
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਮੀਟਿੰਗ ਵਿੱਚ ਮਸਲੇ ਵਿਚਾਰੇ
ਖਰੜ, 2 ਅਗਸਤ- ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ. ਰਵਿੰਦਰ ਸਿੰਘ ਦੇਹ ਕਲਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਯੂਨੀਅਨ ਦੇ ਸੂਬਾ ਪ੍ਰੈਸ ਸਕੱਤਰ ਮੇਹਰ ਸਿੰਘ ਥੇੜੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।
ਖਰੜ, 2 ਅਗਸਤ- ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ. ਰਵਿੰਦਰ ਸਿੰਘ ਦੇਹ ਕਲਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਯੂਨੀਅਨ ਦੇ ਸੂਬਾ ਪ੍ਰੈਸ ਸਕੱਤਰ ਮੇਹਰ ਸਿੰਘ ਥੇੜੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।
ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਸ੍ਰੀ ਮੇਹਰ ਸਿੰਘ ਥੇੜੀ ਨੇ ਕਿਹਾ ਕਿ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਪੰਜਾਬ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਸਕੀਮ ਦਾ ਵਿਰੋਧ ਕਰਨ ਲਈ 7 ਅਗਸਤ ਨੂੰ ਪਿੰਡ ਜੋਧੇ (ਜ਼ਿਲ੍ਹਾ ਲੁਧਿਆਣਾ) ਵਿੱਚ ਵੱਡਾ ਇਕੱਠ ਕੀਤਾ ਜਾ ਰਿਹਾ ਹੈ ਅਤੇ ਇਸ ਵਿੱਚ ਸ਼ਾਮਲ ਹੋਣ ਲਈ ਮੁਹਾਲੀ ਜ਼ਿਲ੍ਹੇ ਵਿੱਚੋਂ ਕਿਸਾਨਾਂ ਦਾ ਵੱਡਾ ਕਾਫ਼ਲਾ ਬੱਸਾਂ ਤੇ ਗੱਡੀਆਂ ਰਾਹੀਂ ਜਾਵੇਗਾ ਤਾਂ ਜੋ ਸਰਕਾਰ ਤਕ ਆਪਣੀ ਆਵਾਜ਼ ਪਹੁੰਚਾਈ ਜਾਵੇ।
ਮੀਟਿੰਗ ਵਿੱਚ ਸਾਰੇ ਅਹੁਦੇਦਾਰਾਂ ਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਕਿ ਪਿੰਡਾਂ ਵਿੱਚ ਲੈਂਡ ਪੂਲਿੰਗ ਸਕੀਮ ਵਿਰੁੱਧ ਲੋਕਾਂ ਤੇ ਕਿਸਾਨਾਂ ਨੂੰ ਸਮਝਾ ਕੇ ਇਸ ਰੈਲੀ ਵਿੱਚ ਲਿਜਾਇਆ ਜਾਵੇ।
ਮੀਟਿੰਗ ਦੌਰਾਨ ਕਿਹਾ ਗਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਬਹੁਤ ਬੁਰਾ ਹਾਲ ਹੈ ਅਤੇ ਸੜਕਾਂ ਵਿੱਚ ਟੋਏ-ਟਿੱਬੇ ਪੈ ਚੁੱਕੇ ਹਨ, ਜਿਸ ਕਾਰਨ ਆਏ ਦਿਨ ਕੋਈ ਨਾ ਕੋਈ ਹਾਦਸਾ ਵਾਪਰਦਾ ਰਹਿੰਦਾ ਹੈ। ਬੁਲਾਰਿਆਂ ਨੇ ਕਿਹਾ ਕਿ ਇਹਨਾਂ ਹਾਦਸਿਆਂ ਦੌਰਾਨ ਕਈ ਕੀਮਤੀ ਜਾਨਾਂ ਚੱਲੀਆਂ ਗਈਆਂ, ਜਿਨ੍ਹਾਂ ਦਾ ਕਦੇ ਵੀ ਘਾਟਾ ਪੂਰਾ ਨਹੀਂ ਹੁੰਦਾ। ਮੀਟਿੰਗ ਦੌਰਾਨ ਸਰਕਾਰ ਤੋਂ ਮੰਗ ਕੀਤੀ ਗਈ ਕਿ ਜ਼ਿਲ੍ਹੇ ਦੀਆਂ ਸਾਰੀਆਂ ਸੜਕਾਂ ਦੀ ਮੁਰੰਮਤ ਤੁਰੰਤ ਕਰਵਾਈ ਜਾਵੇ।
ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੁਸਾਇਟੀਆਂ ਵਿੱਚ ਅਜੇ ਤਕ ਡੀਏਪੀ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ ਤੇ ਯੂਰੀਆ ਵੀ ਬਹੁਤ ਸਾਰੇ ਕਿਸਾਨਾਂ ਨੂੰ ਟਾਈਮ ਸਿਰ ਨਹੀਂ ਮਿਲਿਆ, ਜਦਕਿ ਆਲੂਆਂ ਦੀ ਫ਼ਸਲ ਬੀਜਣ ’ਤੇ ਆ ਚੁੱਕੀ ਹੈ। ਇਸ ਮੌਕੇ ਮੰਗ ਕੀਤੀ ਗਈ ਕਿ ਸਰਕਾਰ ਡੀਏਪੀ ਦਾ ਤੁਰੰਤ ਪ੍ਰਬੰਧ ਕਰੇ, ਨਹੀਂ ਤਾਂ ਕਿਸਾਨ ਯੂਨੀਅਨ ਵੱਲੋਂ ਸੰਘਰਸ਼ ਵਿੱਢਿਆ ਜਾਵੇਗਾ। ਮੀਟਿੰਗ ਵਿੱਚ ਮੰਗ ਕੀਤੀ ਗਈ ਕਿ ਪੰਜਾਬ ਸਰਕਾਰ ਪਿੰਡਾਂ ਵਿੱਚ ਚਿੱਪ ਵਾਲੇ ਮੀਟਰ ਲਾਉਣੇ ਬੰਦ ਕਰੇ ਅਤੇ ਅਵਾਰਾ ਪਸ਼ੂਆਂ ਦੀ ਸੰਭਾਲ ਵਾਸਤੇ ਕੋਈ ਠੋਸ ਕਦਮ ਚੁੱਕੇ ਤਾਂ ਜੋ ਕਿਸਾਨਾਂ ਦਾ ਉਜਾੜਾ ਤੇ ਲੋਕਾਂ ਦੇ ਐਕਸੀਡੈਂਟ ਹੋਣ ਤੋਂ ਬਚ ਸਕਣ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਬਹਾਦਰ ਸਿੰਘ ਨਿਆਮੀਆਂ, ਹਕੀਕਤ ਸਿੰਘ ਘੜੂੰਆਂ, ਰਣਜੀਤ ਸਿੰਘ ਬਾਸੀਆਂ, ਤਰਲੋਚਨ ਸਿੰਘ ਨਡਿਆਲੀ, ਜਸਵਿੰਦਰ ਸਿੰਘ ਟਿਵਾਣਾ ਕਾਰਜਕਾਰੀ ਪ੍ਰਧਾਨ, ਸੁਰਮੁਖ ਸਿੰਘ ਛੱਜੂਮਾਜਰਾ, ਮਨਪ੍ਰੀਤ ਸਿੰਘ ਖੇੜੀ, ਜਾਗਰ ਸਿੰਘ ਧੜਾਕ, ਪ੍ਰੇਮ ਸਿੰਘ ਰਾਣਾ ਲਾਲੜੂ, ਜਸਪਾਲ ਸਿੰਘ ਭਾਖਰਪੁਰ, ਮਨਜੀਤ ਸਿੰਘ ਦੁਪਰ, ਜਸੀ ਗਿੱਲ, ਅਜੈਬ ਸਿੰਘ, ਹਰਵਿੰਦਰ ਸਿੰਘ, ਜਸਵੀਰ ਸਿੰਘ ਘੋਗਾ, ਗਿਆਨ ਸਿੰਘ ਧੜਾਕ, ਪਰਮਦੀਪ ਸਿੰਘ, ਬਲਜੀਤ ਸਿੰਘ, ਜਸਵਿੰਦਰ ਸਿੰਘ, ਭਿੰਦਰਪਾਲ ਸਿੰਘ, ਹਰਵਿੰਦਰ ਸਿੰਘ, ਹਰਜਿੰਦਰ ਸਿੰਘ, ਅਵਤਾਰ ਸਿੰਘ, ਭੁਪਿੰਦਰ ਸਿੰਘ ਨਡਿਆਲੀ, ਰਘਵੀਰ ਸਿੰਘ, ਗੁਰਚਰਨ ਸਿੰਘ ਜੌਲਾ, ਮਨਪ੍ਰੀਤ ਸਿੰਘ, ਬਲਜਿੰਦਰ ਸਿੰਘ, ਸੁੱਖਾ ਸ਼ਾਹਪੁਰ ਹਾਜ਼ਰ ਸਨ।
