
ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਮੁੱਖ ਮੰਤਰੀ ਨੇ ਰਾਜ ਪੱਧਰੀ ਸਮਾਗਮ ਵਿੱਚ ਕੀਤੀ ਸ਼ਿਰਕਤ
ਸ਼੍ਰੀ ਖੁਰਾਲਗੜ੍ਹ ਸਾਹਿਬ/ਗੜ੍ਹਸ਼ੰਕਰ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਯਾਦਗਾਰੀ ਮੌਕੇ ਵਜੋਂ ਵਿਆਪਕ ਪੱਧਰ ਉਤੇ ਮਨਾਏਗੀ।
ਸ਼੍ਰੀ ਖੁਰਾਲਗੜ੍ਹ ਸਾਹਿਬ/ਗੜ੍ਹਸ਼ੰਕਰ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਯਾਦਗਾਰੀ ਮੌਕੇ ਵਜੋਂ ਵਿਆਪਕ ਪੱਧਰ ਉਤੇ ਮਨਾਏਗੀ।
ਅੱਜ ਇੱਥੇ ਸ੍ਰੀ ਗੁਰੂ ਰਵਿਦਾਸ ਜੀ ਦੇ 647ਵੇਂ ਪ੍ਰਕਾਸ਼ ਉਤਸਵ ਮੌਕੇ ਸ੍ਰੀ ਗੁਰੂ ਰਵਿਦਾਸ ਜੀ ਯਾਦਗਾਰ ਮਾਨਵਤਾ ਨੂੰ ਸਮਰਪਿਤ ਕਰਨ ਤੋਂ ਬਾਅਦ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅਫਸਰਾਂ ਨੂੰ ਪਹਿਲਾਂ ਹੀ ਆਦੇਸ਼ ਦੇ ਦਿੱਤੇ ਹਨ ਕਿ ਇਸ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਢੁਕਵੀਂ ਵਿਉਂਤਬੰਦੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਵੱਡੇ ਪੱਧਰ ਉਤੇ ਮਨਾਉਣ ਲਈ ਸੰਗਤ ਦੇ ਸਲਾਹ-ਮਸ਼ਵਰੇ ਨਾਲ ਖੁਰਾਲਗੜ੍ਹ ਦੇ ਆਲੇ-ਦੁਆਲੇ ਸਮੁੱਚੇ ਇਲਾਕੇ ਨੂੰ ਵਿਆਪਕ ਪੱਧਰ ਉਤੇ ਵਿਕਸਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯਾਦਗਾਰੀ ਮੌਕਾ ਹੋਵੇਗਾ ਅਤੇ ਸੂਬਾ ਸਰਕਾਰ ਇਸ ਉਤਸਵ ਦੀ ਸਫਲਤਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਯਾਦਗਾਰ ਲਗਭਗ 143 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਹੈ ਅਤੇ ਇਹ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਨਿਮਾਣਾ ਜਿਹਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਹ ਯਾਦਗਾਰ ਸੈਲਾਨੀਆਂ ਲਈ ਸਹੂਲਤਾਂ ਵਾਲੀ ਇਮਾਰਤ, ਮਲਟੀ ਲੈਵਲ ਪਾਰਕਿੰਗ, ਮੀਨਾਰ-ਏ-ਬੇਗਮਪੁਰਾ, ਸੰਗਤ ਹਾਲ, ਅਤਿ ਆਧੁਨਿਕ ਆਡੀਟੋਰੀਅਮ ਅਤੇ ਹੋਰਾਂ ਸਹੂਲਤਾਂ ਨਾਲ ਲੈਸ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਯਾਦਗਾਰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਫਲਸਫੇ ਨੂੰ ਕਾਇਮ ਰੱਖਣ ਵਿੱਚ ਬਹੁਤ ਸਹਾਈ ਹੋਵੇਗੀ। ਸਮਾਜ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀਆਂ ਦੁੱਖ-ਤਕਲੀਫਾਂ ਦੂਰ ਕਰਨ ਲਈ ਹੋਰ ਵੀ ਤਨਦੇਹੀ ਨਾਲ ਮਿਹਨਤ ਕਰਨ ਦਾ ਅਹਿਦ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੇ ਅਨੁਰੂਪ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਉਹ ਗਰੀਬ ਤੋਂ ਗਰੀਬ ਵਰਗ ਦੀ ਭਲਾਈ ਨੂੰ ਯਕੀਨੀ ਬਣਾਏ ਜਿਸ ਲਈ ਕਈ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਆਸ਼ੀਰਵਾਦ ਨਾਲ ਉਨ੍ਹਾਂ ਦੀ ਸਰਕਾਰ ਭਾਰੀ ਬਹੁਮਤ ਨਾਲ ਸੱਤਾ ਵਿਚ ਆਈ ਹੈ ਜੋ ਸੂਬੇ ਦੀ ਸੇਵਾ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਾਨਵਤਾ ਦੀ ਭਲਾਈ ਅਤੇ ਸਮਾਜ ਦੇ ਸਾਰੇ ਵਰਗਾਂ ਦੀ ਬਰਾਬਰੀ ਦਾ ਸੰਦੇਸ਼ ਦਿੱਤਾ ਤਾਂ ਕਿ ਸਮਾਨਤਾਵਾਦੀ ਕਦਰਾਂ-ਕੀਮਤਾਂ 'ਤੇ ਆਧਾਰਿਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਅਜਿਹੇ ਆਦਰਸ਼ ਸਮਾਜ ਦਾ ਸੰਕਲਪ ਦਿੱਤਾ, ਜਿੱਥੇ ਕਿਸੇ ਨੂੰ ਕਿਸੇ ਕਿਸਮ ਦਾ ਦੁੱਖ ਨਹੀਂ ਝੱਲਣਾ ਪੈਂਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਫਲਸਫੇ 'ਤੇ ਆਧਾਰਿਤ ਸਮਾਜ ਦੀ ਸਿਰਜਣਾ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਜੀਵਨ ਅਤੇ ਸਿੱਖਿਆਵਾਂ ਮਨੁੱਖਤਾ ਨੂੰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਵੱਲ ਸੇਧ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਨ ਅਧਿਆਤਮਕ ਮਾਰਗਦਰਸ਼ਕ ਅਤੇ ਸਮਾਜ ਦੇ ਗਰੀਬ ਤੇ ਬੇਸਹਾਰਾ ਵਰਗਾਂ ਦੇ ਮਸੀਹਾ ਸਨ, ਜਿਨ੍ਹਾਂ ਨੇ ਸਾਨੂੰ ਨੇਕ ਅਤੇ ਉੱਤਮ ਜੀਵਨ ਜਿਊਣ ਦਾ ਉਪਦੇਸ਼ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ‘ਪ੍ਰਕਾਸ਼ ਉਤਸਵ’ ਅਜਿਹੇ ਸਮਾਜ ਦੀ ਸਿਰਜਣਾ ਕਰਨ ਪ੍ਰਤੀ ਆਪਣੇ ਆਪ ਨੂੰ ਸਮਰਪਿਤ ਕਰਨ ਦਾ ਮੌਕਾ ਹੈ ਜਿੱਥੇ ਹਰ ਮਨੁੱਖ ਬਿਨਾਂ ਕਿਸੇ ਭੇਦਭਾਵ ਦੇ ਸਵੈ-ਮਾਣ ਨਾਲ ਜੀਵਨ ਬਤੀਤ ਕਰਦਾ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ‘ਭਾਰਤ ਰਤਨ’ ਬਾਬਾ ਸਾਹਿਬ ਬੀ.ਆਰ.ਅੰਬੇਦਕਰ ਦੀ ਵਿਚਾਰਧਾਰਾ ਅਨੁਸਾਰ ਸੂਬਾ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਦਾ ਸਸ਼ਕਤੀਕਰਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਥਾਪਤ ਕੀਤੇ ਗਏ ‘ਸਕੂਲ ਆਫ ਐਮੀਨੈਂਸ’ ਗਰੀਬ ਪਰ ਹੋਣਹਾਰ ਵਿਦਿਆਰਥੀਆਂ ਨੂੰ ਸੁਨਹਿਰੇ ਭਵਿੱਖ ਦੇ ਕਾਬਲ ਬਣਾ ਕੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨਗੇ। ਭਗਵੰਤ ਸਿੰਘ ਮਾਨ ਨੇ ਸੰਗਤ ਨੂੰ ਸੂਬੇ ਦੀ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਖਸ਼ਿਸ਼ ਸਦਕਾ ਸੂਬਾ ਸਰਕਾਰ ਵੱਲੋਂ ਛੇਤੀ ਹੀ ਅਗਾਂਹਵਧੂ ਪੰਜਾਬ ਸਿਰਜਿਆ ਜਾਵੇਗਾ।
