗਾਉਣਾ ਅਤੇ ਹਰ ਤਰ੍ਹਾਂ ਦੇ ਨਸ਼ਿਆਂ ਤੋਂ ਦੂਰ ਰਹਿਣ ਦਾ ਉਪਦੇਸ਼ ਦੇਣਾ ਹੈ। ਉਹਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚੋਂ ਮਿਲਦੇ ਸਰਬੱਤ ਦੇ ਭਲੇ ਦੇ ਸੰਦੇਸ਼ ਤੋਂ ਪ੍ਰੇਰਨਾ ਲੈ ਕੇ ਸੇਵਾ, ਸਿਮਰਨ ਤੇ ਪਰਉਪਕਾਰੀ ਜ਼ਿੰਦਗੀ ਜਿਉਣ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈl ਇਸ ਮੌਕੇ ਗੁਰੂ ਕਾ ਲੰਗਰ ਚੱਲਿਆ।
