
ਡਾ. ਗੁਰਪ੍ਰੀਤ ਕੌਰ ਗੜ੍ਹਸ਼ੰਕਰ ਵਿਖੇ ਡਿਪਟੀ ਸਪੀਕਰ ਰੌੜੀ ਦੀ ਰਿਹਾਇਸ਼ ’ਤੇ ਪੁੱਜੇ
ਮੁੱਖ ਮੰਤਰੀ ਦੀ ਪਤਨੀ ਨੇ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਵਿਚ ਕੀਤੇ ਵਿਕਾਸ ਕਾਰਜਾਂ ਬਾਰੇ ਕੀਤੀ ਚਰਚਾ
ਗੜ੍ਹਸ਼ੰਕਰ -ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਧਰਮ ਪਤਨੀ ਡਾ: ਗੁਰਪ੍ਰੀਤ ਕੌਰ ਅੱਜ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੌੜੀ ਦੀ ਰਿਹਾਇਸ਼ 'ਤੇ ਪੁੱਜੇ | ਇਸ ਦੌਰਾਨ ਡਿਪਟੀ ਸਪੀਕਰ ਨੇ ਘਰ ਪਹੁੰਚਣ 'ਤੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ 'ਚ ਹੋਏ ਵਿਕਾਸ ਕਾਰਜਾਂ ਬਾਰੇ ਚਰਚਾ ਕੀਤੀ | ਇਸ ਮੌਕੇ ਉਨ੍ਹਾਂ ਨਾਲ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਵੇਰਕਾ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ, ਮੁੱਖ ਮੰਤਰੀ ਦੇ ਓ.ਐਸ.ਡੀ ਓਂਂਕਾਰ ਸਿੰਘ ਵੀ ਹਾਜ਼ਰ ਸਨ। ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਦੱਸਿਆ ਕਿ ਡਾ: ਗੁਰਪ੍ਰੀਤ ਕੌਰ ਨੇ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਦੇ ਵਿਕਾਸ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸੂਬੇ ਦੇ ਹਰ ਵਿਧਾਨ ਸਭਾ ਹਲਕੇ ਦੇ ਵਿਕਾਸ ਲਈ ਨਿੱਜੀ ਦਿਲਚਸਪੀ ਲੈ ਰਹੇ ਹਨ ਅਤੇ ਉਨ੍ਹਾਂ ਦੀ ਮੰਗ ਅਨੁਸਾਰ ਲੋਕਾਂ ਵੱਲੋਂ ਵਿਧਾਨ ਸਭਾ ਹਲਕਿਆਂ ਵਿਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਰਫ਼ ਡੇਢ ਸਾਲ ਦੇ ਕਾਰਜਕਾਲ ਵਿਚ ਲੋਕ ਹਿੱਤ ਵਿਚ ਜਿੰਨਾ ਰਿਕਾਰਡ ਕੰਮ ਕੀਤਾ ਗਿਆ ਹੈ, ਸ਼ਾਇਦ ਹੀ ਕਿਸੇ ਹੋਰ ਸਰਕਾਰ ਨੇ ਕੀਤਾ ਹੋਵੇਗਾ। ਡਿਪਟੀ ਸਪੀਕਰ ਰੌੜੀ ਨੇ ਆਏ ਮਹਿਮਾਨਾਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਗੜ੍ਹਸ਼ੰਕਰ ਦੇ ਹਰ ਅਹਿਮ ਮੁੱਦੇ 'ਤੇ ਬਹੁਤ ਹੀ ਸੰਜੀਦਗੀ ਨਾਲ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ |
