
ਬਲਵੰਤ ਸਿੰਘ ਰਾਜੋਆਣਾ ਵੱਲੋਂ ਜੇਲ੍ਹ ਵਿੱਚ ਦੂਜੇ ਦਿਨ ਵੀ ਭੁੱਖ ਹੜਤਾਲ ਜਾਰੀ, ਪਾਣੀ 'ਤੇ ਗੁਜ਼ਾਰਾ
ਪਟਿਆਲਾ, 6 ਦਸੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਪਾਉਣ ਵਾਲੇ ਅਤੇ ਪਿਛਲੇ 27 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਭੁੱਖ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਰਹੀ।
ਪਟਿਆਲਾ, 6 ਦਸੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਪਾਉਣ ਵਾਲੇ ਅਤੇ ਪਿਛਲੇ 27 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਭੁੱਖ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਰਹੀ। ਉਹ ਦੋ ਦਿਨਾਂ ਤੋਂ ਸਿਰਫ਼ ਪਾਣੀ 'ਤੇ ਗੁਜ਼ਾਰਾ ਕਰ ਰਿਹਾ ਹੈ। ਜੇਲ੍ਹ ਅਧਿਕਾਰੀਆਂ ਵੱਲੋਂ ਉਸਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਨਾਕਾਮ ਰਹੀਆਂ। ਸ਼੍ਰੋਮਣੀ ਗੁਰਦੁਵਾਰਾ ਪ੍ਰਬੰਧਕ ਕਮੇਟੀ ਵੱਲੋਂ 11 ਸਾਲ ਪਹਿਲਾਂ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਅਪੀਲ ਰਾਸ਼ਟਰਪਤੀ ਕੋਲ ਕੀਤੀ ਗਈ ਸੀ ਪਰ ਅਜੇ ਤਕ ਇਸ 'ਤੇ ਕੋਈ ਫ਼ੈਸਲਾ ਨਹੀਂ ਲਿਆ ਗਿਆ ਜ਼ਿਸ ਕਰਕੇ ਉਹ ਅਜੇ ਤਕ ਜੇਲ੍ਹ ਵਿੱਚ ਬੰਦ ਹੈ। ਭਾਵੇਂ ਜੇਲ੍ਹ ਅਧਿਕਾਰੀਆਂ ਵੱਲੋਂ ਰਾਜੋਆਣਾ ਦੀ ਸਿਹਤ ਸਬੰਧੀ ਪਰਿਵਾਰ ਨਾਲ ਫੋਨ 'ਤੇ ਗੱਲਬਾਤ ਕਰਵਾਉਣ ਦਾ ਪ੍ਰਬੰਧ ਕੀਤਾ ਗਿਆ ਹੈ ਪਰ ਉਸਦੀ ਭੈਣ ਕਮਲਦੀਪ ਕੌਰ ਨੇ ਮੰਗ ਕੀਤੀ ਹੈ ਕਿ ਮੰਗਲਵਾਰ ਤੋਂ ਇਲਾਵਾ ਕਿਸੇ ਹੋਰ ਦਿਨ ਵੀ ਉਸਦੇ ਭਰਾ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਇਸ ਬਾਰੇ ਜੇਲ੍ਹ ਅਧਿਕਾਰੀਆਂ ਨੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਨ ਦੀ ਗੱਲ ਆਖੀ ਹੈ। ਇਥੇ ਇਹ ਵੀ ਵਰਨਣਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਨਜ਼ਰਬੰਦ ਸਿੰਘਾਂ ਨੂੰ ਰਿਹਾਅ ਕਰਨ ਅਤੇ ਰਾਜੋਆਣਾ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਬਾਰੇ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਪਰ ਉਸ 'ਤੇ ਵੀ ਅਜੇ ਤਕ ਅਮਲ ਨਹੀਂ ਹੋਇਆ।
