
ਸੀ ਸੀ ਟੀ ਵੀ ਕੈਮਰੇ ਲਗਾਉਣ ਦਾ ਕੰਮ ਸਮੇਂ ਸਿਰ ਮੁਕੰਮਲ ਕੀਤਾ ਜਾਵੇ: ਡੀ ਸੀ ਨੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਐਸ.ਏ.ਐਸ.ਨਗਰ, 24 ਅਕਤੂਬਰ, 2024: ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਇੰਜੀਨੀਅਰਿੰਗ ਵਿਭਾਗ ਨੂੰ ਸਿਟੀ ਸਰਵੀਲੈਂਸ ਅਤੇ ਟ੍ਰੈਫਿਕ ਮੈਨੇਜਮੈਂਟ ਸਿਸਟਮ ਪ੍ਰੋਜੈਕਟ ਤਹਿਤ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ।
ਐਸ.ਏ.ਐਸ.ਨਗਰ, 24 ਅਕਤੂਬਰ, 2024: ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਇੰਜੀਨੀਅਰਿੰਗ ਵਿਭਾਗ ਨੂੰ ਸਿਟੀ ਸਰਵੀਲੈਂਸ ਅਤੇ ਟ੍ਰੈਫਿਕ ਮੈਨੇਜਮੈਂਟ ਸਿਸਟਮ ਪ੍ਰੋਜੈਕਟ ਤਹਿਤ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ।
ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਕਿਹਾ ਕਿ ਇਹ ਵੱਕਾਰੀ ਪ੍ਰੋਜੈਕਟ ਨਾਗਰਿਕਾਂ ਦੀ ਸੁਰੱਖਿਆ ਦੇ ਨਾਲ-ਨਾਲ ਅਪਰਾਧਾਂ ਨੂੰ ਠੱਲ੍ਹ ਪਾਉਣ ਲਈ ਇੱਕ ਅਹਿਮ ਉਪਰਾਲਾ ਹੈ, ਜਿਸ ਨੂੰ ਤੈਅ ਸਮਾਂ-ਸੀਮਾ ਅੰਦਰ ਮੁਕੰਮਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਕੰਮ 80 ਫੀਸਦੀ ਮੁਕੰਮਲ ਹੋ ਚੁੱਕਾ ਹੈ। ਡਿਪਟੀ ਕਮਿਸ਼ਨਰ ਨੇ ਗਮਾਡਾ ਦੇ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਕੋਈ ਰੁਕਾਵਟ ਹੈ ਤਾਂ ਉਸ ਨੂੰ ਦੂਰ ਕੀਤਾ ਜਾਵੇ ਅਤੇ ਬਾਕੀ ਰਹਿੰਦੇ 20 ਫੀਸਦੀ ਕੰਮ ਨੂੰ ਵੀ ਪੂਰਾ ਕੀਤਾ ਜਾਵੇ। ਉਨ੍ਹਾਂ ਨੇ ਪ੍ਰੋਜੈਕਟ ਇੰਚਾਰਜ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਐਨ.ਆਈ.ਸੀ. ਰਾਹੀਂ ਪ੍ਰੋਜੈਕਟ ਨੂੰ ਵਾਹਨ ਐਪ ਨਾਲ ਜੋੜਨ ਤਾਂ ਜੋ ਉਲੰਘਣਾ ਕਰਨ ਵਾਲੇ ਨੂੰ ਆਪਣੇ-ਆਪ ਹੀ ਚਲਾਨ ਪ੍ਰਭਾਵਸ਼ਾਲੀ ਢੰਗ ਨਾਲ ਜਾਰੀ ਕੀਤੇ ਜਾ ਸਕਣ।
ਡਿਪਟੀ ਕਮਿਸ਼ਨਰ ਨੇ ਬਲੈਕ ਸਪਾਟਸ ਨੂੰ ਠੀਕ ਕਰਨ ਲਈ ਜਿੰਮੇਵਾਰ ਵੱਖ-ਵੱਖ ਏਜੰਸੀਆਂ ਜਿਵੇਂ ਕਿ ਐਨ.ਐਚ.ਏ.ਆਈ., ਗਮਾਡਾ, ਐਮ.ਸੀ. ਮੁਹਾਲੀ, ਪੀ.ਡਬਲਯੂ.ਡੀ ਅਤੇ ਐਮ.ਸੀ. ਜ਼ੀਰਕਪੁਰ ਨੂੰ ਹਦਾਇਤ ਕੀਤੀ ਕਿ ਉਹ ਰੋਜ਼ਾਨਾ ਆਉਣ ਵਾਲੇ ਯਾਤਰੀਆਂ ਲਈ ਸੁਰੱਖਿਅਤ ਰਾਹ ਨੂੰ ਯਕੀਨੀ ਬਣਾਉਣ ਲਈ ਬਾਕੀ ਰਹਿੰਦੇ ਕੰਮ ਨੂੰ 12 ਨਵੰਬਰ ਤੱਕ ਪੂਰਾ ਕਰਨ। ਉਨ੍ਹਾਂ ਨੇ ਐਨ.ਐਚ.ਏ.ਆਈ ਦੇ ਅਧਿਕਾਰੀਆਂ ਨੂੰ ਜ਼ੀਰਕਪੁਰ ਚੌਂਕ ਦੀਆਂ ਬੰਦ ਪਈਆਂ ਲਾਈਟਾਂ ਨੂੰ ਤੁਰੰਤ ਪ੍ਰਭਾਵ ਨਾਲ ਚਾਲੂ ਕਰਨ ਦੇ ਨਾਲ-ਨਾਲ ਦੈੜੀ (ਬਨੂੜ) ਟੀ ਪੁਆਇੰਟ ਵਿਖੇ ਨਵੀਆਂ ਲਾਈਟਾਂ ਲਗਾਉਣ ਲਈ ਵੀ ਕਿਹਾ ਤਾਂ ਜੋ ਲੋਕਾਂ ਦੀ ਸੁਰੱਖਿਅਤ ਅਤੇ ਨਿਰਵਿਘਨ ਆਵਾਜਾਈ ਨੂੰ ਬਰਕਰਾਰ ਰੱਖਿਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਮੁਹਾਲੀ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਾਰੀਆਂ ਬੰਦ ਕੀਤੀਆਂ ਲਾਲ ਬੱਤੀਆਂ ਖਾਸ ਕਰਕੇ ਫੋਰਟਿਸ ਹਸਪਤਾਲ 9/10 ਅਤੇ 10/11 ਦੀਆਂ ਲਾਈਟਾਂ ਨੂੰ ਚਾਲੂ ਕਰਨ। ਉਨ੍ਹਾਂ ਗਮਾਡਾ ਨੂੰ ਉਸਾਰੀ ਅਧੀਨ ਚੌਕ ਨੂੰ ਮੁਕੰਮਲ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਚੌਕ ਆਵਾਜਾਈ ਦੇ ਸੁਚਾਰੂ ਪ੍ਰਵਾਹ ਵਿੱਚ ਅਹਿਮ ਭੂਮਿਕਾ ਨਿਭਾਏਗਾ, ਇਸ ਲਈ ਇਨ੍ਹਾਂ ਨੂੰ ਜਲਦੀ ਮੁਕੰਮਲ ਕੀਤਾ ਜਾਵੇ।
ਉਨ੍ਹਾਂ ਨੇ ਕਮੇਟੀ ਦੇ ਨਿੱਜੀ ਮੈਂਬਰ ਹਰਪ੍ਰੀਤ ਸਿੰਘ ਵੱਲੋਂ ਵਿਦਿਆਰਥੀਆਂ ਦੀ ਸੁਰੱਖਿਆ ਲਈ ਢੁਕਵੇਂ ਕਦਮ ਚੁੱਕਣ ਲਈ ਸੜਕਾਂ ਦੇ ਸਾਹਮਣੇ ਵਾਲੇ ਪ੍ਰਵੇਸ਼ ਦੁਆਰ ਵਾਲੇ ਸਕੂਲਾਂ ਦਾ ਆਡਿਟ ਕਰਵਾਉਣ ਦੀ ਬੇਨਤੀ ਨੂੰ ਪ੍ਰਵਾਨ ਕਰ ਲਿਆ।
ਮੀਟਿੰਗ ਵਿੱਚ ਏ ਡੀ ਸੀ (ਜ) ਵਿਰਾਜ ਐਸ ਟਿਡਕੇ, ਕਮਿਸ਼ਨਰ ਐਮ ਸੀ ਮੁਹਾਲੀ ਟੀ ਬੈਨੀਥ, ਐਸ ਡੀ ਐਮ ਮੁਹਾਲੀ ਦਮਨਦੀਪ ਕੌਰ, ਐਸ ਡੀ ਐਮ ਡੇਰਾਬੱਸੀ ਅਮਿਤ ਗੁਪਤਾ, ਖੇਤਰੀ ਟਰਾਂਸਪੋਰਟ ਅਫਸਰ ਪ੍ਰਦੀਪ ਸਿੰਘ ਢਿੱਲੋਂ, ਚੀਫ ਇੰਜਨੀਅਰ ਐਮ ਸੀ ਨਰੇਸ਼ ਬੱਤਾ, ਜੁਆਇੰਟ ਡਾਇਰੈਕਟਰ ਲੀਡ ਏਜੰਸੀ ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਦੇਸ ਰਾਜ ਅਤੇ ਹੋਰ ਸਬੰਧਤ ਵਿਭਾਗਾਂ ਨੇ ਸ਼ਮੂਲੀਅਤ ਕੀਤੀ।
